ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਬੇਨਤੀ ਕੀਤੀ ਹੈ ਕਿ ਉਹ ਨੌਂਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਉਤਸਵ ਮੌਕੇ 937 ਕਰੋੜ ਰੁਪਏ ਦੇ ਵਿਭਿੰਨ ਪ੍ਰੋਜੈਕਟਾਂ ਬਾਰੇ ਰਾਜ ਸਰਕਾਰ ਦੀ ਤਜਵੀਜ਼ ਨੂੰ ਹਰੀ ਝੰਡੀ ਦੇਣ। ਦੱਸ ਦੇਈਏ ਕਿ ਇਨ੍ਹਾਂ ਵਿੱਚੋਂ ਇੱਕ ਪ੍ਰੋਜੈਕਟ ਸ੍ਰੀ ਅਨੰਦਪੁਰ ਸਾਹਿਬ ਨੂੰ ‘ਸਮਾਰਟ ਸਿਟੀ’ ਵਜੋਂ ਵਿਕਸਤ ਕਰਨ ਨਾਲ ਸਬੰਧਤ ਹੈ।
ਪ੍ਰਧਾਨ ਮੰਤਰੀ ਵੱਲੋਂ ਇਸ ਵਰ੍ਹੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400ਵਾਂ ਪ੍ਰਕਾਸ਼ ਪੁਰਬ ਮਨਾਉਣ ਲਈ ਯੋਜਨਾਵਾਂ ਨੂੰ ਅੰਤਿਮ ਰੂਪ ਦੇਣ ਲਈ ਸੱਦੀ ਗਈ ਉੱਚ ਪੱਧਰੀ ਰਾਸ਼ਟਰੀ ਕਮੇਟੀ ਦੀ ਮੀਟਿੰਗ ’ਚ ਵਰਚੁਅਲੀ ਭਾਗ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਸਾਰੇ ਸੁਭਾਗੇ ਹਾਂ ਕਿ ਅਸੀਂ ਆਪਣੇ ਜੀਵਨ ’ਚ ਇਸ ਮਹਾਨ ਮੌਕੇ ਨੂੰ ਮਨਾਉਣ ਜਾ ਰਹੇ ਹਾਂ। ਮੋਦੀ ਜੀ ਮੈਂ ਬੇਨਤੀ ਕਰਦਾ ਹਾਂ ਕਿ ਤੁਸੀਂ ਇਸ ਇਤਿਹਾਸਕ ਮੌਕੇ ਨੂੰ ਨਾ ਸਿਰਫ਼ ਰਾਸ਼ਟਰੀ ਪੱਧਰ ਉੱਤੇ, ਸਗੋਂ ਵਿਸ਼ਵ ਪੱਧਰ ਉੱਤੇ ਮਨਾਉਣਾ ਯਕੀਨੀ ਬਣਾਓ।
ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਸਾਡੇ ਦੇਸ਼ ਦੀਆਂ ਵਿਭਿੰਨਤਾਵਾਂ ਨਾਲ ਭਰਪੂਰ ਮਹਾਨ ਰਵਾਇਤਾਂ ਤੇ ਧਰਮ ਨਿਰਪੇਖਤਾ ਦੇ ਰੌਸ਼ਨ ਪ੍ਰਤੀਕ ਹਨ ਅਤੇ ਉਨ੍ਹਾਂ ਦਾ ਮਹਾਨ ਬਲੀਦਾਨ ਭਾਰਤ ਦੇ ਇਤਿਹਾਸ ਦਾ ਅਹਿਮ ਹਿੱਸਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਖ਼ੁਦ ਨੂੰ ਸੁਭਾਗੇ ਸਮਝਦੇ ਹਨ ਕਿ ਉਨ੍ਹਾਂ ਦੇ ਮੌਜੂਦਾ ਕਾਰਜਕਾਲ ਦੌਰਾਨ ਉਨ੍ਹਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵਾਂ ਪ੍ਰਕਾਸ਼ ਪੁਰਬ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਨਾਲ ਸਬੰਧਤ ਵਿਸ਼ਾਲ ਸਮਾਰੋਹਾਂ ਦਾ ਇੱਕ ਹਿੱਸਾ ਬਣਨ ਦਾ ਮੌਕਾ ਮਿਲਿਆ। ਉਨ੍ਹਾਂ ਕਿਹਾ,‘ਆਪਣੇ ਪਿਛਲੇ ਕਾਰਜਕਾਲ ਦੌਰਾਨ ਵੀ ਮੈਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਥਾਪਨਾ ਦੀ 400ਵੀਂ ਵਰ੍ਹੇਗੰਢ ਦੇ ਸਮਾਰੋਹਾਂ ਦਾ ਹਿੱਸਾ ਬਣਨ ਦਾ ਸੁਭਾਗ ਪ੍ਰਾਪਤ ਹੋਇਆ ਸੀ।’
ਇਸ ਸਬੰਧੀ ਕੇਂਦਰ ਸਰਕਾਰ ਨੂੰ ਭੇਜੇ ਯਾਦ ਪੱਤਰ (ਮੈਮੋਰੈਂਡਮ) ਬਾਰੇ ਪ੍ਰਧਾਨ ਮੰਤਰੀ ਨੂੰ ਜਾਣਕਾਰੀ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਗੁਰੂ ਸਾਹਿਬ ਦੇ ਜੀਵਨ ਨਾਲ ਜੁੜੇ ਰਹੇ ਨਗਰਾਂ ਤੇ ਪਿੰਡਾਂ ਦੀ ਬਾਕਾਇਦਾ ਸ਼ਨਾਖ਼ਤ ਕਰ ਕੇ ਉਨ੍ਹਾਂ ਦੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਦੀ ਯੋਜਨਾ ਉਲੀਕੀ ਸੀ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਤੋਂ ਇਲਾਵਾ ਸ੍ਰੀ ਅਨੰਦਪੁਰ ਸਾਹਿਬ ਅਤੇ ਬਾਬਾ ਬਕਾਲਾ ਸ਼ਹਿਰ ਇ ਸਬੰਧੀ ਅਹਿਮ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ 78 ਪਿੰਡਾਂ ਨੂੰ ਗੁਰੂ ਸਾਹਿਬ ਦੀ ਚਰਨ ਛੋਹ ਪ੍ਰਾਪਤ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਰਾਜ ਸਰਕਾਰ ਵੱਲੋਂ ਕੇਂਦਰ ਸਰਕਾਰ ਨੂੰ ਭੇਜੀਆਂ ਤਜਵੀਜ਼ਾਂ ਵਿੱਚ ਸ੍ਰੀ ਅਨੰਦਪੁਰ ਸਾਹਿਬ, ਅੰਮ੍ਰਿਤਸਰ ਤੇ ਬਾਬਾ ਬਕਾਲਾ ਨਗਰਾਂ ਤੇ ਉਨ੍ਹਾਂ ਦੇ ਆਲੇ-ਦੁਆਲੇ ਦੇ ਇਲਾਕਿਆਂ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਜਿਹੀਆਂ ਯੋਜਨਾਵਾਂ ਸ਼ਾਮਲ ਹਨ। ਇਨ੍ਹਾਂ ਤੋਂ ਇਲਾਵਾ ਪੰਜਾਬ ਦੇ 78 ਪਿੰਡਾਂ ਵਿੱਚ ਤਾਲਾਬਾਂ ਤੇ ਰਵਾਇਤੀ ਛੱਪੜਾਂ ਨੂੰ ਮੁੜ–ਸੁਰਜੀਤ ਕਰਨਾ ਅਤੇ ਅੰਮ੍ਰਿਤਸਰ ਦੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਕੂਲ ਆਫ਼ ਟੈਕਸਟਾਈਲ ਟੈਕਨੋਲੋਜੀ ਅਤੇ ਸਠਿਆਲਾ, ਬਾਬਾ ਬਕਾਲਾ ’ਚ ਸ੍ਰੀ ਗੁਰੂ ਤੇਗ ਬਹਾਦਰ ਇੰਸਟੀਚਿਊਟ ਆਫ਼ ਹੈਂਡੀਕ੍ਰਾਫ਼ਟਸ ਦੀ ਸਥਾਪਨਾ ਵੀ ਕੀਤੀ ਜਾਣੀ ਹੈ।
ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ਬੇਨਤੀ ਕੀਤੀ ਕਿ ਕੇਂਦਰ ਸਰਕਾਰ ਇਸ ਮੌਕੇ ਇੱਕ ਵਿਸ਼ੇਸ਼ ਯਾਦਗਾਰੀ ਡਾਕ ਟਿਕਟ ਵੀ ਜਾਰੀ ਕਰੇ। ਉਨ੍ਹਾਂ ਸੁਝਾਅ ਦਿੱਤਾ ਕਿ ਯਾਦਗਾਰੀ ਸਮਾਰੋਹ ਸਮੁੱਚੇ ਦੇਸ਼ ਦੇ ਨਾਲ-ਨਾਲ ਹੋਰਨਾਂ ਦੇਸ਼ਾਂ ’ਚ ਮੌਜੂਦ ਸਾਰੀਆਂ ਭਾਰਤੀ ਮਿਸ਼ਨਾਂ ਵਿੱਚ ਮਨਾਏ ਜਾਣ, ਤਾਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਦਾ ਤਾਕਤਵਰ ਸੰਦੇਸ਼ ਦੁਨੀਆ ਦੇ ਕੋਣੇ-ਕੋਣੇ ਤੱਕ ਪੁੱਜ ਸਕੇ।
ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨੂੰ ਸੂਚਿਤ ਕੀਤਾ ਕਿ ਕੋਵਿਡ-19 ਦੀ ਮੌਜੂਦਾ ਸਥਿਤੀ ਨੂੰ ਧਿਆਨ ’ਚ ਰੱਖਦਿਆਂ 1 ਮਈ ਨੂੰ ਮੁੱਖ ਪ੍ਰੋਗਰਾਮ ਦੇ ਵੇਰਵਿਆਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ।