Arvind Kejriwal Resigns: ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਐਤਵਾਰ ਨੂੰ ਐਲਾਨ ਕੀਤਾ ਸੀ ਕਿ ਉਹ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦੇਣਗੇ ਅਤੇ ਜਨਤਾ ਦੇ ਵਿਚਕਾਰ ਜਾਣਗੇ। ਉਨ੍ਹਾਂ ਇਹ ਵੀ ਕਿਹਾ ਕਿ ਉਹ ਉਦੋਂ ਤੱਕ ਮੁੱਖ ਮੰਤਰੀ ਦੀ ਕੁਰਸੀ 'ਤੇ ਨਹੀਂ ਬੈਠਣਗੇ ਜਦੋਂ ਤੱਕ ਜਨਤਾ ਉਨ੍ਹਾਂ ਨੂੰ ਇਮਾਨਦਾਰੀ ਦਾ ਪ੍ਰਮਾਣ ਪੱਤਰ ਨਹੀਂ ਦਿੰਦੀ।


ਗੋਪਾਲ ਰਾਏ ਨੇ LG ਨਾਲ ਮੁਲਾਕਾਤ ਤੋਂ ਬਾਅਦ ਦੱਸਿਆ ਕਿ ਅਰਵਿੰਦ ਕੇਜਰੀਵਾਲ ਨੇ ਆਪਣਾ ਅਸਤੀਫਾ ਉਪ ਰਾਜਪਾਲ ਨੂੰ ਸੌਂਪ ਦਿੱਤਾ ਹੈ। ਆਤਿਸ਼ੀ ਨੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ ਹੈ। LG ਨੂੰ ਸਹੁੰ ਚੁੱਕਣ ਦੀ ਤਰੀਕ ਤੈਅ ਕਰਨ ਲਈ ਕਿਹਾ ਗਿਆ ਹੈ। ਤਾਂ ਜੋ ਦਿੱਲੀ ਦਾ ਕੰਮ ਹੋ ਸਕੇ।


ਇਸ ਤੋਂ ਪਹਿਲਾਂ ਐਤਵਾਰ ਨੂੰ ਤਿਹਾੜ ਜੇਲ ਤੋਂ ਜ਼ਮਾਨਤ 'ਤੇ ਰਿਹਾਅ ਹੋਣ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੇ ਆਪਣਾ ਅਚਾਨਕ ਫੈਸਲਾ ਸੁਣਾਉਂਦੇ ਹੋਏ ਕਿਹਾ ਸੀ ਕਿ ਉਹ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦੇਣਗੇ ਤੇ ਇਸ ਅਹੁਦੇ 'ਤੇ ਤਾਂ ਹੀ ਵਾਪਸ ਆਉਣਗੇ ਜੇ ਜਨਤਾ ਆਉਣ ਵਾਲੇ ਸਮੇਂ 'ਚ ਉਨ੍ਹਾਂ ਨੂੰ 'ਇਮਾਨਦਾਰੀ ਦਾ ਸਰਟੀਫਿਕੇਟ' ਦੇਵੇਗੀ। ਉਨ੍ਹਾਂ ਦਿੱਲੀ ਵਿੱਚ ਜਲਦੀ ਚੋਣਾਂ ਕਰਵਾਉਣ ਦੀ ਮੰਗ ਵੀ ਕੀਤੀ। ਦਿੱਲੀ ਵਿਧਾਨ ਸਭਾ ਦਾ ਕਾਰਜਕਾਲ ਅਗਲੇ ਸਾਲ 23 ਫਰਵਰੀ ਨੂੰ ਖਤਮ ਹੋ ਰਿਹਾ ਹੈ ਅਤੇ ਫਰਵਰੀ ਦੇ ਸ਼ੁਰੂ ਵਿੱਚ ਚੋਣਾਂ ਹੋਣ ਦੀ ਸੰਭਾਵਨਾ ਹੈ।


ਅਰਵਿੰਦ ਕੇਜਰੀਵਾਲ ਦੇ ਅਸਤੀਫੇ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਆਤਿਸ਼ੀ ਦਿੱਲੀ ਦੇ ਮੁੱਖ ਮੰਤਰੀ ਹੋਣਗੇ। ਮੰਗਲਵਾਰ ਨੂੰ ਆਮ ਆਦਮੀ ਪਾਰਟੀ ਦੀ ਵਿਧਾਇਕ ਦਲ ਦੀ ਬੈਠਕ 'ਚ ਆਤਿਸ਼ੀ ਦੇ ਨਾਂਅ ਨੂੰ ਸਰਬਸੰਮਤੀ ਨਾਲ ਮਨਜ਼ੂਰੀ ਦਿੱਤੀ ਗਈ। ਆਤਿਸ਼ੀ ਕਾਂਗਰਸ ਦੀ ਸ਼ੀਲਾ ਦੀਕਸ਼ਿਤ ਅਤੇ ਭਾਰਤੀ ਜਨਤਾ ਪਾਰਟੀ ਦੀ ਸੁਸ਼ਮਾ ਸਵਰਾਜ ਤੋਂ ਬਾਅਦ ਦਿੱਲੀ ਦੀ ਤੀਜੀ ਮਹਿਲਾ ਮੁੱਖ ਮੰਤਰੀ ਹੋਵੇਗੀ।


ਅਰਵਿੰਦ ਕੇਜਰੀਵਾਲ ਦੇ ਜੇਲ੍ਹ ਵਿੱਚ ਰਹਿਣ ਦੌਰਾਨ, ਆਤਿਸ਼ੀ ਨੇ ਦਿੱਲੀ ਸਰਕਾਰ ਵਿੱਚ ਵਿੱਤ, ਸਿੱਖਿਆ ਅਤੇ ਮਾਲੀਆ ਸਮੇਤ 14 ਵਿਭਾਗਾਂ ਦਾ ਚਾਰਜ ਸੰਭਾਲਿਆ ਸੀ। ਸਿੱਖਿਆ ਦੇ ਖੇਤਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਕਈ ਪ੍ਰਾਪਤੀਆਂ ਦਾ ਸਿਹਰਾ ਆਤਿਸ਼ੀ ਨੂੰ ਜਾਂਦਾ ਹੈ। ਉਸ ਨੂੰ ਪਿਛਲੇ ਸਾਲ ਮਾਰਚ ਵਿੱਚ ਦਿੱਲੀ ਮੰਤਰੀ ਮੰਡਲ ਵਿੱਚ ਸ਼ਾਮਲ ਕੀਤਾ ਗਿਆ ਸੀ ਤੇ 21 ਮਾਰਚ ਨੂੰ ਆਬਕਾਰੀ ਨੀਤੀ ਮਾਮਲੇ ਵਿੱਚ ‘ਆਪ’ ਕਨਵੀਨਰ ਕੇਜਰੀਵਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ ਉਹ ਸਰਕਾਰ ਅਤੇ ਪਾਰਟੀ ਦੋਵਾਂ ਵਿੱਚ ਅਹਿਮ ਭੂਮਿਕਾ ਨਿਭਾ ਰਹੀ ਹੈ।