ਨਵੀਂ ਦਿੱਲੀ: ਰਾਸ਼ਟਰੀ ਰਾਜਧਾਨੀ 'ਚ ਨਾਗਰਿਕਤਾ ਕਾਨੂੰਨ ਵਿਰੁੱਧ ਵਿਰੋਧ ਦਾ ਦਾਇਰਾ ਵਧਦਾ ਜਾ ਰਿਹਾ ਹੈ। ਜਾਮੀਆ ਮਿਲੀਆ ਯੂਨੀਵਰਸਿਟੀ ਤੋਂ ਬਾਅਦ ਉੱਤਰ-ਪੂਰਬੀ ਦਿੱਲੀ ਦੇ ਸੀਲਮਪੁਰ ਖੇਤਰ 'ਚ ਨਾਗਰਿਕਤਾ ਕਾਨੂੰਨ ਵਿਰੁੱਧ ਰੈਲੀ ਕੀਤੀ ਗਈ। ਇਸ ਦੌਰਾਨ ਸਥਾਨਕ ਲੋਕਾਂ ਨੇ ਪੁਲਿਸ 'ਤੇ ਪੱਥਰ ਸੁੱਟੇ। ਭੀੜ ਨੂੰ ਭਜਾਉਣ ਲਈ ਪੁਲਿਸ ਨੇ ਅੱਥਰੂ ਗੈਸ ਦੇ ਗੋਲੇ ਛੱਡੇ।


ਪ੍ਰਦਰਸ਼ਨ ਕਰਕੇ ਸੱਤ ਮੈਟਰੋ ਸਟੇਸ਼ਨ ਬੰਦ ਕਰ ਦਿੱਤੇ ਗਏ ਹਨ। ਵੈਲਕਮ, ਜਾਫਰਾਬਾਦ, ਮੌਜਪੁਰ-ਬਾਬਰਪੁਰ, ਜੌਹਰੀ ਐਨਕਲੇਵ, ਸ਼ਿਵਵਿਹਾਰ, ਸਲੇਮਪੁਰ ਤੇ ਗੋਕੂਲਪੁਰੀ ਮੈਟਰੋ ਸਟੇਸ਼ਨਾਂ ਦੇ ਪ੍ਰਵੇਸ਼ ਤੇ ਐਗਜ਼ਿਟ ਗੇਟ ਬੰਦ ਕਰ ਦਿੱਤੇ ਗਏ ਹਨ। ਖੇਤਰ 'ਚ ਤਣਾਅ ਦੇ ਮੱਦੇਨਜ਼ਰ ਡਰੋਨ ਰਾਹੀਂ ਨਿਗਰਾਨੀ ਕੀਤੀ ਜਾ ਰਹੀ ਹੈ।


ਇਸ ਸਬੰਧ 'ਚ ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਲੋਕ ਸੀਲਮਪੁਰ ਟੀ ਪੁਆਇੰਟ 'ਤੇ ਇਕੱਠੇ ਹੋਏ ਤੇ ਵਿਰੋਧ ਪ੍ਰਦਰਸ਼ਨ ਸ਼ੁਰੂ ਕੀਤਾ। ਰੈਲੀ 'ਚ ਸ਼ਾਮਲ ਇੱਕ ਵਿਅਕਤੀ ਨੇ ਕਿਹਾ ਕਿ ਉਸ ਦਾ ਵਿਰੋਧ ਜਮੀਆ ਮਿਲੀਆ ਇਸਲਾਮੀਆ ਯੂਨੀਵਰਸਿਟੀ ਵਿਖੇ ਵਿਦਿਆਰਥੀਆਂ ਖਿਲਾਫ ਪੁਲਿਸ ਕਾਰਵਾਈ ਤੇ ਦੇਸ਼ 'ਚ ਐਨਆਰਸੀ ਨੂੰ ਲਾਗੂ ਕਰਨ ਦੀਆਂ ਤਿਆਰੀਆਂ ਦੇ ਖਿਲਾਫ ਹੈ।