Congress Bharat Jodo Yatra: ਰਾਹੁਲ ਗਾਂਧੀ ਦੀ ਅਗਵਾਈ 'ਚ ਕਾਂਗਰਸ ਦੀ ਭਾਰਤ ਜੋੜੋ ਯਾਤਰਾ ਜੰਮੂ-ਕਸ਼ਮੀਰ ਦੇ ਬਨਿਹਾਲ ਪਹੁੰਚ ਗਈ ਹੈ। ਇੱਥੇ ਪਹੁੰਚਣ ਤੋਂ ਬਾਅਦ ਇਸ ਯਾਤਰਾ 'ਤੇ ਪਾਬੰਦੀ ਲਗਾ ਦਿੱਤੀ ਗਈ। ਕਾਂਗਰਸ ਨੇ ਇਸ ਯਾਤਰਾ 'ਤੇ ਰੋਕ ਦੇ ਕਾਰਨਾਂ ਦਾ ਵੀ ਖੁਲਾਸਾ ਕੀਤਾ ਹੈ। ਕਾਂਗਰਸ ਨੇ ਕਿਹਾ ਹੈ ਕਿ ਯਾਤਰਾ ਨੂੰ ਇਸ ਲਈ ਰੋਕਿਆ ਗਿਆ ਕਿਉਂਕਿ ਉਚਿਤ ਸੁਰੱਖਿਆ ਪ੍ਰਦਾਨ ਨਹੀਂ ਕੀਤੀ ਗਈ ਸੀ ਅਤੇ ਸੁਰੱਖਿਆ ਤੋਂ ਬਿਨਾਂ ਯਾਤਰਾ ਕਰਨਾ ਖ਼ਤਰੇ ਤੋਂ ਮੁਕਤ ਨਹੀਂ ਹੈ। ਰਾਹੁਲ ਗਾਂਧੀ ਇਸ ਮਾਮਲੇ ਨੂੰ ਲੈ ਕੇ ਪ੍ਰੈੱਸ ਕਾਨਫਰੰਸ ਕਰ ਰਹੇ ਹਨ।
ਸੁਰੱਖਿਆ ਨੂੰ ਲੈ ਕੇ ਕਾਂਗਰਸ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਕਿਹਾ ਕਿ ਭਾਰਤ ਜੋੜੋ ਯਾਤਰਾ 'ਚ ਸੁਰੱਖਿਆ ਦੀ ਗੰਭੀਰ ਉਲੰਘਣਾ ਹੋਈ ਹੈ। ਉਨ੍ਹਾਂ ਕਿਹਾ, ''ਕਸ਼ਮੀਰ ਦੇ ਬਨਿਹਾਲ 'ਚ ਭਾਰਤ ਜੋੜੋ ਯਾਤਰਾ ਦੌਰਾਨ ਸੁਰੱਖਿਆ ਦੀ ਗੰਭੀਰ ਉਲੰਘਣਾ ਹੋਈ ਹੈ। ਡੀ-ਏਰੀਆ ਤੋਂ ਅਚਾਨਕ ਸੁਰੱਖਿਆ ਕਰਮੀਆਂ ਨੂੰ ਹਟਾ ਲਿਆ ਗਿਆ। ਇਹ ਹੁਕਮ ਕਿਸਨੇ ਦਿੱਤਾ? ਉਨ੍ਹਾਂ ਇਹ ਵੀ ਕਿਹਾ ਕਿ ਜ਼ਿੰਮੇਵਾਰ ਅਧਿਕਾਰੀਆਂ ਨੂੰ ਇਸ ਕੁਤਾਹੀ ਲਈ ਜਵਾਬ ਦੇਣਾ ਚਾਹੀਦਾ ਹੈ ਅਤੇ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਯੋਗ ਕਦਮ ਚੁੱਕਣੇ ਚਾਹੀਦੇ ਹਨ।
ਰਾਹੁਲ ਗਾਂਧੀ ਦੀ ਪ੍ਰੈਸ ਕਾਨਫਰੰਸ
ਇਸ ਮਾਮਲੇ 'ਤੇ ਕਾਂਗਰਸ ਨੇਤਾ ਜੈਰਾਮ ਰਮੇਸ਼ ਨੇ ਕਿਹਾ ਕਿ ਰਾਹੁਲ ਗਾਂਧੀ ਅੱਜ 2:30 ਵਜੇ ਅਨੰਤਨਾਗ 'ਚ ਮੀਡੀਆ ਨੂੰ ਸੰਬੋਧਿਤ ਕਰਨਗੇ ਕਾਜ਼ੀਗੁੰਡ 'ਚ ਸੁਰੱਖਿਆ ਦੀ ਗੰਭੀਰ ਕਮੀ ਨੂੰ ਲੈ ਕੇ, ਜਿਸ ਕਾਰਨ ਉਨ੍ਹਾਂ ਨੂੰ ਆਖਰੀ ਸਮੇਂ 'ਤੇ ਆਪਣੀ ਯੋਜਨਾ ਬਦਲਣ ਲਈ ਮਜਬੂਰ ਹੋਣਾ ਪਿਆ।
ਇਸ ਦੇ ਨਾਲ ਹੀ ਜੰਮੂ-ਕਸ਼ਮੀਰ ਅਤੇ ਲੱਦਾਖ ਦੀ ਕਾਂਗਰਸ ਇੰਚਾਰਜ ਰਜਨੀ ਪਾਟਿਲ ਨੇ ਕਿਹਾ ਹੈ ਕਿ ਜੰਮੂ-ਕਸ਼ਮੀਰ ਪ੍ਰਸ਼ਾਸਨ ਰਾਹੁਲ ਗਾਂਧੀ ਦੀ ਅਗਵਾਈ ਵਾਲੀ ਭਾਰਤ ਜੋੜੋ ਯਾਤਰਾ ਨੂੰ ਸੁਰੱਖਿਆ ਪ੍ਰਦਾਨ ਕਰਨ ਵਿੱਚ ਅਸਫਲ ਰਿਹਾ ਹੈ। ਸੁਰੱਖਿਆ ਦੀ ਕਮੀ ਕੇਂਦਰ ਸ਼ਾਸਿਤ ਪ੍ਰਦੇਸ਼ ਪ੍ਰਸ਼ਾਸਨ ਦੇ ਅਣਉਚਿਤ ਅਤੇ ਅਣ-ਤਿਆਰ ਰਵੱਈਏ ਨੂੰ ਦਰਸਾਉਂਦੀ ਹੈ।