ਨਵੀਂ ਦਿੱਲੀ: ਹਰਿਆਣਾ ਦੀਆਂ ਕਿਸਾਨ ਜਥੇਬੰਦੀਆਂ ਨੇ ਅੱਜ ਮੀਟਿੰਗ ਕੀਤੀ ਹੈ। ਮੀਟਿੰਗ ਮਗਰੋਂ ਪੰਜਾਬ ਦੇ ਕਿਸਾਨਾਂ ਵਾਂਗ ਹੀ ਹਰਿਆਣਾ ਦੇ ਕਿਸਾਨਾਂ ਨੇ ਵੀ ਵੱਡਾ ਐਲਾਨ ਕੀਤਾ। ਕਿਸਾਨ ਲੀਡਰਾਂ ਨੇ ਕਿਹਾ ਕਿ ਹੁਣ ਖੱਟਰ ਸਰਕਾਰ ਤਿਆਰ ਹੋ ਜਾਏ। ਫਸਲਾਂ ਦੇ ਮੁਆਵਜ਼ੇ ਤੇ ਕਰਜ਼ਾ ਮੁਆਫੀ ਨੂੰ ਲੈ ਕੇ ਹਰਿਆਣਾ ਸਰਕਾਰ ਦਾ ਵਿਰੋਧ ਕੀਤਾ ਜਾਵੇਗਾ।



ਕਿਸਾਨਾਂ ਲੀਡਰਾਂ ਨੇ ਹਰਿਆਣਾ ਸਰਕਾਰ ਨੂੰ ਤਿਆਰ ਰਹਿਣ ਦੀ ਚੇਤਾਵਨੀ ਦਿੱਤੀ। ਕਿਸਾਨ ਲੀਡਰਾਂ ਨੇ ਕਿਹਾ ਕਿ ਜੇਕਰ ਚੰਡੀਗੜ੍ਹ ਵਿੱਚ ਧਰਨਾ ਦੇਣਾ ਪਵੇ ਤਾਂ ਜਥੇਬੰਦੀ ਤਿਆਰ ਹੈ। ਆਉਣ ਵਾਲੇ ਦਿਨਾਂ ਵਿੱਚ ਜਿਵੇਂ ਹੀ ਦਿੱਲੀ ਵਿੱਚ ਧਰਨਾ ਖਤਮ ਹੋਵੇਗਾ, ਹਰਿਆਣਾ ਵਿੱਚ ਵੀ ਵੱਡਾ ਕਿਸਾਨ ਅੰਦੋਲਨ ਹੋਵੇਗਾ। ਫਸਲਾਂ ਦੇ ਮੁਆਵਜ਼ੇ ਤੇ ਕਰਜ਼ਾ ਮੁਆਫੀ ਨੂੰ ਲੈ ਕੇ ਹਰਿਆਣਾ ਸਰਕਾਰ ਦਾ ਵਿਰੋਧ ਕੀਤਾ ਜਾਵੇਗਾ। ਇਹ ਪ੍ਰਦਰਸ਼ਨ ਚੰਡੀਗੜ੍ਹ ਵਿੱਚ ਵੀ ਕੀਤਾ ਜਾ ਸਕਦਾ ਹੈ।

ਮੀਟਿੰਗ ਮਗਰੋਂ ਕਿਸਾਨ ਲੀਡਰਾਂ ਨੇ ਕਿਹਾ ਕਿ ਇਸ ਮੀਟਿੰਗ ਵਿੱਚ ਘੱਟੋ-ਘੱਟ ਸਮਰਥਨ ਮੁੱਲ 'ਤੇ ਬਣਾਈ ਜਾਣ ਵਾਲੀ ਕਮੇਟੀ ਦੇ ਮੈਂਬਰਾਂ ਬਾਰੇ ਚਰਚਾ ਕੀਤੀ ਗਈ। ਉਨ੍ਹਾਂ ਕਿਹਾ ਕਿ ਜੇ ਹਰਿਆਣਾ ਸਰਕਾਰ ਸਾਨੂੰ ਲਿਖਤੀ ਰੂਪ ਵਿੱਚ ਗੱਲਬਾਤ ਲਈ ਬੁਲਾਵੇਗੀ ਤਾਂ ਅਸੀਂ ਗੱਲਬਾਤ ਲਈ ਤਿਆਰ ਹਾਂ।

ਉਨ੍ਹਾਂ ਕਿਹਾ ਕਿ ਜਦੋਂ ਸਰਕਾਰ ਨਾਲ ਗੱਲਬਾਤ ਹੋਏਗੀ ਤਾਂ ਆਪਣੇ ਕੇਸ ਰੱਦ ਕਰਵਾਉਣ ਦੀ ਮੰਗ ਰੱਖ ਜਾਏਗੀ। ਕਿਸਾਨਾਂ ਨੇ ਐਲਾਨ ਕੀਤਾ ਕਿ ਸਾਡਾ ਅੰਦੋਲਨ ਉਦੋਂ ਤੱਕ ਜਾਰੀ ਰਹੇਗਾ, ਜਦੋਂ ਤੱਕ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਦਾ ਕਾਨੂੰਨੀ ਹੱਕ ਨਹੀਂ ਮਿਲਦਾ ਤੇ ਹੋਰ ਮਸਲੇ ਹੱਲ ਨਹੀਂ ਹੁੰਦੇ।

'ਪੱਗੜੀ ਸੰਭਾਲ ਜੱਟਾ' ਦੇ ਲੀਡਰ ਮਨਦੀਪ ਸਿੰਘ ਨੱਥਵਾਲ ਕਿਹਾ ਕਿ ਜਿਹੜਾ ਵਿਅਕਤੀ ਅੰਦੋਲਨ ਵਿੱਚ ਹੈ, ਉਸ ਨੂੰ ਸਿਆਸੀ ਗੱਲ ਨਹੀਂ ਕਰਨੀ ਚਾਹੀਦੀ। ਕਿਸਾਨਾਂ ਨੂੰ ਇੱਕ ਪ੍ਰੈਸ਼ਰ ਗਰੁੱਪ ਵਜੋਂ ਕੰਮ ਕਰਨਾ ਚਾਹੀਦਾ ਹੈ ਨਾ ਕਿ ਸਿਆਸੀ ਪਾਰਟੀ ਵਜੋਂ। ਉਨ੍ਹਾਂ ਕਿਹਾ ਕਿ ਗੁਰਨਾਮ ਸਿੰਘ ਚੜੂਨੀ ਵੱਡੇ ਬੰਦੇ ਹਨ, ਉਨ੍ਹਾਂ ਬਾਰੇ ਅਸੀਂ ਕੁਝ ਨਹੀਂ ਕਹਿ ਸਕਦੇ।