ਚੰਡੀਗੜ੍ਹ: ਪੰਜਾਬ ਤੇ ਹਰਿਆਣਾ ਦਰਮਿਆਨ ਲੰਮੇ ਸਮੇਂ ਤੋਂ ਚੱਲਦੇ ਆ ਰਹੇ ਸਤਲੁਜ ਯਮੁਨਾ ਲਿੰਕ ਨਹਿਰ ਦੇ ਮੁੱਦੇ ਦੇ ਹੱਲ ਲਈ ਸੁਪਰੀਮ ਕੋਰਟ ਨੇ ਦੋਵਾਂ ਸੂਬਾ ਸਰਕਾਰਾਂ ਨੂੰ 4 ਮਹੀਨਿਆਂ ਦਾ ਸਮਾਂ ਦਿੱਤਾ ਹੈ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੋਵਾਂ ਸੂਬਾ ਸਰਕਾਰਾਂ ਵੱਲੋਂ ਗੱਲਬਾਤ ਰਾਹੀਂ ਮਸਲੇ ਦਾ ਚੰਗਾ ਹੱਲ ਕੱਢਣ ਦੀ ਆਸ ਜਤਾਈ ਹੈ। ਉਨ੍ਹਾਂ ਕਿਹਾ ਕਿ ਦੋਵਾਂ ਸੂਬਿਆਂ ਦੇ ਮੁੱਖ ਸਕੱਤਰਾਂ ਦੀ ਅਗਵਾਈ ਹੇਠ ਟੀਮਾਂ ਦੀ ਆਪਸੀ ਗੱਲਬਾਤ ਚੱਲ ਰਹੀ ਹੈ।


ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਪੂਰੀ ਆਸ ਹੈ ਕਿ ਸੁਪਰੀਮ ਕੋਰਟ ਵੱਲੋਂ ਦਿੱਤੇ ਚਾਰ ਮਹੀਨਿਆਂ ਦੇ ਸਮੇਂ ਅੰਦਰ ਦੋਵੇਂ ਸੂਬੇ ਗੱਲਬਾਤ ਜ਼ਰੀਏ ਇਸ ਮਾਮਲੇ ਦਾ ਹੱਲ ਕੱਢ ਲੈਣਗੇ। ਮਸਲਾ ਗੱਲਬਾਤ ਜ਼ਰੀਏ ਹੱਲ ਹੋ ਜਾਵੇ, ਇਹੀ ਬਿਹਤਰ ਹੋਵੇਗਾ।


ਇਹ ਵੀ ਪੜ੍ਹੋ: ਕੇਂਦਰ ਨੇ SYL ਦੇ ਹੱਲ਼ ਲਈ ਮੰਗੇ 3 ਮਹੀਨੇ, ਸੁਪਰੀਮ ਕੋਰਟ ਨੇ ਕਿਹਾ ਜਾਓ ਚਾਰ ਮਹੀਨੇ ਦਿੱਤੇ


ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਸਪਸ਼ਟ ਕੀਤਾ ਕਿ ਪੰਜਾਬ ਸਰਕਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਮਾਗਮਾਂ ਲਈ ਸ਼੍ਰੋਮਣੀ ਕਮੇਟੀ ਨੂੰ ਪੂਰਾ ਸਹਿਯੋਗ ਦਏਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ 'ਤੇ ਸ਼੍ਰੋਮਣੀ ਕਮੇਟੀ ਨੂੰ ਸਹਿਯੋਗ ਨਾ ਕਰਨ ਦੇ ਲਾਏ ਜਾ ਰਹੇ ਇਲਜ਼ਾਮ ਬਿਲਕੁਲ ਗ਼ਲਤ ਹਨ।


ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਗੁਰਦੁਆਰਾ ਸਾਹਿਬ ਦੇ ਅੰਦਰ ਕੋਈ ਵੀ ਸਮਾਗਮ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਪੂਰਾ ਸਹਿਯੋਗ ਦਿੱਤਾ ਜਾਵੇਗਾ। ਹਾਲਾਂਕਿ ਪਹਿਲਾਂ ਦੀ ਤਰ੍ਹਾਂ ਸੂਬਾ ਸਰਕਾਰ ਵੱਲੋਂ ਮੁੱਖ ਸਮਾਗਮ ਗੁਰਦੁਆਰਾ ਸਾਹਿਬ ਤੋਂ ਬਾਹਰ ਕਰਵਾਇਆ ਜਾ ਰਿਹਾ ਹੈ।