ਦੇਹਰਾਦੂਨ: ਕਿਸਾਨ ਅੰਦੋਲਨ ਵਿੱਚ ਆਮ ਆਦਮੀ ਪਾਰਟੀ ਸਭ ਤੋਂ ਵੱਧ ਸਰਗਰਮ ਹੈ। ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਅੱਜ ਉੱਤਰਾਖੰਡ ਦੇ ਦੋ ਦਿਨਾਂ ਦੌਰੇ 'ਤੇ ਪਹੁੰਚ ਗਏ ਹਨ। ਇੱਥੇ ਕਾਸ਼ੀਪੁਰ 'ਚ ਉਨ੍ਹਾਂ ਵੱਲੋਂ 'ਕਿਸਾਨ ਨਿਆਂ ਯਾਤਰਾ' ਸ਼ੁਰੂ ਕੀਤੀ ਗਈ ਹੈ। ਕੇਜਰੀਵਾਲ ਪਹਿਲਾਂ ਹੀ ਉੱਤਰਾਖੰਡ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਕਰ ਚੁੱਕੇ ਹਨ। ਉੱਤਰਾਖੰਡ ਵਿੱਚ ਸਿੱਖਾਂ ਦੀ ਕਾਫੀ ਵੱਸੋਂ ਹੈ।


ਦਰਅਸਲ ਪਿਛਲੇ ਦਿਨੀਂ ਉੱਤਰਾਖੰਡ ਦੇ ਕਿਸਾਨ ਵੀ ਖੇਤੀ ਕਾਨੂੰਨਾਂ ਖਿਲਾਫ ਡਟ ਗਏ ਹਨ। ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨਾਂ ਨੇ ਦਿੱਲੀ ਵਿੱਚ ਕੂਚ ਕੀਤਾ ਹੈ। ਇਸ ਦੌਰਾਨ ਉਨ੍ਹਾਂ ਦੀਆਂ ਪੁਲਿਸ ਨਾਲ ਵੀ ਝੜਪਾਂ ਹੋਈਆਂ। ਪੁਲਿਸ ਕਿਸਾਨਾਂ ਉੱਪਰ ਕੇਸ ਦਰਜ ਕਰ ਰਹੀ ਹੈ। ਅਜਿਹੇ ਵਿੱਚ ਭਗਵੰਤ ਮਾਨ ਦੀ ਫੇਰੀ ਅਹਿਮ ਮੰਨੀ ਜਾ ਰਹੀ ਹੈ।

ਇੱਥੇ ਭਗਵੰਤ ਮਾਨ ਵੱਲੋਂ ਰੈਲੀ ਨੂੰ ਸੰਬੋਧਨ ਕੀਤਾ ਗਿਆ ਤੇ ਖੇਤੀ ਕਾਨੂੰਨਾਂ ਲੈ ਕੇ ਪ੍ਰਧਾਨ ਮੰਤਰੀ ਮੋਦੀ 'ਤੇ ਜੰਮ ਕੇ ਨਿਸ਼ਾਨੇ ਸਾਧੇ ਗਏ। ਮਾਨ ਨੇ ਕਿਹਾ ਕਿ ਪਿਛਲੇ ਕਈ ਮਹੀਨਿਆਂ ਤੋਂ ਕਿਸਾਨ ਸੜਕਾਂ, ਰੇਲਵੇ ਟਰੈਕਾਂ, ਟੋਲ ਪਲਾਜ਼ਿਆਂ 'ਤੇ ਧਰਨੇ 'ਤੇ ਬੈਠੇ ਰਹੇ ਪਰ ਮੋਦੀ ਸਰਕਾਰ ਨੇ ਉਨ੍ਹਾਂ ਦੀ ਨਾ ਸੁਣੀ।

ਉਨ੍ਹਾਂ ਕਿਹਾ ਕਿ ਹੁਣ ਉਹ ਕੜਾਕੇ ਦੀ ਠੰਢ 'ਚ ਦਿੱਲੀ ਦੀਆਂ ਸਰਹੱਦਾਂ 'ਤੇ ਅੰਦੋਲਨ ਕਰ ਰਹੇ ਹਨ ਪਰ ਪ੍ਰਧਾਨ ਮੰਤਰੀ ਮੋਦੀ ਗੁਜਰਾਤ ਦੇ ਕੱਛ 'ਚ ਕਿਸਾਨਾਂ ਨੂੰ ਮਿਲਣ ਚਲੇ ਜਾਂਦੇ ਹਨ ਤੇ ਵੀਡੀਓ ਕਾਨਫ਼ਰੰਸਿੰਗ ਰਾਹੀਂ ਹੋਰਨਾਂ ਸੂਬਿਆਂ ਦੇ ਕਿਸਾਨਾਂ ਨੂੰ ਸੰਬੋਧਨ ਕਰਦੇ ਹਨ ਪਰ ਜਿਹੜੇ ਕਿਸਾਨ ਦਿੱਲੀ ਦੀ ਸਰਹੱਦਾਂ 'ਤੇ ਬੈਠੇ ਹਨ, ਪ੍ਰਧਾਨ ਮੰਤਰੀ ਮੋਦੀ ਨੂੰ ਉਹ ਕਿਸਾਨ ਨਹੀਂ ਦਿੱਸਦੇ।