ਮਨਵੀਰ ਕੌਰ ਰੰਧਾਵਾ ਦੀ ਰਿਪੋਰਟ


ਚੰਡੀਗੜ੍ਹ: ਕਿਸਾਨ ਪ੍ਰਦਰਸ਼ਨ ਕਰਕੇ ਹਰਿਆਣੇ ਦੀ ਸੱਤਾਧਾਰੀ ਪਾਰਟੀ ਭਾਰਤੀ ਜਨਤਾ ਪਾਰਟੀ ਨੂੰ ਹੁਣ ਸੱਤਾ ਵਿੱਚ ਇੱਕ ਹੋਰ ਸਹਿਯੋਗੀ ਪਾਰਟੀ ਨੇ ਚੇਤਾਵਨੀ ਦਿੱਤੀ ਹੈ। ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਦੀ ਪਾਰਟੀ ਜਨਨਾਇਕ ਜਨਤਾ ਪਾਰਟੀ ਦੇ ਪ੍ਰਧਾਨ ਤੇ ਉਨ੍ਹਾਂ ਦੇ ਪਿਤਾ ਅਜੇ ਚੌਟਾਲਾ ਨੇ ਕਿਹਾ ਕਿ ਸਰਕਾਰ ਨੂੰ ਇਸ ਮੁੱਦੇ ‘ਤੇ ਵੱਡਾ ਸੋਚਣਾ ਚਾਹੀਦਾ ਹੈ ਤੇ ਕਿਸਾਨਾਂ ਦੀਆਂ ਮੰਗਾਂ ਦਾ ਕੋਈ ਹੱਲ ਲੱਭਣਾ ਚਾਹੀਦਾ ਹੈ।

ਦਰਅਸਲ ਬੀਜੇਪੀ ਸਰਕਾਰ ਦੇ ਨਾਲ ਹਰਿਆਣਾ ਦੀ ਸੱਤਾ ਸੰਭਾਲਣ ਵਾਲੀ ਪਾਰਟੀ ਜੇਜੇਪੀ ਵੀ ਕਿਸਾਨਾਂ ਪ੍ਰਦਰਸ਼ਨ ਕਰਕੇ ਧਰਮ ਸੰਕਟ 'ਚ ਫਸ ਗਈ ਹੈ ਕਿਉਂਕਿ ਪਾਰਟੀ ਖੁਦ ਨੂੰ ਕਿਸਾਨ ਹਿਤੈਸ਼ੀ ਦੱਸਦੀ ਹੈ ਤੇ ਕਿਸਾਨ ਹੀ ਇਸ ਦਾ ਕੋਰ ਵੋਟ ਬੈਂਕ ਹਨ। ਇਹ ਕਿਸਾਨ ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨਾਂ ਨੂੰ ਡਰ ਹੈ ਕਿ ਉਨ੍ਹਾਂ ਨੂੰ ਆਪਣੀਆਂ ਫਸਲਾਂ ਦਾ ਸਹੀ ਭਾਅ ਨਹੀਂ ਮਿਲੇਗਾ ਤੇ ਮੰਡੀਆਂ ਵੀ ਖ਼ਤਮ ਹੋ ਜਾਣਗੀਆਂ, ਜਿੱਥੇ ਉਨ੍ਹਾਂ ਨੂੰ ਫਸਲਾਂ ਦਾ ਤੈਅ ਮੁੱਲ ਮਿਲਦਾ ਹੈ।


ਹੁਣ ਅਜੇ ਚੌਟਾਲਾ ਨੇ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਕਿਸਾਨਾਂ ਦੀਆਂ ਮੁਸ਼ਕਲਾਂ ਜਲਦੀ ਤੋਂ ਜਲਦੀ ਹੱਲ ਕੀਤੀਆਂ ਜਾਣ। ਕਿਸਾਨਾਂ ਨੂੰ ਐਮਐਸਪੀ ਲਾਗੂ ਕਰਨ ਦਾ ਪੱਕਾ ਭਰੋਸਾ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅੰਨਾਦਾਟਾ ਸੜਕਾਂ ‘ਤੇ ਪ੍ਰੇਸ਼ਾਨ ਹੋ ਰਹੇ ਹਨ। ਅਜਿਹੀ ਸਥਿਤੀ ਵਿੱਚ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਵੱਡੀ ਸੋਚ ਨਾਲ ਕਿਸਾਨਾਂ ਦੀ ਮੰਗ ਨੂੰ ਪੂਰਾ ਕਰੇ। ਉਨ੍ਹਾਂ ਸੁਝਾਅ ਦਿੱਤਾ ਕਿ ਸਰਕਾਰ ਨੂੰ ਖੇਤੀਬਾੜੀ ਕਾਨੂੰਨਾਂ ਵਿੱਚ ਐਮਐਸਪੀ ਸ਼ਾਮਲ ਕਰਕੇ ਕਿਸਾਨਾਂ ਦੀ ਮੰਗ ਨੂੰ ਪੂਰਾ ਕਰਨਾ ਚਾਹੀਦਾ ਹੈ। ਚੌਟਾਲਾ ਨੇ ਇਹ ਵੀ ਕਿਹਾ ਕਿ ਕਿਸਾਨ ਜਥੇਬੰਦੀਆਂ ਅਤੇ ਕੇਂਦਰ ਸਰਕਾਰ ਦਰਮਿਆਨ ਗੱਲਬਾਤ ਸਕਾਰਾਤਮਕ ਨਤੀਜੇ ਲਿਆਏਗੀ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਭਾਜਪਾ ਆਪਣੇ ਸਹਿਯੋਗੀ ਸ਼੍ਰੋਮਣੀ ਅਕਾਲੀ ਦਲ ਨਾਲ ਰਿਸ਼ਤਾ ਤੋੜ ਚੁੱਕੀ ਹੈ। ਇਸ ਤੋਂ ਇਲਾਵਾ ਸੋਮਵਾਰ ਨੂੰ ਰਾਜਸਥਾਨ ਤੋਂ ਉਨ੍ਹਾਂ ਦੇ ਇੱਕ ਸਹਿਯੋਗੀ ਸੰਸਦ ਹਨੂਮਾਨ ਬੈਨੀਵਾਲ ਨੇ ਭਾਜਪਾ ਨਾਲ ਆਪਣਾ ਰਿਸ਼ਤਾ ਖ਼ਤਮ ਕਰਨ ਦੀ ਧਮਕੀ ਦਿੱਤੀ ਸੀ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904