Farmer Protest: ਹਰਿਆਣਾ ਦੇ ਜੀਂਦ ਵਿੱਚ ਅੱਜ ਕਿਸਾਨ ਜਥੇਬੰਦੀਆਂ ਨੇ ਕਿਸਾਨ-ਮਜ਼ਦੂਰ ਮਹਾਂਪੰਚਾਇਤ ਦਾ ਆਯੋਜਨ ਕੀਤਾ। ਮਹਾਪੰਚਾਇਤ ਦੀ ਪ੍ਰਧਾਨਗੀ ਗੈਰ ਸਿਆਸੀ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਅਭਿਮਨਿਊ ਕੋਹਾੜ ਨੇ ਕੀਤੀ। ਮਹਾਪੰਚਾਇਤ ਵਿੱਚ ਪੰਜਾਬ ਦੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਹਾਜ਼ਰ ਸਨ।


ਇਸ ਦੌਰਾਨ ਅਨਾਜ ਮੰਡੀ ਵਿੱਚ ਭਾਰੀ ਪੁਲਿਸ ਫੋਰਸ ਤਾਇਨਾਤ ਰਹੀ। ਮਹਾਪੰਚਾਇਤ 'ਚ ਕਿਸਾਨਾਂ ਨੇ ਐਲਾਨ ਕੀਤਾ ਕਿ 22 ਸਤੰਬਰ ਨੂੰ ਪਿੱਪਲੀ 'ਚ ਮਹਾਪੰਚਾਇਤ ਕਰਵਾਈ ਜਾਵੇਗੀ। ਇਸ ਤੋਂ ਇਲਾਵਾ ਸਰਕਾਰ ਖਿਲਾਫ ਰੈਲੀਆਂ ਵੀ ਕੱਢੀਆਂ ਜਾਣਗੀਆਂ।


ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਹਰਿਆਣਾ ਦੀ ਜਨਤਾ ਭਾਜਪਾ ਸਰਕਾਰ ਨੂੰ ਆਪਣੇ 10 ਸਾਲਾਂ ਦੇ ਰਾਜ ਦੀ ਸਜ਼ਾ ਦੇਣਾ ਚਾਹੁੰਦੀ ਹੈ। ਭਾਜਪਾ ਸਰਕਾਰ ਇਸ ਤੋਂ ਡਰੀ ਹੋਈ ਹੈ ਤੇ ਕਿਸਾਨਾਂ 'ਤੇ ਆਪਣਾ ਗੁੱਸਾ ਕੱਢ ਰਹੀ ਹੈ। ਕਿਸਾਨਾਂ ਤੇ ਮਜ਼ਦੂਰਾਂ 'ਤੇ ਗੋਲੀਆਂ ਚਲਾਉਣ ਵਾਲੀ ਸਰਕਾਰ ਨੂੰ ਲੋਕ ਮੁੜ ਸੱਤਾ 'ਚ ਨਹੀਂ ਆਉਣ ਦੇਣਗੇ।


ਕਿਸਾਨ ਆਗੂ ਅਭਿਮਨਿਊ ਕੋਹਾੜ ਨੇ ਕਿਹਾ ਕਿ ਅਸੀਂ ਕਿਸੇ ਪਾਰਟੀ ਨੂੰ ਵੋਟ ਪਾਉਣ ਦੀ ਅਪੀਲ ਨਹੀਂ ਕਰਦੇ। ਅਸੀਂ ਸਿਰਫ ਇਹ ਕਹਿਣਾ ਚਾਹੁੰਦੇ ਹਾਂ ਕਿ ਤੁਸੀਂ ਪਿਛਲੇ 10 ਸਾਲਾਂ ਵਿੱਚ ਕਿਸਾਨਾਂ 'ਤੇ ਹੋਏ ਅੱਤਿਆਚਾਰਾਂ ਤੋਂ ਜਾਣੂ ਹੋ। ਕਿਸਾਨ ਅੰਦੋਲਨ 'ਚ ਝੂਠੇ ਕੇਸ ਦਰਜ ਕੀਤੇ ਗਏ, ਇਸ ਅੰਦੋਲਨ 'ਚ ਕਿਸਾਨਾਂ 'ਤੇ 5 ਹਜ਼ਾਰ ਕੇਸ ਦਰਜ ਕੀਤੇ ਗਏ। ਕਿਵੇਂ ਸ਼ੁਭਕਰਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਪ੍ਰਿਤਪਾਲ ਨੂੰ ਜੇਲ੍ਹ ਵਿੱਚ ਡੱਕ ਦਿੱਤਾ ਗਿਆ ਅਤੇ ਉਸ ਦੀਆਂ ਲੱਤਾਂ ਤੋੜ ਦਿੱਤੀਆਂ ਗਈਆਂ। ਅਸੀਂ ਇਸ ਸਭ ਨੂੰ ਧਿਆਨ ਵਿੱਚ ਰੱਖ ਕੇ ਵੋਟ ਪਾਉਣੀ ਹੈ।


ਭਾਰਤੀ ਕਿਸਾਨ ਯੂਨੀਅਨ ਦੇ ਆਗੂ ਮਹਿੰਦਰ ਸਿੰਘ ਨੇ ਕਿਹਾ ਕਿ ਭਾਜਪਾ ਨੇ ਵਾਅਦਾ ਕੀਤਾ ਸੀ ਕਿ ਨੌਜਵਾਨਾਂ ਨੂੰ 2 ਕਰੋੜ ਨੌਕਰੀਆਂ ਦਿੱਤੀਆਂ ਜਾਣਗੀਆਂ। ਕਿਸਾਨਾਂ ਦੀ ਆਮਦਨ ਦੁੱਗਣੀ ਕੀਤੀ ਜਾਵੇਗੀ। ਮੋਦੀ ਸਰਕਾਰ ਨੇ ਸਿਰਫ 2 ਲੱਖ ਨੌਕਰੀਆਂ ਦਿੱਤੀਆਂ ਹਨ। ਸਵਾਮੀਨਾਥਨ ਦੀ ਰਿਪੋਰਟ ਲਾਗੂ ਨਹੀਂ ਕੀਤੀ ਗਈ। ਕਣਕ ਤਿਆਰ ਕਰਨ 'ਤੇ 3600 ਰੁਪਏ ਖਰਚ ਆਉਂਦਾ ਹੈ। ਜਦੋਂਕਿ ਭਾਅ 2300 ਰੁਪਏ ਪ੍ਰਤੀ ਕੁਇੰਟਲ ਹੈ। ਇਹ ਸਭ ਕਿਸਾਨਾਂ ਨੂੰ ਮਾਰਨ ਦੀਆਂ ਨੀਤੀਆਂ ਹਨ। ਭਾਜਪਾ ਸਰਕਾਰ ਨੇ ਅੰਦੋਲਨ ਵਿੱਚ ਸ਼ਹੀਦ ਹੋਏ ਕਿਸਾਨਾਂ ਲਈ ਲੋਕ ਸਭਾ ਅਤੇ ਰਾਜ ਸਭਾ ਵਿੱਚ 2 ਮਿੰਟ ਦਾ ਮੌਨ ਵੀ ਨਹੀਂ ਰੱਖਿਆ।