ਨਵੀਂ ਦਿੱਲੀ: ਦਿੱਲੀ ਹਿੰਸਾ ਨੇ ਪੂਰੀ ਦੁਨੀਆ ਵਿੱਚ ਭਾਰਤ ਦਾ ਅਕਸ ਖਰਾਬ ਕੀਤਾ ਹੈ। ਕਈ ਦੇਸ਼ਾਂ ਨੇ ਆਪਣੇ ਨਾਗਰਿਕਾਂ ਨੂੰ ਭਾਰਤ ਨਾ ਜਾਣ ਦੀ ਸਲਾਹ ਦਿੱਤੀ ਹੈ। ਕੈਨੇਡਾ ਸਰਕਾਰ ਨੇ ਵੀ ਆਪਣੇ ਨਾਗਰਿਕਾਂ ਲਈ ਚੇਤਾਵਨੀ ਜਾਰੀ ਕੀਤੀ ਹੈ।

ਦਿੱਲੀ ਹਿੰਸਾ ਨੂੰ ਵੇਖਦਿਆਂ ਕੈਨੇਡਾ ਸਰਕਾਰ ਨੇ ਭਾਰਤ ਜਾਣ ਵਾਲੇ ਆਪਣੇ ਯਾਤਰੀਆਂ ਲਈ ਟਰੈਵਲ ਐਡਵਾਇਜ਼ਰੀ ਜਾਰੀ ਕੀਤੀ ਹੈ। ਟਰੈਵਲ ਐਡਵਾਇਜ਼ਰੀ ਵਿੱਚ ਕਿਹਾ ਹੈ ਕਿ ਨਾਗਰਿਕਤਾ ਸੋਧ ਕਾਨੂੰਨ ਨੂੰ ਲੈ ਕੇ ਭਾਰਤ ਵਿੱਚ ਹਾਲਾਤ ਤਣਾਅਪੂਰਨ ਬਣੇ ਹੋਏ ਹਨ। ਇਸ ਲਈ ਕੈਨੇਡਾ ਦੇ ਨਾਗਰਿਕ ਬੰਗਲਾਦੇਸ਼ ਤੇ ਮਿਆਂਮਾਰ ਨਾਲ ਲੱਗਦੇ ਭਾਰਤੀ ਸੂਬਿਆਂ ਅਰੁਣਾਚਲ ਪ੍ਰਦੇਸ਼, ਅਸਾਮ, ਮਣੀਪੁਰ, ਮੇਘਾਲਿਆ, ਮਿਜ਼ੋਰਮ ਤੇ ਨਾਗਾਲੈਂਡ ਸਣੇ ਭਾਰਤ ਦੇ ਹੋਰ ਸਰਹੱਦੀ ਖੇਤਰਾਂ ਵਿੱਚ ਜਾਣ ਤੋਂ ਪਰਹੇਜ਼ ਕਰਨ।

ਇਸ ਤੋਂ ਇਲਾਵਾ ਕੈਨੇਡਾ ਨੇ ਆਪਣੇ ਨਾਗਰਿਕਾਂ ਨੂੰ ਜੰਮੂ-ਕਸ਼ਮੀਰ, ਪੰਜਾਬ, ਗੁਜਰਾਤ ਤੇ ਰਾਜਸਥਾਨ ਸਣੇ ਪਾਕਿਸਤਾਨ ਨਾਲ ਲੱਗਦੇ ਕਈ ਸਰਹੱਦੀ ਖੇਤਰਾਂ ਵਿੱਚ ਨਾ ਜਾਣ ਦੀ ਸਲਾਹ ਦਿੱਤੀ ਹੈ।