ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਵੱਲੋਂ ਦੇ ਸੰਵਿਧਾਨਾਂ ਦਾ ਮੁੱਦਾ ਫਿਰ ਤੋਂ ਭਖ਼ ਗਿਆ ਹੈ। ਸੋਸ਼ਲਿਸਟ ਪਾਰਟੀ (ਇੰਡੀਆ) ਦੇ ਸੀਨੀਅਰ ਨੇਤਾ ਬਲਵੰਤ ਸਿੰਘ ਖੇੜਾ ਨੇ ਅਕਾਲੀ ਦਲ ਦੀ ਮਾਨਤਾ ਰੱਦ ਕਰਨ ਅਤੇ ਸੀਨੀਅਰ ਲੀਡਰਸ਼ਿਪ ਖ਼ਿਲਾਫ਼ ਥੋਖਾਧੜੀ ਦਾ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਹੈ।
ਬਿਰਧ ਨੇਤਾ ਖੇੜਾ ਨੇ ਕਿਹਾ ਕਿ ਅਕਾਲੀ ਨੇਤਾ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ, ਰਣਜੀਤ ਸਿੰਘ ਬ੍ਰਹਮਪੁਰਾ, ਸੁਖਦੇਵ ਸਿੰਘ ਢੀਂਡਸਾ ਅਤੇ ਡਾ. ਦਲਜੀਤ ਸਿੰਘ ਚੀਮਾ ’ਤੇ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਉਕਤ ਨੇਤਾਵਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਦੋ ਸੰਵਿਧਾਨ ਬਣਾ ਕੇ ਲੋਕਾਂ ਨਾਲ ਧੋਖਾਧੜੀ ਕੀਤੀ ਹੈ।
ਅਦਾਲਤ ਵਿੱਚ ਅਕਾਲੀ ਦਲ ਦੇ ਦੋ ਸੰਵਿਧਾਨ ਹੋਣ ਦੀ ਲੜਾਈ ਲੜ ਰਹੇ ਇਸ ਬਜ਼ੁਰਗ ਸਿਆਸਤਦਾਨ ਨੇ ਦੱਸਿਆ ਕਿ ਦਿੱਲੀ ਹਾਈ ਕੋਰਟ ਤੇ ਹੁਸ਼ਿਆਰਪੁਰ ਦੀ ਅਦਾਲਤ ਵਿੱਚ ਅਕਾਲੀ ਦਲ ਵਿਰੁੱਧ ਚਲਦੇ ਕੇਸਾਂ ਵਿੱਚ ਸਾਰੀ ਪ੍ਰਕਿਰਿਆ ਮੁਕੰਮਲ ਹੋ ਚੁੱਕੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਅਦਾਲਤ ਵਿੱਚ ਅਕਾਲੀ ਦਲ ਦੇ ਨੇਤਾਵਾਂ ਵੱਲੋਂ ਵੀ ਇਸ ਤਰ੍ਹਾਂ ਦਾ ਬਿਆਨ ਦਿੱਤਾ ਗਿਆ ਹੈ ਜਿਸ ਨਾਲ ਸੀਨੀਅਰ ਅਕਾਲੀ ਨੇਤਾਵਾਂ ਦੀਆਂ ਮੁਸ਼ਕਿਲਾਂ ਵਧ ਸਕਦੀਆਂ ਹਨ।
ਉਨ੍ਹਾਂ ਕਿਹਾ ਕਿ ਅਕਾਲੀ ਦਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲੜਨ ਲਈ ਗੁਰਦੁਆਰਾ ਚੋਣ ਕਮਿਸ਼ਨ ਨੂੰ ਵੱਖਰਾ ਅਤੇ ਵਿਧਾਨ ਸਭਾ ਜਾਂ ਸੰਸਦੀ ਚੋਣਾਂ ਲੜਨ ਲਈ ਭਾਰਤੀ ਚੋਣ ਕਮਿਸ਼ਨ ਨੂੰ ਵੱਖੋ ਵੱਖਰੇ ਸੰਵਿਧਾਨ ਦਿੰਦਾ ਰਿਹਾ ਹੈ, ਜੋ ਕਿ ਗ਼ੈਰਕਾਨੂੰਨੀ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਕਰਨ ਵਾਲੇ ਅਕਾਲੀ ਨੇਤਾਵਾਂ ਖਿਲਾਫ਼ ਪਰਚੇ ਦਰਜ ਹੋਣੇ ਚਾਹੀਦੇ ਹਨ ਤੇ ਪਾਰਟੀ ਦੀ ਮਾਨਤਾ ਰੱਦ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਆਗਾਮੀ ਸੰਸਦੀ ਚੋਣਾਂ ਦੌਰਾਨ ਪਾਰਟੀ ਵੱਲੋਂ ਸੰਗਰੂਰ ਅਤੇ ਬਠਿੰਡਾ ਸੰਸਦੀ ਹਲਕਿਆਂ ਤੋਂ ਉਮੀਦਵਾਰ ਖੜ੍ਹੇ ਕਰਨ ’ਤੇ ਵਿਚਾਰ ਕੀਤਾ ਜਾ ਰਿਹਾ ਹੈ।