Arvind Kejriwal On Atishi: ਦਿੱਲੀ ਸਰਕਾਰ ਦੀ ਮੰਤਰੀ ਆਤਿਸ਼ੀ ਨੂੰ ਮਾਣਹਾਨੀ ਮਾਮਲੇ 'ਚ ਅਦਾਲਤ ਦਾ ਸੰਮਨ ਮਿਲਣ ਤੋਂ ਬਾਅਦ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਭਾਜਪਾ 'ਤੇ ਨਿਸ਼ਾਨਾ ਸਾਧਦੇ ਹੋਏ ਉਨ੍ਹਾਂ ਕਿਹਾ ਕਿ ਮੈਂ ਪਹਿਲਾਂ ਹੀ ਕਿਹਾ ਸੀ ਕਿ ਉਹ ਆਤਿਸ਼ੀ ਨੂੰ ਗ੍ਰਿਫਤਾਰ ਕਰਨਗੇ।
ਦਿੱਲੀ ਭਾਜਪਾ ਦੇ ਮੀਡੀਆ ਮੁਖੀ ਪ੍ਰਵੀਨ ਸ਼ੰਕਰ ਕਪੂਰ ਨੇ ਕੇਜਰੀਵਾਲ ਅਤੇ ਸਿੱਖਿਆ ਮੰਤਰੀ ਆਤਿਸ਼ੀ ਖਿਲਾਫ ਅਦਾਲਤ 'ਚ ਅਪਰਾਧਿਕ ਮਾਣਹਾਨੀ ਦੀ ਸ਼ਿਕਾਇਤ ਦਰਜ ਕਰਵਾਈ ਸੀ। ਰੌਜ਼ ਐਵੇਨਿਊ ਕੋਰਟ ਨੇ ਆਤਿਸ਼ੀ ਦੇ ਉਨ੍ਹਾਂ ਦੋਸ਼ਾਂ ਦਾ ਨੋਟਿਸ ਲਿਆ, ਜਿਸ 'ਚ ਉਨ੍ਹਾਂ ਨੇ ਕਿਹਾ ਸੀ ਕਿ ਭਾਜਪਾ ਨੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਰਿਸ਼ਵਤ ਦੇਣ ਦੀ ਕੋਸ਼ਿਸ਼ ਕੀਤੀ ਸੀ। ਅਦਾਲਤ ਨੇ ਉਨ੍ਹਾਂ ਨੂੰ 26 ਜੂਨ ਨੂੰ ਪੇਸ਼ ਹੋਣ ਲਈ ਕਿਹਾ ਹੈ।
ਭਾਜਪਾ ਆਗੂ ਨੇ ਕੀਤਾ ਦਾਅਵਾ
ਭਾਜਪਾ ਆਗੂ ਨੇ ਦਾਅਵਾ ਕੀਤਾ ਕਿ ਦੋਸ਼ਾਂ ਸਬੰਧੀ ਕੋਈ ਸਬੂਤ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਇਨ੍ਹਾਂ ਦੋਸ਼ਾਂ ਰਾਹੀਂ ਆਮ ਆਦਮੀ ਪਾਰਟੀ ਨੇ ਦਿੱਲੀ ਆਬਕਾਰੀ ਨੀਤੀ ਦੇ ਮੁੱਦੇ ਤੋਂ ਧਿਆਨ ਹਟਾਉਣ ਦੀ ਕੋਸ਼ਿਸ਼ ਕੀਤੀ ਹੈ।
ਅਰਵਿੰਦ ਕੇਜਰੀਵਾਲ ਨੂੰ ਰਾਹਤ
ਹਾਲਾਂਕਿ, ਰੌਜ਼ ਐਵੇਨਿਊ ਕੋਰਟ ਦੀ ਵਧੀਕ ਮੁੱਖ ਮੈਟਰੋਪੋਲੀਟਨ ਮੈਜਿਸਟ੍ਰੇਟ (ਏਸੀਐਮਐਮ), ਤਾਨਿਆ ਬਮਨੀਆਲ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੰਮਨ ਜਾਰੀ ਕਰਨ ਲਈ ਉਨ੍ਹਾਂ ਦੇ ਖਿਲਾਫ ਪਹਿਲੀ ਨਜ਼ਰੇ ਕੋਈ ਕੇਸ ਨਹੀਂ ਬਣਦਾ ਹੈ।
ਇਹ ਵੀ ਪੜ੍ਹੋ: Punjab News: ਵਿਰਸਾ ਸਿੰਘ ਵਲਟੋਹਾ ਨੇ 'ਆਪ' ਸਰਕਾਰ 'ਤੇ ਸਾਧਿਆ ਨਿਸ਼ਾਨਾ, ਬੋਲੇ- 'ਦੋ ਸਾਲਾਂ 'ਚ ਕੁਝ ਨਹੀਂ ਕੀਤਾ'
ਅਰਵਿੰਦ ਕੇਜਰੀਵਾਲ ਨੇ ਕੀ ਕਿਹਾ?
ਅਰਵਿੰਦ ਕੇਜਰੀਵਾਲ ਨੇ ਐਕਸ 'ਤੇ ਲਿਖਿਆ, ''ਮੈਂ ਪਹਿਲਾਂ ਕਿਹਾ ਸੀ ਕਿ ਉਹ ਅਗਲੀ ਵਾਰ ਆਤਿਸ਼ੀ ਨੂੰ ਗ੍ਰਿਫਤਾਰ ਕਰਨਗੇ। ਉਹ ਹੁਣ ਅਜਿਹਾ ਕਰਨ ਦੀ ਯੋਜਨਾ ਬਣਾ ਰਹੇ ਹਨ। ਪੂਰੀ ਤਾਨਾਸ਼ਾਹੀ। ਉਹ ਇਕ-ਇਕ ਕਰਕੇ ਸਾਰੇ 'ਆਪ' ਨੇਤਾਵਾਂ ਨੂੰ ਪੂਰੀ ਤਰ੍ਹਾਂ ਕਮਜ਼ੋਰ, ਕੋਝੇ ਅਤੇ ਝੂਠੇ ਕੇਸਾਂ ਵਿਚ ਗ੍ਰਿਫਤਾਰ ਕਰ ਰਹੇ ਹਨ।
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜੇਕਰ ਮੋਦੀ ਜੀ ਮੁੜ ਸੱਤਾ 'ਚ ਆਏ ਤਾਂ ਵਿਰੋਧੀ ਧਿਰ ਦੇ ਹਰ ਨੇਤਾ ਨੂੰ ਗ੍ਰਿਫਤਾਰ ਕੀਤਾ ਜਾਵੇਗਾ। 'ਆਪ' ਮਹੱਤਵਪੂਰਨ ਨਹੀਂ ਹੈ, ਆਪਣੇ ਪਿਆਰੇ ਦੇਸ਼ ਨੂੰ ਤਾਨਾਸ਼ਾਹੀ ਤੋਂ ਬਚਾਉਣਾ ਜ਼ਰੂਰੀ ਹੈ।