ਨਵੀਂ ਦਿੱਲੀ: ਆਮ ਆਦਮੀ ਪਾਰਟੀ (ਆਪ) ਦੀ ਵਿਧਾਇਕਾ ਅਲਕਾ ਲਾਂਬਾ ਜਲਦ ਹੀ ਪਾਰਟੀ ਛੱਡ ਸਕਦੇ ਹਨ। ਉਨ੍ਹਾਂ ਦਾਅਵਾ ਕੀਤਾ ਹੈ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਉਨ੍ਹਾਂ ਨੂੰ ਟਵਿੱਟਰ ਤੋਂ ਅਨਫੌਲੋ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਮੌਜੂਦਾ ਹਾਲਾਤ ਵਿੱਚ ਪਾਰਟੀ ’ਚ ਕੰਮ ਕਰਨ ਵਿੱਚ ਦਿੱਕਤ ਆ ਰਹੀ ਹੈ।

ਚਾਂਦਨੀ ਚੌਕ ਤੋਂ ਵਿਧਾਇਕਾ ਨੇ ਕਿਹਾ ਕਿ ਉਨ੍ਹਾਂ ਨੂੰ ਲੱਗਦਾ ਹੈ ਕਿ ਪਾਰਟੀ ਹੁਣ ਉਨ੍ਹਾਂ ਦੀ ਸੇਵਾ ਨਹੀਂ ਚਾਹੁੰਦੀ। ਉਨ੍ਹਾਂ ਕਿਹਾ ਕਿ ਜਦ ਤਕ ਉਹ ਵਿਧਾਇਕ ਹਨ, ਉਹ ਆਪਣੇ ਖੇਤਰ ਦੇ ਲੋਕਾਂ ਲਈ ਕੰਮ ਕਰਨਾ ਜਾਰੀ ਰੱਖਣਗੇ। ਉਨ੍ਹਾਂ ਪਾਰਟੀ ਹਾਈਕਮਾਨ ਨੂੰ ਆਪਣਾ ਰੁਖ਼ ਸਪਸ਼ਟ ਕਰਨ ਲਈ ਸੁਨੇਹਾ ਭੇਜਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਨੂੰ ਪਾਰਟੀ ਦੇ ਸਾਰੇ ਅਧਿਕਾਰਤ ਵ੍ਹੱਟਸਐਪ ਗਰੁੱਪ ਤੋਂ ਵੀ ਬਾਹਰ ਕਰ ਦਿੱਤਾ ਗਿਆ ਹੈ।

ਇਸ ਤੋਂ ਪਹਿਲਾਂ ਪਿਛਲੇ ਸਾਲ ਦਸੰਬਰ ਵਿੱਚ ਲਾਂਬਾ ਨੇ ਦਾਅਵਾ ਕੀਤਾ ਸੀ ਕਿ ‘ਆਪ’ ਨੇ ਉਨ੍ਹਾਂ ਤੋਂ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਤੋਂ ਭਾਰਤ ਰਤਨ ਵਾਪਸ ਲੈਣ ਦੇ ਕਥਿਤ ਵਿਰੋਧ ਕਰਨ ਸਬੰਧੀ ਅਸਤੀਫ਼ਾ ਮੰਗਿਆ ਸੀ। ਹਾਲਾਂਕਿ ‘ਆਪ’ ਨੇ ਉਨ੍ਹਾਂ ਦੇ ਇਸ ਦਾਅਵੇ ਨੂੰ ਖਾਰਜ ਕਰ ਦਿੱਤਾ ਸੀ।