Bilkis Bano Case: ਬਿਲਕਿਸ ਬਾਨੋ ਦੇ ਦੋਸ਼ੀਆਂ ਦੀ ਰਿਹਾਈ ਤੋਂ ਬਾਅਦ ਹੁਣ ਇਸ ਮਾਮਲੇ 'ਤੇ ਸੁਪਰੀਮ ਕੋਰਟ 'ਚ ਜਲਦ ਹੀ ਸੁਣਵਾਈ ਹੋਣ ਜਾ ਰਹੀ ਹੈ, ਦੋਸ਼ੀਆਂ ਨੂੰ ਸਜ਼ਾ ਤੋਂ ਛੋਟ ਦੇਣ ਲਈ ਦਰਜ ਪਟੀਸ਼ਨਾਂ 'ਤੇ ਸੁਣਵਾਈ ਲਈ 7 ਅਗਸਤ ਦੀ ਤਰੀਕ ਤੈਅ ਕੀਤੀ ਗਈ ਹੈ। ਅਦਾਲਤ ਨੂੰ ਦੱਸਿਆ ਗਿਆ ਕਿ ਇਸ ਸਬੰਧੀ ਸਾਰੇ 11 ਦੋਸ਼ੀਆਂ ਨੂੰ ਨੋਟਿਸ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਸੁਪਰੀਮ ਕੋਰਟ ਨੇ ਸਾਰੀਆਂ ਧਿਰਾਂ ਨੂੰ ਜਵਾਬ ਦਾਖ਼ਲ ਕਰਨ ਲਈ ਕਿਹਾ ਹੈ।
11 ਦੋਸ਼ੀਆਂ ਨੂੰ ਕੀਤਾ ਗਿਆ ਸੀ ਰਿਹਾਅ
ਸੁਪਰੀਮ ਕੋਰਟ ਵੱਲੋਂ ਸਪੱਸ਼ਟ ਕੀਤਾ ਗਿਆ ਕਿ ਜਵਾਬ ਦਾਖ਼ਲ ਕਰਨ ਤੋਂ ਬਾਅਦ ਮਾਮਲੇ ਦੀ ਸੁਣਵਾਈ ਮੁਲਤਵੀ ਨਹੀਂ ਕੀਤੀ ਜਾਵੇਗੀ। ਇਸ ਮਾਮਲੇ 'ਚ 7 ਅਗਸਤ ਤੋਂ ਬਕਾਇਦਾ ਸੁਣਵਾਈ ਹੋਵੇਗੀ। ਇਸ ਤੋਂ ਪਹਿਲਾਂ ਹਾਈ ਕੋਰਟ ਨੇ ਬਿਲਕਿਸ ਬਾਨੋ ਗੈਂਗਰੇਪ ਕੇਸ ਦੇ ਸਾਰੇ 11 ਦੋਸ਼ੀਆਂ ਨੂੰ ਸਜ਼ਾ ਤੋਂ ਛੋਟ ਦਿੰਦਿਆਂ ਹੋਇਆਂ ਰਿਹਾਅ ਕਰਨ ਦਾ ਫੈਸਲਾ ਸੁਣਾਇਆ ਸੀ। ਜਿਸ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਗਈ ਸੀ।
ਸਾਰੇ ਦੋਸ਼ੀਆਂ ਨੂੰ ਨੋਟਿਸ ਜਾਰੀ
ਇਸ ਮਾਮਲੇ 'ਤੇ ਜਸਟਿਸ ਬੀਵੀ ਨਗਰਰੱਤਨਾ ਅਤੇ ਉੱਜਲ ਭੂਈਆਂ ਦੀ ਬੈਂਚ ਨੇ ਕਿਹਾ ਕਿ ਦਲੀਲਾਂ ਪੂਰੀਆਂ ਹੋ ਚੁੱਕੀਆਂ ਹਨ ਅਤੇ ਸਾਰੇ ਦੋਸ਼ੀਆਂ ਨੂੰ ਨੋਟਿਸ ਜਾਰੀ ਕਰ ਦਿੱਤੇ ਗਏ ਹਨ। ਇਸ ਨੂੰ ਲੈ ਕੇ 9 ਮਈ ਨੂੰ ਸੁਪਰੀਮ ਕੋਰਟ ਨੇ ਗੁਜਰਾਤੀ ਅਤੇ ਹੋਰ ਭਾਸ਼ਾਵਾਂ ਸਮੇਤ ਸਥਾਨਕ ਅਖਬਾਰਾਂ ਵਿੱਚ ਨੋਟਿਸ ਪ੍ਰਕਾਸ਼ਿਤ ਕਰਨ ਦੇ ਨਿਰਦੇਸ਼ ਦਿੱਤੇ ਸਨ।
ਇਹ ਨੋਟਿਸ ਉਦੋਂ ਜਾਰੀ ਕੀਤੇ ਗਏ ਜਦੋਂ ਪੁਲਿਸ ਨੂੰ ਕੁਝ ਦੋਸ਼ੀਆਂ ਦੇ ਘਰਾਂ 'ਤੇ ਤਾਲੇ ਲਟਕਦੇ ਨਜ਼ਰ ਆਏ ਸਨ। ਇਸ ਦੇ ਨਾਲ ਹੀ ਉਨ੍ਹਾਂ ਦੇ ਫੋਨ ਵੀ ਬੰਦ ਪਾਏ ਗਏ। ਇਨ੍ਹਾਂ ਸਾਰਿਆਂ ਨੂੰ ਹਰ ਮਾਧਿਅਮ ਰਾਹੀਂ ਨੋਟਿਸ ਜਾਰੀ ਕਰਕੇ ਪੇਸ਼ੀ ਤੱਕ ਪੇਸ਼ ਹੋਣ ਲਈ ਕਿਹਾ ਗਿਆ ਸੀ। ਇਨ੍ਹਾਂ ਸਾਰੇ 11 ਦੋਸ਼ੀਆਂ ਨੂੰ ਗੁਜਰਾਤ ਸਰਕਾਰ ਨੇ ਛੋਟ ਦਿੱਤੀ ਸੀ ਅਤੇ ਉਨ੍ਹਾਂ ਨੂੰ ਪਿਛਲੇ ਸਾਲ 15 ਅਗਸਤ ਨੂੰ ਰਿਹਾਅ ਕੀਤਾ ਗਿਆ ਸੀ। ਬਿਲਕਿਸ ਬਾਨੋ ਨੇ ਛੋਟ ਨੂੰ ਚੁਣੌਤੀ ਦਿੰਦੇ ਹੋਏ ਰਿੱਟ ਪਟੀਸ਼ਨ ਦਰਜ ਕੀਤੀ ਸੀ।
ਰਿਹਾਈ ਦੇ ਖਿਲਾਫ ਕਈ ਪਟੀਸ਼ਨਾਂ ਦਰਜ
ਬਿਲਕਿਸ ਬਾਨੋ ਤੋਂ ਇਲਾਵਾ, ਸੀਪੀਆਈ (ਐਮ) ਨੇਤਾ ਸੁਭਾਸ਼ਿਨੀ ਅਲੀ, ਸੁਤੰਤਰ ਪੱਤਰਕਾਰ ਰੇਵਤੀ ਲੌਲ, ਲਖਨਊ ਯੂਨੀਵਰਸਿਟੀ ਦੀ ਸਾਬਕਾ ਵਾਈਸ-ਚਾਂਸਲਰ ਰੂਪ ਰੇਖਾ ਵਰਮਾ ਸਮੇਤ ਕਈ ਹੋਰਾਂ ਵਲੋਂ ਜਨਹਿੱਤ ਪਟੀਸ਼ਨਾਂ ਦੋਸ਼ੀਆਂ ਨੂੰ ਦਿੱਤੀ ਗਈ ਛੋਟ ਵਿਰੁੱਧ ਦਰਜ ਕੀਤੀਆਂ ਗਈਆਂ ਹਨ। ਤ੍ਰਿਣਮੂਲ ਕਾਂਗਰਸ (ਟੀ.ਐੱਮ.ਸੀ.) ਦੇ ਸੰਸਦ ਮੈਂਬਰ ਮਹੂਆ ਮੋਇਤਰਾ ਨੇ ਵੀ ਮੁਆਫੀ ਅਤੇ ਰਿਹਾਈ ਦੇ ਖਿਲਾਫ ਜਨਹਿੱਤ ਪਟੀਸ਼ਨ ਦਰਜ ਕੀਤੀ ਹੈ।
ਜ਼ਿਕਰਯੋਗ ਹੈ ਕਿ ਬਿਲਕਿਸ ਬਾਨੋ ਦੀ ਉਮਰ 21 ਸਾਲ ਦੀ ਸੀ ਅਤੇ ਪੰਜ ਮਹੀਨੇ ਦੀ ਗਰਭਵਤੀ ਸੀ। ਉਸ ਨਾਲ ਗੋਧਰਾ ਰੇਲ ਕਾਂਡ ਤੋਂ ਬਾਅਦ ਭੜਕੇ ਹੋਏ ਦੰਗਿਆਂ ਦੌਰਾਨ ਭੱਜਣ ਵੇਲੇ ਸਮੂਹਿਕ ਬਲਾਤਕਾਰ ਕੀਤਾ ਗਿਆ ਸੀ। ਉਸ ਦੀ ਤਿੰਨ ਸਾਲ ਦੀ ਧੀ ਦੰਗਿਆਂ ਵਿੱਚ ਮਾਰੇ ਗਏ ਸੱਤ ਪਰਿਵਾਰਕ ਮੈਂਬਰਾਂ ਵਿੱਚੋਂ ਇੱਕ ਸੀ। ਇਸ ਮਾਮਲੇ ਵਿੱਚ 11 ਦੋਸ਼ੀਆਂ ਨੂੰ ਸਜ਼ਾ ਸੁਣਾਈ ਗਈ ਸੀ।
ਇਹ ਵੀ ਪੜ੍ਹੋ: Northern Railways: ਅੰਬਾਲਾ ਡਿਵੀਜ਼ਨ 'ਚ ਪਾਣੀ ਭਰਨ ਕਾਰਨ 16 ਰੇਲਾਂ ਕੀਤੀਆਂ ਰੱਦ - ਉੱਤਰ ਰੇਲਵੇ