Farmers Protest: ਕਿਸਾਨਾਂ ਤੇ ਪੁਲਿਸ ਵਿਚਾਲੇ ਮੁੜ ਹੋ ਸਕਦਾ ਟਕਰਾਅ; ਅੰਬਾਲਾ 'ਚ ਕਲਸ਼ ਯਾਤਰਾ ਤੋਂ ਪਹਿਲਾਂ ਹਰਿਆਣਾ ਪੁਲਿਸ ਨੇ ਕਿਸਾਨਾਂ ਨੂੰ ਭੇਜਿਆ ਨੋਟਿਸ
Farmers Protest: ਕਿਸਾਨ ਅੰਦੋਲਨ 2.0 ਦੌਰਾਨ 21 ਫਰਵਰੀ ਨੂੰ ਖਨੋਰੀ ਸਰਹੱਦ 'ਤੇ ਗੋਲੀ ਲੱਗਣ ਨਾਲ ਨੌਜਵਾਨ ਕਿਸਾਨ ਸ਼ੁਭਕਰਨ ਦੀ ਮੌਤ ਹੋ ਗਈ ਸੀ। ਜਿਸ ਤੋਂ ਬਾਅਦ ਸੰਯੁਕਤ ਕਿਸਾਨ ਮੋਰਚਾ ਤੇ ਭਾਰਤੀ ਕਿਸਾਨ ਮਜ਼ਦੂਰ ਸੰਘਰਸ਼ ਮੋਰਚਾ...
Farmers Protest: ਕਿਸਾਨ ਅੰਦੋਲਨ 2.0 ਦੌਰਾਨ 21 ਫਰਵਰੀ ਨੂੰ ਖਨੋਰੀ ਸਰਹੱਦ 'ਤੇ ਗੋਲੀ ਲੱਗਣ ਨਾਲ ਨੌਜਵਾਨ ਕਿਸਾਨ ਸ਼ੁਭਕਰਨ ਦੀ ਮੌਤ ਹੋ ਗਈ ਸੀ। ਜਿਸ ਤੋਂ ਬਾਅਦ ਸੰਯੁਕਤ ਕਿਸਾਨ ਮੋਰਚਾ ਤੇ ਭਾਰਤੀ ਕਿਸਾਨ ਮਜ਼ਦੂਰ ਸੰਘਰਸ਼ ਮੋਰਚਾ 16 ਮਾਰਚ ਤੋਂ ਦੇਸ਼ ਦੇ ਵੱਖ-ਵੱਖ ਸੂਬਿਆਂ ਵਿੱਚ ਅਸਥੀ ਕਲਸ਼ ਯਾਤਰਾ ਕੱਢ ਰਹੀ ਹੈ। ਅੱਜ ਕਿਸਾਨਾਂ ਵਲੋਂ ਹਰਿਆਣਾ ਦੇ ਅੰਬਾਲਾ ਜ਼ਿਲ੍ਹੇ ਵਿੱਚ ਸ਼ੁਭਕਰਨ ਦੀ ਅਸਥੀ ਕਲਸ਼ ਯਾਤਰਾ ਕੱਢੀ ਜਾਵੇਗੀ। ਉੱਥੇ ਹੀ ਦੂਜੇ ਪਾਸੇ ਅੰਬਾਲਾ ਪੁਲਿਸ ਨੇ ਕਿਸਾਨਾਂ ਨੂੰ ਜਾਂਚ 'ਚ ਸ਼ਾਮਲ ਹੋਣ ਦਾ ਨੋਟਿਸ ਦੇ ਕੇ ਅੱਜ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਹਨ ਪਰ ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਕਿਸਾਨਾਂ 'ਤੇ ਦਬਾਅ ਬਣਾ ਰਹੀ ਹੈ ਪਰ ਅਸੀਂ ਨਾ ਤਾਂ ਝੁਕਾਂਗੇ ਅਤੇ ਨਾਂ ਹੀ ਦਬਾਂਗੇ।
ਭਾਰਤੀ ਕਿਸਾਨ ਯੂਨੀਅਨ ਸ਼ਹੀਦ ਭਗਤ ਸਿੰਘ ਦੇ ਪ੍ਰਧਾਨ ਅਮਰਜੀਤ ਸਿੰਘ ਮੋਹਾੜੀ ਨੇ ਕਿਹਾ ਕਿ ਸਰਕਾਰ ਨੂੰ ਟਕਰਾਅ ਦੀ ਸਥਿਤੀ ਪੈਦਾ ਨਹੀਂ ਕਰਨੀ ਚਾਹੀਦੀ। ਦੱਸ ਦਈਏ ਕਿ ਬੀਤੇ ਵੀਰਵਾਰ ਨੂੰ ਵੀ ਪਿੰਡ ਰਛੇੜੀ ਵਿੱਚ ਪੁਲਿਸ ਅਤੇ ਕਿਸਾਨਾਂ ਵਿਚਾਲੇ ਹੱਥੋਪਾਈ ਹੋਈ ਸੀ। ਕਿਸਾਨਾਂ ਦਾ ਦੋਸ਼ ਹੈ ਕਿ ਪੁਲਿਸ ਉਹਨਾਂ ਨੂੰ ਗ੍ਰਿਫ਼ਤਾਰ ਕਰਨ ਲਈ ਪੁੱਜੀ ਸੀ। ਇਹ ਵੀ ਜ਼ਿਕਰਯੋਗ ਹੈ ਕਿ 31 ਮਾਰਚ ਨੂੰ ਅੰਬਾਲਾ ਛਾਉਣੀ ਦੀ ਮੋਹੜਾ ਅਨਾਜ ਮੰਡੀ ਵਿੱਚ ਸ਼ੁਭਕਰਨ ਸਿੰਘ ਦੀ ਸ਼ਰਧਾਂਜਲੀ ਸਭਾ ਹੋਣੀ ਹੈ, ਜਿਸ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ ਸ਼ਿਰਕਤ ਕਰਨਗੇ।
ਹਰਿਆਣਾ ਪੁਲਿਸ (ਅੰਬਾਲਾ) ਨੇ ਕਿਸਾਨਾਂ ਨੂੰ ਮੁੜ ਨੋਟਿਸ ਜਾਰੀ ਕੀਤਾ ਹੈ। ਕਿਸਾਨ ਆਗੂ ਅਮਰਜੀਤ ਸਿੰਘ ਮੋਹੜੀ, ਤੇਜਬੀਰ ਸਿੰਘ ਤੇ ਮਨਜੀਤ ਸਿੰਘ ਸਣੇ ਹੋਰ ਕਿਸਾਨਾਂ ਨੂੰ ਨੋਟਿਸ ਜਾਰੀ ਕਰਦਿਆਂ ਪੁਲਿਸ ਨੇ ਉਨ੍ਹਾਂ ਨੂੰ ਕਿਸਾਨ ਅੰਦੋਲਨ ਦੇ ਦਰਜ ਕੀਤੇ ਕੇਸ ਵਿੱਚ ਪੁੱਛਗਿੱਛ ਲਈ ਸ਼ਾਮਲ ਹੋਣ ਦੀ ਹਦਾਇਤ ਦਿੱਤੀ ਹੈ। ਨੋਟਿਸ 'ਚ ਲਿਖਿਆ ਗਿਆ ਹੈ ਕਿ ਪਹਿਲਾਂ ਵੀ ਤੁਹਾਨੂੰ ਪੁੱਛਗਿੱਛ ਲਈ ਨੋਟਿਸ ਦਿੱਤਾ ਗਿਆ ਸੀ ਪਰ ਤੁਸੀਂ ਦਿੱਤੇ ਸਮੇਂ 'ਤੇ ਹਾਜ਼ਰ ਨਹੀਂ ਹੋਏ। ਸੀਆਈਏ-2 ਵੱਲੋਂ ਜਾਰੀ ਨੋਟਿਸ ਵਿੱਚ ਕਿਸਾਨਾਂ ਨੂੰ 29 ਮਾਰਚ ਨੂੰ ਸਵੇਰੇ 10 ਵਜੇ ਜਾਂਚ ਵਿੱਚ ਸ਼ਾਮਲ ਹੋਣ ਦੀ ਹਦਾਇਤ ਦਿੱਤੀ ਗਈ ਹੈ।
13 ਫਰਵਰੀ ਤੋਂ ਸ਼ੁਰੂ ਹੋਏ ਕਿਸਾਨ ਅੰਦੋਲਨ ਨੂੰ 46 ਦਿਨ ਬੀਤ ਚੁੱਕੇ ਹਨ। ਹਰਿਆਣਾ-ਪੰਜਾਬ ਦੇ ਸ਼ੰਭੂ ਅਤੇ ਖਨੌਰੀ ਸਰਹੱਦ 'ਤੇ ਕਿਸਾਨ ਡਟੇ ਹੋਏ ਹਨ। ਚਾਰ ਦੌਰ ਦੀ ਸ਼ੁਰੂਆਤੀ ਗੱਲਬਾਤ ਵਿੱਚ ਵੀ ਕੋਈ ਸਹਿਮਤੀ ਨਹੀਂ ਬਣ ਸਕੀ ਹੈ। ਹਰਿਆਣਾ-ਪੰਜਾਬ ਦੇ ਸ਼ੰਭੂ, ਖਨੌਰੀ ਬਾਰਡਰ 'ਤੇ ਉਸੇ ਦਿਨ ਤੋਂ ਹੀ ਹਜ਼ਾਰਾਂ ਕਿਸਾਨ ਧਰਨੇ 'ਤੇ ਡਟੇ ਹੋਏ ਹਨ। ਅੰਤਰਰਾਸ਼ਟਰੀ ਪਹਿਲਵਾਨ ਬਜਰੰਗ ਪੂਨੀਆ ਅਤੇ ਸਾਕਸ਼ੀ ਮਲਿਕ, ਗਾਇਕ ਰੇਸ਼ਮ ਸਿੰਘ ਅਨਮੋਲ ਸਮੇਤ ਕਈ ਸੰਸਥਾਵਾਂ ਨੇ ਸਹਿਯੋਗ ਦਿੱਤਾ ਹੈ।
ਇਸ ਅੰਦੋਲਨ 'ਚ ਹੁਣ ਤੱਕ 18 ਦੀ ਮੌਤ ਹੋ ਚੁੱਕੀ ਹੈ। ਇਨ੍ਹਾਂ ਵਿੱਚ 3 ਪੁਲਿਸ ਮੁਲਾਜ਼ਮ ਵੀ ਸ਼ਾਮਲ ਹਨ। ਕਿਸਾਨ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਲਈ ਕਾਨੂੰਨ ਬਣਾਉਣ ਸਮੇਤ ਹੋਰ ਕਈ ਮੰਗਾਂ 'ਤੇ ਅੜੇ ਹੋਏ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਉਹ ਇੰਝ ਹੀ ਡਟੇ ਰਹਿਣਗੇ।