ਭਾਜਪਾ ਦੀ ਕੇਂਦਰੀ ਚੋਣ ਕਮੇਟੀ ਦੀ ਬੈਠਕ ਅੱਜ (ਬੁੱਧਵਾਰ) ਸ਼ਾਮ ਨੂੰ ਪਾਰਟੀ ਦੇ ਨਵੀਂ ਦਿੱਲੀ ਸਥਿਤ ਹੈੱਡਕੁਆਰਟਰ 'ਚ ਬੁਲਾਈ ਗਈ ਹੈ। ਮੀਟਿੰਗ ਵਿੱਚ ਇਸ ਸਾਲ ਦੇ ਅੰਤ ਵਿੱਚ ਪੰਜ ਰਾਜਾਂ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਬਾਰੇ ਚਰਚਾ ਕੀਤੀ ਜਾਵੇਗੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਮੰਤਰੀ ਰਾਜਨਾਥ ਸਿੰਘ ਅਤੇ ਅਮਿਤ ਸ਼ਾਹ ਅਤੇ ਭਾਜਪਾ ਪ੍ਰਧਾਨ ਜੇ.ਪੀ ਨੱਡਾ ਸਣੇ ਸਾਰੇ ਕੇਂਦਰੀ ਚੋਣ ਕਮੇਟੀ ਦੀ ਮੀਟਿੰਗ ਵਿੱਚ 15 ਮੈਂਬਰਾਂ ਦੇ ਸ਼ਾਮਿਲ ਹੋਣ ਦੀ ਉਮੀਦ ਹੈ।
ਦੱਸ ਦਈਏ ਕਿ ਪੰਜ ਰਾਜਾਂ ਮੱਧ ਪ੍ਰਦੇਸ਼, ਛੱਤੀਸਗੜ੍ਹ, ਰਾਜਸਥਾਨ, ਤੇਲੰਗਾਨਾ ਅਤੇ ਮਿਜ਼ੋਰਮ ਵਿੱਚ ਚੋਣਾਂ ਹੋਣੀਆਂ ਹਨ। ਇਸ ਲਈ ਪਾਰਟੀ ਆਪਣੀਆਂ ਤਿਆਰੀਆਂ ਤੇਜ਼ ਕਰ ਰਹੀ ਹੈ। ਮੀਟਿੰਗ ਵਿੱਚ ਉਮੀਦਵਾਰਾਂ ਦਾ ਫੈਸਲਾ ਕਰਨ ਅਤੇ ਚੋਣ ਪ੍ਰਚਾਰ ਦੀ ਰਣਨੀਤੀ ਬਾਰੇ ਚਰਚਾ ਹੋਣ ਦੀ ਸੰਭਾਵਨਾ ਹੈ। ਪਾਰਟੀ ਨੇ ਉਨ੍ਹਾਂ ਸੀਟਾਂ ਦੀ ਸੂਚੀ ਤਿਆਰ ਕੀਤੀ ਹੈ, ਜਿਨ੍ਹਾਂ 'ਤੇ ਉਸ ਨੂੰ ਜ਼ਿਆਦਾ ਧਿਆਨ ਦੇਣ ਦੀ ਲੋੜ ਹੈ।
ਜ਼ਿਕਰਯੋਗ ਹੈ ਕਿ ਪਾਰਟੀ ਦੀ ਸੂਬਾਈ ਲੀਡਰਸ਼ਿਪ ਕੇਂਦਰ ਸਰਕਾਰ ਦੀਆਂ ਭਲਾਈ ਸਕੀਮਾਂ ਨੂੰ ਲੋਕਾਂ ਤੱਕ ਪਹੁੰਚਾਉਣ ਸਮੇਤ ਜ਼ਮੀਨੀ ਪੱਧਰ 'ਤੇ ਕੀਤੇ ਜਾ ਰਹੇ ਕੰਮਾਂ ਤੋਂ ਜਾਣੂ ਕਰਵਾਏਗੀ। ਇਸ ਮੀਟਿੰਗ ਵਿੱਚ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ, ਪਾਰਟੀ ਦੇ ਸੂਬਾ ਪ੍ਰਧਾਨ ਵੀਡੀ ਸ਼ਰਮਾ ਅਤੇ ਹੋਰ ਪ੍ਰਮੁੱਖ ਆਗੂ ਸ਼ਾਮਲ ਹੋਣਗੇ। ਇਸ ਸਾਲ ਦੇ ਅੰਤ ਵਿੱਚ ਪੰਜ ਰਾਜਾਂ ਵਿੱਚ ਚੋਣਾਂ ਹੋਣ ਜਾ ਰਹੀਆਂ ਹਨ, ਸਿਰਫ ਮੱਧ ਪ੍ਰਦੇਸ਼ ਵਿੱਚ ਭਾਜਪਾ ਦੀ ਸੱਤਾ ਹੈ।
ਇਸਤੋਂ ਇਲਾਵਾ ਮੰਨਿਆ ਜਾ ਰਿਹਾ ਹੈ ਕਿ ਬੁੱਧਵਾਰ (ਅੱਜ) ਨੂੰ ਹੋਣ ਵਾਲੀ ਬੈਠਕ 'ਚ ਮੱਧ ਪ੍ਰਦੇਸ਼ 'ਚ ਕਰੀਬ 60 ਤੋਂ 70 ਅਤੇ ਛੱਤੀਸਗੜ੍ਹ 'ਚ ਕਰੀਬ 30 ਤੋਂ 40 ਸੀਟਾਂ 'ਤੇ ਚਰਚਾ ਹੋਵੇਗੀ। ਮੱਧ ਪ੍ਰਦੇਸ਼ 'ਚ ਭਾਜਪਾ ਦੀ ਸਰਕਾਰ ਹੈ, ਪਰ ਨਤੀਜੇ ਪਿਛਲੀਆਂ ਚੋਣਾਂ ਵਰਗੇ ਨਹੀਂ ਹਨ, ਇਸੇ ਲਈ ਭਾਜਪਾ ਨੇ ਨਵੀਂ ਰਣਨੀਤੀ ਤਹਿਤ ਉਮੀਦਵਾਰਾਂ 'ਤੇ ਸਮੇਂ ਤੋਂ ਪਹਿਲਾਂ ਬ੍ਰੇਨਸਟਰਮ ਕਰਨ ਦਾ ਫੈਸਲਾ ਕੀਤਾ ਹੈ।
ਭਾਜਪਾ ਦੇ ਅੰਦਰੂਨੀ ਸਰਵੇਖਣ ਅਨੁਸਾਰ ਸੂਬੇ ਵਿੱਚ ਪ੍ਰਧਾਨ ਮੰਤਰੀ ਮੋਦੀ ਜਾਂ ਭਾਜਪਾ ਸੰਗਠਨ ਪ੍ਰਤੀ ਕੋਈ ਨਾਰਾਜ਼ਗੀ ਨਹੀਂ ਹੈ, ਪਰ ਲੰਬੇ ਸਮੇਂ ਤੋਂ ਸਰਕਾਰ ਵਿੱਚ ਰਹਿਣ ਕਾਰਨ ਬੇਰੁਖ਼ੀ ਦਾ ਅਸਰ ਵੋਟਾਂ ਵੇਲੇ ਦੇਖਣ ਨੂੰ ਮਿਲ ਸਕਦਾ ਹੈ।