ਨਵੀਂ ਦਿੱਲੀ : BJP Presidential Candidate 2022 : ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਰਾਸ਼ਟਰਪਤੀ ਚੋਣ ਲਈ ਐਨਡੀਏ ਪੱਖ ਤੋਂ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਦ੍ਰੋਪਦੀ ਮੁਰਮੂ  (Draupadi Murmu )

ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਇਸ ਤੋਂ ਪਹਿਲਾਂ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਦੇ ਨਾਂ 'ਤੇ ਵਿਚਾਰ ਕਰਨ ਲਈ ਭਾਜਪਾ ਦੇ ਸੰਸਦੀ ਬੋਰਡ ਦੀ ਬੈਠਕ ਪਾਰਟੀ ਹੈੱਡਕੁਆਰਟਰ 'ਤੇ ਹੋਈ।

 

ਇਸ ਮੀਟਿੰਗ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਭਾਜਪਾ ਪ੍ਰਧਾਨ ਜੇ.ਪੀ.ਨੱਡਾ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ, ਕੇਂਦਰੀ ਸੜਕੀ ਆਵਾਜਾਈ ਮੰਤਰੀ ਨਿਤਿਨ ਗਡਕਰੀ ਅਤੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅਤੇ ਸੰਸਦੀ ਬੋਰਡ ਦੇ ਹੋਰ ਮੈਂਬਰ ਹਾਜ਼ਰ ਸਨ। ਉਨ੍ਹਾਂ ਦੱਸਿਆ ਕਿ ਮੀਟਿੰਗ ਵਿੱਚ 20 ਦੇ ਕਰੀਬ ਨਾਵਾਂ ’ਤੇ ਚਰਚਾ ਕੀਤੀ ਗਈ ਸੀ। ਅਸੀਂ ਵਿਰੋਧੀ ਪਾਰਟੀਆਂ ਨਾਲ ਵੀ ਸਲਾਹ ਕਰਨ ਦੀ ਕੋਸ਼ਿਸ਼ ਕੀਤੀ ਪਰ ਗੱਲ ਸਿਰੇ ਨਹੀਂ ਚੜ੍ਹੀ।
  

ਮੀਟਿੰਗ ਤੋਂ ਬਾਅਦ ਭਾਜਪਾ ਪ੍ਰਧਾਨ ਜੇਪੀ ਨੱਡਾ ਨੇ ਕਿਹਾ ਕਿ ਅੱਜ ਦੀ ਸੰਸਦੀ ਬੋਰਡ ਦੀ ਮੀਟਿੰਗ ਵਿੱਚ ਸਾਡੇ ਸਾਰਿਆਂ ਦੀ ਸਹਿਮਤੀ ਬਣੀ ਕਿ ਭਾਜਪਾ ਅਤੇ ਐਨਡੀਏ ਨੂੰ ਆਪਣੇ ਸਾਰੇ ਹਲਕਿਆਂ ਨਾਲ ਗੱਲਬਾਤ ਕਰਨ ਤੋਂ ਬਾਅਦ ਰਾਸ਼ਟਰਪਤੀ ਅਹੁਦੇ ਲਈ ਆਪਣਾ ਉਮੀਦਵਾਰ ਐਲਾਨ ਕਰਨਾ ਚਾਹੀਦਾ ਹੈ। ਦ੍ਰੋਪਦੀ ਮੁਰਮੂ ਨੂੰ ਐਨਡੀਏ ਨੇ ਰਾਸ਼ਟਰਪਤੀ ਅਹੁਦੇ ਲਈ ਉਮੀਦਵਾਰ ਐਲਾਨ ਦਿੱਤਾ ਹੈ।

 

ਇਸ ਐਲਾਨ ਤੋਂ ਬਾਅਦ ਪੀਐਮ ਮੋਦੀ ਨੇ ਟਵੀਟ ਕੀਤਾ ਅਤੇ ਕਿਹਾ, “ਲੱਖਾਂ ਲੋਕ, ਖਾਸ ਤੌਰ 'ਤੇ ਜਿਨ੍ਹਾਂ ਨੇ ਗਰੀਬੀ ਦਾ ਅਨੁਭਵ ਕੀਤਾ ਹੈ ਅਤੇ ਮੁਸ਼ਕਲਾਂ ਦਾ ਸਾਹਮਣਾ ਕੀਤਾ ਹੈ, ਦ੍ਰੋਪਦੀ ਮੁਰਮੂ ਦੇ ਜੀਵਨ ਤੋਂ ਵੱਡੀ ਤਾਕਤ ਹਾਸਿਲ ਕਰਦੇ ਹਨ।  ਨੀਤੀਗਤ ਮਾਮਲਿਆਂ ਬਾਰੇ ਉਸਦੀ ਸਮਝ ਅਤੇ ਦਇਆਵਾਨ ਸੁਭਾਅ ਨਾਲ ਸਾਡੇ ਦੇਸ਼ ਨੂੰ ਬਹੁਤ ਲਾਭ ਹੋਵੇਗਾ।

 

ਕੌਣ ਹੈ ਦ੍ਰੋਪਦੀ ਮੁਰਮੂ ?

ਆਦਿਵਾਸੀ ਸਮਾਜ ਨਾਲ ਸਬੰਧ ਰੱਖਣ ਵਾਲੀ ਦਰੋਪਦੀ ਮੁਰਮੂ ਛੇ ਸਾਲ ਇੱਕ ਮਹੀਨੇ ਤੱਕ ਝਾਰਖੰਡ ਦੀ ਰਾਜਪਾਲ ਰਹਿ ਚੁੱਕੀ ਹੈ। ਮੁਰਮੂ ਉੜੀਸਾ ਦੇ ਰਾਏਰੰਗਪੁਰ ਦੀ ਰਹਿਣ ਵਾਲੀ ਹੈ। ਕੱਲ੍ਹ ਮੁਰਮੂ ਦਾ ਜਨਮ ਦਿਨ ਸੀ। ਉਸ ਦੀ ਉਮਰ 64 ਸਾਲ ਹੈ। ਸੂਤਰਾਂ ਨੇ ਦੱਸਿਆ ਕਿ ਦ੍ਰੋਪਦੀ ਮੁਰਮੂ 25 ਜੂਨ ਨੂੰ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰ ਸਕਦੀ ਹੈ। ਭਾਜਪਾ ਨੇ ਆਪਣੇ ਸਾਰੇ ਕੇਂਦਰੀ ਮੰਤਰੀਆਂ ਨੂੰ 24 ਅਤੇ 25 ਜੂਨ ਨੂੰ ਦਿੱਲੀ ਵਿੱਚ ਰਹਿਣ ਲਈ ਕਿਹਾ ਹੈ।

 

ਰਾਸ਼ਟਰਪਤੀ ਚੋਣ ਲਈ ਵਿਰੋਧੀ ਪਾਰਟੀਆਂ ਨੇ ਸਾਂਝੇ ਉਮੀਦਵਾਰ ਵਜੋਂ ਸਾਬਕਾ ਕੇਂਦਰੀ ਮੰਤਰੀ ਯਸ਼ਵੰਤ ਸਿਨਹਾ ਨੂੰ ਮੈਦਾਨ ਵਿੱਚ ਉਤਾਰਿਆ ਹੈ। ਮੌਜੂਦਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦਾ ਕਾਰਜਕਾਲ 24 ਜੁਲਾਈ ਨੂੰ ਖਤਮ ਹੋ ਰਿਹਾ ਹੈ। ਵਿਰੋਧੀ ਧਿਰ ਦੇ ਉਮੀਦਵਾਰ ਵਜੋਂ ਸਿਨਹਾ ਦੇ ਨਾਂ ਦੇ ਐਲਾਨ ਤੋਂ ਬਾਅਦ ਹੁਣ ਅਗਲੇ ਰਾਸ਼ਟਰਪਤੀ ਦੀ ਚੋਣ ਲਈ 18 ਜੁਲਾਈ ਨੂੰ ਵੋਟਿੰਗ ਹੋ ਰਹੀ ਹੈ। ਰਾਸ਼ਟਰਪਤੀ ਚੋਣ ਲਈ ਨਾਮਜ਼ਦਗੀ ਪੱਤਰ ਭਰਨ ਦੀ ਪ੍ਰਕਿਰਿਆ ਜਾਰੀ ਹੈ। 29 ਜੂਨ ਨਾਮਜ਼ਦਗੀ ਦਾਖ਼ਲ ਕਰਨ ਦੀ ਆਖ਼ਰੀ ਤਰੀਕ ਹੈ।