Sanjay Singh: 3 ਅਪ੍ਰੈਲ ਨੂੰ ਆਮ ਆਦਮੀ ਪਾਰਟੀ (ਆਪ) ਨੇਤਾ ਸੰਜੇ ਸਿੰਘ ਤਿਹਾੜ ਜੇਲ੍ਹ ਤੋਂ ਬਾਹਰ ਆਏ ਸਨ। ਈਡੀ ਨੇ ਉਨ੍ਹਾਂ ਨੂੰ ਛੇ ਮਹੀਨੇ ਪਹਿਲਾਂ ਕਥਿਤ ਸ਼ਰਾਬ ਘੁਟਾਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਸੁਪਰੀਮ ਕੋਰਟ ਨੇ ਕੁਝ ਸ਼ਰਤਾਂ ਦੇ ਨਾਲ ਇਸ ਮਾਮਲੇ ਵਿੱਚ ਉਨ੍ਹਾਂ ਨੂੰ ਜ਼ਮਾਨਤ ਦਿੱਤੀ ਹੈ।
ਅਜਿਹੇ 'ਚ ਹੁਣ ਸੰਜੇ ਸਿੰਘ ਨੂੰ ਦੇਸ਼ ਦੀ ਸਭ ਤੋਂ ਵੱਡੀ ਅਦਾਲਤ ਤੋਂ ਝਟਕਾ ਲੱਗਾ ਹੈ। ਸੋਮਵਾਰ ਨੂੰ ਸੁਪਰੀਮ ਕੋਰਟ ਨੇ ਸੰਜੇ ਸਿੰਘ ਦੀ ਉਸ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ, ਜਿਸ ਵਿੱਚ ਉਸ ਨੇ ਗੁਜਰਾਤ ਦੀ ਇੱਕ ਅਦਾਲਤ ਵੱਲੋਂ ਜਾਰੀ ਸੰਮਨ ਨੂੰ ਚੁਣੌਤੀ ਦਿੱਤੀ ਸੀ। ਇਹ ਮਾਮਲਾ ਪੀਐਮ ਮੋਦੀ ਦੀ ਡਿਗਰੀ ਨਾਲ ਜੁੜਿਆ ਹੋਇਆ ਹੈ।
PM ਮੋਦੀ ਡਿਗਰੀ ਮਾਮਲੇ 'ਚ ਪਟੀਸ਼ਨ ਖਾਰਜ
ਸੁਪਰੀਮ ਕੋਰਟ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਡਿਗਰੀ 'ਤੇ ਸਵਾਲ ਚੁੱਕਣ ਲਈ 'ਆਪ' ਸੰਸਦ ਮੈਂਬਰ ਸੰਜੇ ਸਿੰਘ ਵਿਰੁੱਧ ਜਾਰੀ ਮਾਣਹਾਨੀ ਸੰਮਨ 'ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ ਹੈ। ਸੰਜੇ ਸਿੰਘ ਨੇ ਗੁਜਰਾਤ ਯੂਨੀਵਰਸਿਟੀ ਵੱਲੋਂ ਦਾਇਰ ਮਾਣਹਾਨੀ ਦੇ ਕੇਸ ਵਿੱਚ ਗੁਜਰਾਤ ਦੀ ਇੱਕ ਅਦਾਲਤ ਵੱਲੋਂ ਜਾਰੀ ਸੰਮਨ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਸੀ।
ਕੀ ਹੈ ਪੂਰਾ ਮਾਮਲਾ?
ਦਰਅਸਲ, ਗੁਜਰਾਤ ਹਾਈ ਕੋਰਟ ਨੇ ਸੂਚਨਾ ਦਾ ਅਧਿਕਾਰ (ਆਰ.ਟੀ.ਆਈ.) ਕਾਨੂੰਨ ਤਹਿਤ ਪੀਐਮ ਮੋਦੀ ਦੀਆਂ ਡਿਗਰੀਆਂ ਬਾਰੇ ਜਾਣਕਾਰੀ ਦੇਣ ਦੇ ਮੁੱਖ ਸੂਚਨਾ ਕਮਿਸ਼ਨਰ ਦੇ ਹੁਕਮ ਨੂੰ ਰੱਦ ਕਰ ਦਿੱਤਾ ਸੀ। ਇਸ ਤੋਂ ਬਾਅਦ ਗੁਜਰਾਤ ਯੂਨੀਵਰਸਿਟੀ ਦੇ ਰਜਿਸਟਰਾਰ ਪੀਯੂਸ਼ ਪਟੇਲ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਸੰਜੇ ਸਿੰਘ ਖਿਲਾਫ ਮਾਣਹਾਨੀ ਦਾ ਕੇਸ ਦਾਇਰ ਕੀਤਾ ਸੀ। ਇਹ ਮਾਮਲਾ ਪੀਐਮ ਮੋਦੀ ਦੀ ਡਿਗਰੀ 'ਤੇ ਸਵਾਲ ਚੁੱਕੇ ਜਾਣ ਤੋਂ ਬਾਅਦ ਕੀਤਾ ਗਿਆ ਸੀ।
ਸੰਜੇ ਸਿੰਘ ਦੀ ਪਟੀਸ਼ਨ ਨੂੰ ਰੱਦ ਕਰਦਿਆਂ ਜਸਟਿਸ ਬੀਆਰ ਗਵਈ ਅਤੇ ਜਸਟਿਸ ਸੰਦੀਪ ਮਹਿਤਾ ਦੇ ਬੈਂਚ ਨੇ ਕਿਹਾ, 'ਅਸੀਂ ਮੌਜੂਦਾ ਪਟੀਸ਼ਨ 'ਤੇ ਵਿਚਾਰ ਕਰਨ ਦੇ ਇੱਛੁਕ ਨਹੀਂ ਹਾਂ।' ਦਰਅਸਲ 16 ਫਰਵਰੀ ਨੂੰ ਹਾਈਕੋਰਟ ਨੇ ਸੰਜੇ ਸਿੰਘ ਅਤੇ ਅਰਵਿੰਦ ਕੇਜਰੀਵਾਲ ਦੀ ਉਸ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਸੀ, ਜਿਸ 'ਚ ਮਾਣਹਾਨੀ ਦੇ ਮਾਮਲੇ 'ਚ ਉਨ੍ਹਾਂ ਖਿਲਾਫ ਜਾਰੀ ਸੰਮਨ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਸੀ। ਸੰਜੇ ਸਿੰਘ ਅਤੇ ਕੇਜਰੀਵਾਲ ਨੇ ਸੈਸ਼ਨ ਕੋਰਟ ਦੇ ਹੁਕਮਾਂ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਸੀ।