Lakhimpur Khiri Violence: ਅਸ਼ੀਸ਼ ਮਿਸ਼ਰਾ ਦੀ ਅੰਤਰਿਮ ਜ਼ਮਾਨਤ 11 ਜੁਲਾਈ ਤੱਕ ਵਧਾਈ
ਸੁਪਰੀਮ ਕੋਰਟ ਨੇ ਲਖੀਮਪੁਰ ਖੀਰੀ ਹਿੰਸਾ ਮਾਮਲੇ ਵਿੱਚ ਮੁਲਜ਼ਮ ਅਸ਼ੀਸ਼ ਮਿਸ਼ਰਾ ਦੀ ਅੰਤਰਿਮ ਜ਼ਮਾਨਤ ਅੱਜ 11 ਜੁਲਾਈ ਤੱਕ ਵਧਾ ਦਿੱਤੀ ਹੈ। ਪੀੜਤ ਪਰਿਵਾਰ ਵੱਲੋਂ ਪੇਸ਼ ਹੋਏ ਐਡਵੋਕੇਟ ਪ੍ਰਸ਼ਾਂਤ ਭੂਸ਼ਨ ਨੇ ਸਿਖਰਲੀ ਅਦਾਲਤ ਨੂੰ ਅਪੀਲ ਕੀਤੀ ਕਿ ਇਸ ਮਾਮਲੇ ਦੀ ਰੋਜ਼ਾਨਾ ਸੁਣਵਾਈ ਲਈ ਹੇਠਲੀ ਅਦਾਲਤ ਨੂੰ ਨਿਰਦੇਸ਼ ਦਿੱਤਾ ਜਾਵੇ
Lakhimpur Khiri Violence: ਸੁਪਰੀਮ ਕੋਰਟ ਨੇ ਲਖੀਮਪੁਰ ਖੀਰੀ ਹਿੰਸਾ ਮਾਮਲੇ ਵਿੱਚ ਮੁਲਜ਼ਮ ਅਸ਼ੀਸ਼ ਮਿਸ਼ਰਾ ਦੀ ਅੰਤਰਿਮ ਜ਼ਮਾਨਤ ਅੱਜ 11 ਜੁਲਾਈ ਤੱਕ ਵਧਾ ਦਿੱਤੀ ਹੈ। ਜਸਟਿਸ ਸੂਰਿਆ ਕਾਂਤ ਤੇ ਜੇਕੇ ਮਹੇਸ਼ਵਰੀ ਦੇ ਬੈਂਚ ਨੇ ਮਾਮਲੇ ਦੀ ਸੁਣਵਾਈ ਮੁਲਤਵੀ ਕਰਦਿਆਂ ਕਿਹਾ ਕਿ ਇਸ ਸਬੰਧੀ ਅੰਤਰਿਮ ਆਦੇਸ਼ 11 ਜੁਲਾਈ ਤੱਕ ਜਾਰੀ ਰਹੇਗਾ।
ਉਧਰ, ਪੀੜਤ ਪਰਿਵਾਰ ਵੱਲੋਂ ਪੇਸ਼ ਹੋਏ ਐਡਵੋਕੇਟ ਪ੍ਰਸ਼ਾਂਤ ਭੂਸ਼ਨ ਨੇ ਸਿਖਰਲੀ ਅਦਾਲਤ ਨੂੰ ਅਪੀਲ ਕੀਤੀ ਕਿ ਇਸ ਮਾਮਲੇ ਦੀ ਰੋਜ਼ਾਨਾ ਸੁਣਵਾਈ ਲਈ ਹੇਠਲੀ ਅਦਾਲਤ ਨੂੰ ਨਿਰਦੇਸ਼ ਦਿੱਤਾ ਜਾਵੇ। ਹਾਲਾਂਕਿ ਅਦਾਲਤ ਨੇ ਕਿਹਾ ਕਿ ਇਹ ਸੰਭਵ ਨਹੀਂ ਹੋ ਸਕਦਾ ਕਿਉਂਕਿ ਹੇਠਲੀ ਅਦਾਲਤ ਅਜਿਹੇ ਹੋਰ ਮਾਮਲਿਆਂ ਨੂੰ ਦੇਖ ਰਹੀ ਹੈ।
ਭੂਸ਼ਨ ਨੇ ਜ਼ੋਰ ਦੇ ਕੇ ਕਿਹਾ ਕਿ ਅਜਿਹੇ ਕੇਸ 20 ਸਾਲ ਤੱਕ ਚੱਲਦੇ ਰਹਿੰਦੇ ਹਨ ਤੇ ਉਦੋਂ ਤੱਕ ਕੇਸ ਨਾਲ ਸਬੰਧਤ ਕਈ ਗਵਾਹਾਂ ਦੀ ਮੌਤ ਹੋ ਜਾਂਦੀ ਹੈ। ਬੈਂਚ ਨੇ ਕਿਹਾ ਕਿ ਇਹੀ ਕਾਰਨ ਹੈ ਕਿ ਉਨ੍ਹਾਂ ਨੇ ਮਾਮਲੇ ਨੂੰ ਪੈਂਡਿੰਗ ਰੱਖਿਆ ਹੈ। ਅਦਾਲਤ ਨੇ 25 ਜਨਵਰੀ ਨੂੰ ਅਸ਼ੀਸ਼ ਮਿਸ਼ਰਾ ਨੂੰ ਸ਼ਰਤਾਂ ਤਹਿਤ ਅੰਤਰਿਮ ਜ਼ਮਾਨਤ ਦਿੱਤੀ ਸੀ।
ਦੱਸ ਦਈਏ ਕਿ ਕਿਸਾਨ ਅੰਦੋਲਨ ਦੌਰਾਨ ਅਸ਼ੀਸ਼ ਮਿਸ਼ਰਾ ਦੇ ਕਾਫਲਾ ਦੀਆਂ ਗੱਡੀਆਂ ਕਿਸਾਨਾਂ ਉੱਪਰ ਚੜ੍ਹਾ ਦਿੱਤੀਆਂ ਗਈਆਂ ਸੀ। ਇਸ ਮਗਰੋਂ ਇਹ ਮਾਮਲਾ ਕਾਫੀ ਗਰਮਾ ਗਿਆ ਸੀ। ਕਿਸਾਨਾਂ ਦੇ ਵਿਰੋਧੀ ਧਿਰਾਂ ਦੇ ਦਬਾਅ ਹੇਠ ਅਸ਼ੀਸ਼ ਮਿਸ਼ਰਾ ਗ੍ਰਿਫਤਾਰ ਕੀਤਾ ਗਿਆ ਸੀ। ਅਸ਼ੀਸ਼ ਮਿਸ਼ਰਾ ਬੀਜੇਪੀ ਦੇ ਕੇਂਦਰੀ ਮੰਤਰੀ ਦਾ ਬੇਟਾ ਹੈ।
ਕੀ ਹੈ ਪੂਰਾ ਮਾਮਲਾ ?
3 ਅਕਤੂਬਰ, 2021 ਨੂੰ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਅੰਦੋਲਨਕਾਰੀ ਕਿਸਾਨਾਂ ਉੱਤੇ ਵਾਹਨ ਚੜ੍ਹਾਉਣ ਦੀ ਘਟਨਾ ਵਾਪਰੀ ਸੀ। ਇਸ ਘਟਨਾ ਵਿੱਚ ਅਤੇ ਉਸ ਤੋਂ ਬਾਅਦ ਭੜਕੇ ਕਿਸਾਨਾਂ ਵੱਲੋਂ ਦੋਸ਼ੀਆਂ ਦੀ ਕੀਤੀ ਕੁੱਟਮਾਰ ਵਿੱਚ ਕੁੱਲ 8 ਲੋਕਾਂ ਦੀ ਜਾਨ ਚਲੀ ਗਈ। ਮਾਮਲੇ ਦਾ ਮੁੱਖ ਮੁਲਜ਼ਮ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੈਨੀ ਦਾ ਪੁੱਤਰ ਆਸ਼ੀਸ਼ ਮਿਸ਼ਰਾ ਉਰਫ਼ ਮੋਨੂੰ ਹੈ।
10 ਫਰਵਰੀ 2022 ਨੂੰ ਇਲਾਹਾਬਾਦ ਹਾਈ ਕੋਰਟ ਨੇ ਆਸ਼ੀਸ਼ ਨੂੰ ਜ਼ਮਾਨਤ 'ਤੇ ਰਿਹਾਅ ਕਰਨ ਦਾ ਹੁਕਮ ਦਿੱਤਾ ਸੀ। 18 ਅਪ੍ਰੈਲ 2022 ਨੂੰ ਸੁਪਰੀਮ ਕੋਰਟ ਨੇ ਉਸ ਹੁਕਮ ਨੂੰ ਰੱਦ ਕਰ ਦਿੱਤਾ। ਉਦੋਂ ਤੋਂ ਉਹ ਜੇਲ੍ਹ ਵਿੱਚ ਸੀ। ਆਖਰਕਾਰ ਇਸ ਸਾਲ 25 ਜਨਵਰੀ ਨੂੰ ਸੁਪਰੀਮ ਕੋਰਟ ਨੇ ਸ਼ਰਤਾਂ ਸਮੇਤ ਉਸ ਦੀ ਰਿਹਾਈ ਦਾ ਹੁਕਮ ਦਿੱਤਾ।