ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੱਲੋਂ ਵਾਰ-ਵਾਰ ਚੋਣ ਜ਼ਾਬਤੇ ਦੀ ਉਲੰਘਣਾ ਦੀ ਜਾਂਚ ਸਬੰਧੀ ਚੋਣ ਕਮਿਸ਼ਨ ਨੂੰ ਲਿਖਤੀ ਸ਼ਿਕਾਇਤ ਕਰ ਦਿੱਤੀ ਹੈ। ਉਨ੍ਹਾਂ ਇਲਜ਼ਾਮ ਲਾਇਆ ਹੈ ਕਿ ਪ੍ਰਧਾਨ ਮੰਤਰੀ ਨਵੇਂ ਵੋਟਰਾਂ ਨੂੰ ਲੁਭਾਉਣ ਲਈ ਵਾਰ-ਵਾਰ ਬਾਲਾਕੋਟ ਤੇ ਪੁਲਵਾਮਾ ਹਮਲੇ ਦਾ ਜ਼ਿਕਰ ਕਰ ਰਹੇ ਹਨ ਜੋ ਬੇਹੱਦ ਸ਼ਰਮਨਾਕ ਹੈ। ਉਨ੍ਹਾਂ ਚੋਣ ਕਮਿਸ਼ਨ ਕੋਲ ਪੀਐਮ ਖਿਲਾਫ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਚੋਣ ਕਮਿਸ਼ਨ ਨੂੰ ਪੀਐਮ ਮੋਦੀ ਦੇ ਮਹਾਰਾਸ਼ਟਰ ਵਿੱਚ ਸੰਬੋਧਨ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਹ ਮੋਦੀ ਵੱਲੋਂ ਚੋਣ ਜ਼ਾਬਤੇ ਦੀ ਉਲੰਘਣਾ ਦਾ ਤਾਜ਼ਾ ਮਾਮਲਾ ਹੈ ਜਿਸ ਨੂੰ ਮੀਡੀਆ ਵਿੱਚ ਵੀ ਸਾਹਮਣੇ ਲਿਆਂਦਾ ਗਿਆ ਹੈ। ਉਨ੍ਹਾਂ ਕਿਹਾ ਕਿ ਅਜਿਹੇ ਮਾਮਲਿਆਂ ਨੂੰ ਨਜ਼ਰ ਅੰਦਾਜ਼ ਕਰਕੇ ਚੋਣ ਕਮਿਸ਼ਨ ਪੱਖਪਾਤ ਕਰ ਰਿਹਾ ਹੈ।

ਮੁੱਖ ਚੋਣ ਕਮਿਸ਼ਨ ਸੁਨੀਲ ਅਰੋੜਾ ਨੂੰ ਲਿਖੀ ਚਿੱਠੀ ਵਿੱਚ ਕੈਪਟਨ ਨੇ ਪੀਐਮ ਮੋਦੀ ਵੱਲੋਂ ਨਵੇਂ ਵੋਟਰਾਂ ਨੂੰ ਲੁਭਾਉਣ ਲਈ ਬਾਲਾਕੋਟ ਵਿੱਚ ਕੀਤੀ ਏਅਰ ਸਟ੍ਰਾਈਕ ਤੇ ਪੁਲਵਾਮਾ ਹਮਲੇ ਦੌਰਾਨ ਸ਼ਹੀਦ ਹੋਏ ਜਵਾਨਾਂ ਦੀ ਸ਼ਹਾਦਤ ਦਾ ਇਸਤੇਮਾਲ ਕਰਨ ਦਾ ਸਖ਼ਤ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਨੂੰ ਅਜਿਹੇ ਪੱਖਪਾਤੀ ਵਿਹਾਰ ਵਿੱਚ ਸ਼ਾਮਲ ਹੋਣ ਦੀ ਆਗਿਆ ਦੇਣਾ ਬੇਹੱਦ ਮੰਦਭਾਗਾ ਹੈ। ਉਨ੍ਹਾਂ ਚੋਣ ਕਮਿਸ਼ਨ ਵੱਲੋਂ ਇਸ ਖਿਲਾਫ ਕਾਰਵਾਈ ਨਾ ਕਰਨ 'ਤੇ ਸਵਾਲ ਚੁੱਕੇ।