ਨਵੀਂ ਦਿੱਲੀ: ਨਾਗਰਿਕਤਾ ਸੋਧ ਕਾਨੂੰਨ ਯਾਨੀ ਸੀਏਏ ਖਿਲਾਫ ਭਾਰਤ ‘ਚ ਥਾਂ-ਥਾਂ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ। ਜਦਕਿ ਦਿੱਲੀ, ਯੂਪੀ ਤੇ ਕਰਨਾਟਕ ‘ਚ ਪ੍ਰਸਾਸ਼ਨ ਨੇ ਉਨ੍ਹਾਂ ਥਾਂਵਾਂ ‘ਤੇ ਧਾਰਾ 144 ਲਾਗੂ ਕਰ ਕੀਤੀ ਜਿੱਥੇ ਪ੍ਰਦਰਸ਼ਨਕਾਰੀਆਂ ਦੇ ਇਕੱਠਾ ਹੋਣ ਦੀ ਤਿਆਰੀ ਕੀਤੀ ਸੀ।



ਇਸੇ ਦੌਰਾਨ ਦਿੱਲੀ ਤੋਂ ਖ਼ਬਰ ਆ ਰਹੀ ਹੈ ਕਿ ਧਾਰਾ 144 ਲਾਗੂ ਹੋਣ ਦੇ ਬਾਵਜੂਦ ਵੱਡੀ ਗਿਣਤੀ ‘ਚ ਪ੍ਰਦਰਸ਼ਨਕਾਰੀ ਲਾਲ ਕਿਲ੍ਹਾ ਦੇ ਨੇੜੇ ਇਕੱਠਾ ਹੋ ਰਹੇ ਹਨ। ਇੱਥੇ ਹੀ ਪੁਲਿਸ ਨੇ ਸਵਰਾਜ ਪਾਰਟੀ ਦੇ ਨੇਤਾ ਯੋਗੇਂਦਰ ਯਾਦਵ ਸਣੇ ਕਈਆਂ ਨੂੰ ਹਿਰਾਸਤ ‘ਚ ਲਿਆ ਹੈ।


ਦਿੱਲੀ ਦੇ ਕਈ ਇਲਾਕਿਆਂ ‘ਚ ਮੋਬਾਈਲ, ਇੰਟਰਨੈੱਟ ਤੇ ਐਸਐਮਐਸ ਸੇਵਾ ਨੂੰ ਬੰਦ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਬੰਗਲੁਰੂ ‘ਚ ਪ੍ਰਦਰਸ਼ਨ ‘ਚ ਸ਼ਾਮਲ ਫੇਮਸ ਇਤਿਹਾਸਕਾਰ ਰਾਮਚੰਦਰ ਗੁਹਾ ਨੂੰ ਹਿਰਾਸਤ ‘ਚ ਲੈ ਲਿਆ ਗਿਆ ਹੈ।

ਵਿਰੋਧ ਪ੍ਰਦਰਸ਼ਨ ਦੌਰਾਨ ਪੰਜਾਬ ਤੋਂ ਸਾਬਕਾ ਸੰਸਦ ਮੈਂਬਰ ਧਰਮਵੀਰ ਗਾਂਧੀ ਨੂੰ ਵੀ ਦਿੱਲੀ ਵਿੱਚ ਨਜ਼ਰਬੰਦ ਕੀਤਾ ਗਿਆ ਸੀ। ਦੱਸ ਦਈਏ ਕਿ ਹੈਦਰਾਬਾਦ, ਚੇਨਈ ਤੇ ਚੰਡੀਗੜ੍ਹ 'ਚ ਵੀ ਵਿਰੋਧ ਪ੍ਰਦਰਸ਼ਨ ਦੀਆਂ ਖ਼ਬਰਾਂ ਹਨ। ਕਈ ਵਿਰੋਧੀ ਪਾਰਟੀਆਂ ਨੇ ਵੀ ਇਸ ਵਿਰੋਧ ਪ੍ਰਦਰਸ਼ਨ ਦਾ ਸਮਰਥਨ ਕਰਨ ਦਾ ਐਲਾਨ ਕੀਤਾ ਹੈ।