ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕੇਂਦਰ ਸਰਕਾਰ ਤੇ ਦੋਸ਼ ਲਿਆ ਹੈ ਕਿ ਕੇਂਦਰ ਸਰਕਾਰ ਕਿਸਾਨਾਂ 'ਚ ਫੁੱਟ ਪਾਉਣਾ ਚਾਹੁੰਦੀ ਹੈ। ਆਪ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਦੀ ਮੋਦੀ ਸਰਕਾਰ ਕਿਸਾਨਾਂ ਦੇ ਅੰਦੋਲਨ ਨੂੰ ਬਿਨਾਂ ਕਿਸੇ ਨਤੀਜੇ ਤੋਂ ਪੁੱਜੇ ਖਤਮ ਕਰਾਉਣ ਲਈ ਕਿਸਾਨਾਂ ਵਿਚ ਫੁੱਟ ਪਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ਭਗਵੰਤ ਮਾਨ ਨੇ ਕਿਹਾ, "ਮੰਗਲਵਾਰ ਦੀ ਸ਼ਾਮ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਬੁਲਾਈ ਗਈ ਕਿਸਾਨ ਯੂਨੀਅਨਾਂ ਦੀ ਮੀਟਿੰਗ ਵਿਚ 40 ਵਿੱਚੋਂ ਸਿਰਫ 13 ਕਿਸਾਨ ਜਥੇਬੰਦੀਆਂ ਨੂੰ ਮੀਟਿੰਗ ਵਿਚ ਬੁਲਾਇਆ ਗਿਆ। ਉਨ੍ਹਾਂ ਕਿਹਾ ਕਿ ਇੱਥੋਂ ਤੱਕ ਕਿ ਪੰਜਾਬ ਦੀ ਕਿਸਾਨ ਜਥੇਬੰਦੀ ਬੀਕੇਯੂ (ਏਕਤਾ ਉਗਰਾਹਾ) ਨੂੰ ਮੀਟਿੰਗ ਵਿੱਚ ਨਾ ਬੁਲਾਇਆ ਗਿਆ।"
ਮਾਨ ਨੇ ਕਿਹਾ, "ਜਿਨ੍ਹਾਂ ਕਿਸਾਨ ਜਥੇਬੰਦੀਆਂ ਨੂੰ ਮੀਟਿੰਗ ਵਿੱਚ ਬੁਲਾਇਆ ਗਿਆ ਸੀ, ਉਨ੍ਹਾਂ ਜਥੇਬੰਦੀਆਂ ਦੇ ਕਿਸਾਨ ਆਗੂਆਂ ਨੂੰ ਵੀ ਅਲੱਗ-ਅਲੱਗ ਥਾਂ ਉਤੇ ਭੇਜਿਆ ਗਿਆ। ਇਸ ਤੋਂ ਬਾਅਦ ਮੀਟਿੰਗ ਦੇ ਕਈ ਸਥਾਨ ਬਦਲੇ ਗਏ। ਮਾਨ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੂੰ ਇਹ ਵੀ ਪਤਾ ਨਹੀਂ ਸੀ ਕਿ ਉਨ੍ਹਾਂ ਨੂੰ ਕਿਸ ਥਾਂ ਉਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੀਟਿੰਗ ਲਈ ਲਿਜਾਇਆ ਜਾ ਰਿਹਾ ਹੈ।"
ਮਾਨ ਨੇ ਕਿਹਾ ਕਿ "ਇਸ ਤੋਂ ਸਾਫ ਹੁੰਦਾ ਹੈ ਕਿ ਅਮਿਤ ਸ਼ਾਹ ਤੇ ਕੇਂਦਰ ਸਰਕਾਰ ਕਿਸਾਨ ਜਥੇਬੰਦੀਆਂ ਦੀ ਏਕਤਾਂ ਨੂੰ ਖੇਰੂ-ਖੇਰੂ ਕਰਨ ਲਈ ਅਜਿਹੇ ਹੱਥਕੰਢੇ ਵਰਤ ਰਹੀ ਹੈ।" ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨ ਜਥੇਬੰਦੀਆਂ ਵਿਚ ਆਪਸੀ ਫੁੱਟ ਪਾ ਕੇ ਮਤਭੇਦ ਪੈਦ ਕਰਾਉਣਾ ਚਾਹੁੰਦੀ ਹੈ ਅਤੇ ਕਿਸਾਨ ਅੰਦੋਲਨ ਨੂੰ ਕੰਮਜ਼ੋਰ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ "ਕਿਸਾਨ ਆਗੂਆਂ ਦੀ ਇਹ ਵੱਡੀ ਸਿਆਣਪ ਹੈ ਕਿ ਉਹ ਸਰਕਾਰ ਦੀਆਂ ਕੋਝੀਆਂ ਹਰਕਤਾਂ ਤੋਂ ਜਾਣੂ ਹਨ ਤੇ ਸਰਕਾਰ ਦੀ ਚਾਲ ਨੂੰ ਫੇਲ੍ਹ ਕਰ ਦਿੰਦੇ ਹਨ।"