ਨਵੀਂ ਦਿੱਲੀ: ਖੇਤੀ ਕਾਨੂੰਨਾਂ ਖਿਲਾਫ ਕਿਸਾਨ ਸੰਘਰਸ਼ ਨੂੰ ਦੇਸ਼ ਭਰ ਵਿੱਚ ਕਾਂਗਰਸ ਦਾ ਸਾਥ ਮਿਲਿਆ ਹੈ। ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਕਾਂਗਰਸੀ ਸਰਕਾਰਾਂ ਵਾਲੇ ਸੂਬਿਆਂ ਨੂੰ ਕਿਹਾ ਹੈ ਕਿ ਖੇਤੀ ਕਾਨੂੰਨਾਂ ਦਾ ਡਟ ਕੇ ਵਿਰੋਧ ਕੀਤਾ ਜਾਵੇ। ਉਨ੍ਹਾਂ ਕਾਂਗਰਸ ਦੀ ਅਗਵਾਈ ਹੇਠਲੀਆਂ ਸੂਬਾ ਸਰਕਾਰਾਂ ਨੂੰ ਕਿਹਾ ਹੈ ਕਿ ਉਹ ਕੇਂਦਰ ਸਰਕਾਰ ਦੇ ਖੇਤੀ ਵਿਰੋਧੀ ਕਾਨੂੰਨਾਂ ਨੂੰ ਪ੍ਰਭਾਵਹੀਣ ਕਰਨ ਲਈ ਕਾਨੂੰਨ ਪਾਸ ਕਰਨ ਦੀ ਸੰਭਾਵਨਾ ’ਤੇ ਵਿਚਾਰ ਕਰਨ।

ਸੋਨੀਆ ਗਾਂਧੀ ਨੇ ਕਾਂਗਰਸ ਦੀ ਅਗਵਾਈ ਹੇਠਲੇ ਸੂਬਿਆਂ ਨੂੰ ਸਲਾਹ ਦਿੱਤੀ ਹੈ ਕਿ ਉਹ ਸੰਵਿਧਾਨ ਦੀ ਧਾਰਾ 254 (ਏ) ਤਹਿਤ ਕਾਨੂੰਨ ਪਾਸ ਕਰਨ ਦੇ ਸੰਦਰਭ ’ਚ ਗੌਰ ਕਰਨ। ਉਨ੍ਹਾਂ ਕਿਹਾ ਕਿ ਇਹ ਧਾਰਾ ਖੇਤੀ ਵਿਰੋਧੀ ਤੇ ਸੂਬਿਆਂ ਦੇ ਅਧਿਕਾਰ ਖੇਤਰ ’ਚ ਦਖਲ ਦੇਣ ਵਾਲੇ ਕੇਂਦਰੀ ਕਾਨੂੰਨਾਂ ਨੂੰ ਪ੍ਰਭਾਵਹੀਣ ਕਰਨ ਲਈ ਸੂਬਾਈ ਵਿਧਾਨ ਸਭਾਵਾਂ ਨੂੰ ਕਾਨੂੰਨ ਪਾਸ ਕਰਨ ਦਾ ਅਧਿਕਾਰ ਦਿੰਦੀ ਹੈ।

ਇਸ ਤੋਂ ਇਲਾਵਾ ਕਾਂਗਰਸ ਨੇ ਦੇਸ਼ ਭਰ ਵਿੱਚ ਕਿਸਾਨ ਸੰਘਰਸ਼ ਦੀ ਹਮਾਇਤ ਕਰਨ ਦਾ ਐਲਾਨ ਕੀਤਾ ਹੈ। ਇਹ ਵੀ ਪਤਾ ਲੱਗਾ ਹੈ ਕਿ ਕਾਂਗਰਸ ਇਸ ਕਾਨੂੰਨ ਖਿਲਾਫ ਸੁਪਰੀਮ ਕੋਰਟ ਜਾ ਸਕਦੀ ਹੈ। ਅਗਲੇ ਦਿਨਾਂ ਵਿੱਚ ਕਾਂਗਰਸ ਹੋਰ ਹਮਖਿਆਲੀ ਪਾਰਟੀਆਂ ਨੂੰ ਲਾਮਬੰਦ ਕਰਕੇ ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਤਿੱਖਾ ਕਰਨ ਦੀ ਯੋਜਨਾ ਬਣਾ ਰਹੀ ਹੈ।