Delhi Excise Policy Case : ਸੀਬੀਆਈ ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਕਾਰੋਬਾਰੀ ਵਿਜੇ ਨਾਇਰ ਨੂੰ ਗ੍ਰਿਫ਼ਤਾਰ ਕੀਤਾ ਹੈ। ਸੀਬੀਆਈ ਦੇ ਇਕ ਅਧਿਕਾਰੀ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਵਿਜੇ ਨਾਇਰ ਈਵੈਂਟ ਮੈਨੇਜਮੈਂਟ ਕੰਪਨੀ ਓਨਲੀ ਮਚ ਲਾਊਡਰ ਦੇ ਸਾਬਕਾ ਸੀ.ਈ.ਓ. ਹੈ। ਸਮਾਚਾਰ ਏਜੰਸੀ ਏਐਨਆਈ ਦੇ ਸੂਤਰਾਂ ਅਨੁਸਾਰ ਵਿਜੇ ਨਾਇਰ ਨੂੰ ਸੀਬੀਆਈ ਹੈੱਡਕੁਆਰਟਰ ਬੁਲਾਇਆ ਗਿਆ ਸੀ ਅਤੇ ਪੁੱਛਗਿੱਛ ਤੋਂ ਬਾਅਦ ਗ੍ਰਿਫਤਾਰ ਕਰ ਲਿਆ ਗਿਆ।
ਉਸ ਨੂੰ ਸਾਜ਼ਿਸ਼ ਰਚਣ, 'ਕਾਰਟਲਾਈਜ਼ੇਸ਼ਨ' ਅਤੇ 'ਚੁਣੇ ਹੋਏ ਲਾਇਸੈਂਸ' ਲਈ ਗ੍ਰਿਫਤਾਰ ਕੀਤਾ ਗਿਆ ਹੈ। ਸੀਬੀਆਈ ਦਾ ਦੋਸ਼ ਹੈ ਕਿ ਵਿਜੇ ਨਾਇਰ ਰਾਹੀਂ ਇੱਕ ਸ਼ਰਾਬ ਫਰਮ ਦੇ ਮਾਲਕ ਤੋਂ ਰਿਸ਼ਵਤ ਲਈ ਗਈ ਸੀ। ਸੀਬੀਆਈ ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਐਫਆਈਆਰ ਦਰਜ ਕੀਤੀ ਸੀ ,ਜਿਸ ਵਿੱਚ ਵਿਜੇ ਨਾਇਰ, ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ 13 ਹੋਰਾਂ ਨੂੰ ਨਾਮਜ਼ਦ ਕੀਤਾ ਗਿਆ ਸੀ।
ਆਪ ਨੇ ਜਾਰੀ ਕੀਤਾ ਬਿਆਨ
'ਆਪ' ਨੇ ਸੀਬੀਆਈ ਵੱਲੋਂ ਵਿਜੇ ਨਾਇਰ ਦੀ ਗ੍ਰਿਫ਼ਤਾਰੀ 'ਤੇ ਬਿਆਨ ਜਾਰੀ ਕੀਤਾ ਹੈ। ਜਿਸ ਵਿੱਚ ਕਿਹਾ ਗਿਆ ਸੀ ਕਿ ਵਿਜੇ ਨਾਇਰ ‘ਆਪ’ ਦੇ ਸੰਚਾਰ ਇੰਚਾਰਜ ਹਨ। ਉਹ ਪਹਿਲਾਂ ਪੰਜਾਬ ਅਤੇ ਹੁਣ ਗੁਜਰਾਤ ਵਿੱਚ ਸੰਚਾਰ ਰਣਨੀਤੀਆਂ ਨੂੰ ਵਿਕਸਤ ਕਰਨ ਅਤੇ ਲਾਗੂ ਕਰਨ ਦੇ ਲਈ ਜ਼ਿੰਮੇਵਾਰ ਸੰਭਾਲ ਰਹੇ ਸੀ। ਉਨ੍ਹਾਂ ਦਾ ਆਬਕਾਰੀ ਨੀਤੀ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਹੈਰਾਨੀ ਦੀ ਗੱਲ ਹੈ ਕਿ ਉਸ ਨੂੰ ਸੀਬੀਆਈ ਨੇ ਆਬਕਾਰੀ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। 'ਆਪ' ਦੇ ਰਾਜ ਸਭਾ ਸਾਂਸਦ ਰਾਘਵ ਚੱਢਾ ਨੇ ਪਾਰਟੀ ਦੇ ਇਸ ਬਿਆਨ ਦਾ ਟਵੀਟ ਕੀਤਾ ਹੈ।
ਮਨੀਸ਼ ਸਿਸੋਦੀਆ ਦਾ ਨਾਂ ਲੈਣ ਦਾ ਬਣਾਇਆ ਦਬਾਅ
'ਆਪ' ਨੇ ਅੱਗੇ ਕਿਹਾ ਕਿ ਵਿਜੇ ਨਾਇਰ ਨੂੰ ਪਿਛਲੇ ਕੁਝ ਦਿਨਾਂ ਤੋਂ ਪੁੱਛਗਿੱਛ ਲਈ ਬੁਲਾਇਆ ਗਿਆ ਸੀ ਅਤੇ ਉਨ੍ਹਾਂ 'ਤੇ ਮਨੀਸ਼ ਸਿਸੋਦੀਆ ਦਾ ਨਾਂ ਲੈਣ ਲਈ ਦਬਾਅ ਪਾਇਆ ਗਿਆ ਸੀ। ਜਦੋਂ ਉਸਨੇ ਅਜਿਹਾ ਕਰਨ ਤੋਂ ਇਨਕਾਰ ਕੀਤਾ ਤਾਂ ਉਸਨੂੰ ਗ੍ਰਿਫਤਾਰ ਕਰਨ ਦੀ ਧਮਕੀ ਦਿੱਤੀ ਗਈ। ਪਿਛਲੇ ਇੱਕ ਮਹੀਨੇ ਵਿੱਚ ਦੋ ਵਾਰ ਉਸ ਦੇ ਘਰ ਛਾਪੇਮਾਰੀ ਕੀਤੀ ਗਈ ਪਰ ਕੁਝ ਨਹੀਂ ਮਿਲਿਆ। ਇਹ 'ਆਪ' ਨੂੰ ਕੁਚਲਣ ਅਤੇ 'ਆਪ' ਦੀ ਗੁਜਰਾਤ ਮੁਹਿੰਮ 'ਚ ਰੁਕਾਵਟ ਪਾਉਣ ਦੀਆਂ ਭਾਜਪਾ ਦੀਆਂ ਕੋਸ਼ਿਸ਼ਾਂ ਦਾ ਹਿੱਸਾ ਹੈ।
ਆਮ ਆਦਮੀ ਪਾਰਟੀ ਨੇ ਕਿਹਾ ਕਿ ਪੂਰਾ ਦੇਸ਼ ਦੇਖ ਰਿਹਾ ਹੈ ਕਿ ਕਿਵੇਂ ਭਾਰਤ ਭਰ 'ਚ 'ਆਪ' (ਆਪ) ਦੀ ਵਧਦੀ ਲੋਕਪ੍ਰਿਅਤਾ ਤੋਂ ਭਾਜਪਾ ਪੂਰੀ ਤਰ੍ਹਾਂ ਨਾਲ ਬੌਖਲਾ ਗਈ ਹੈ। ਗੁਜਰਾਤ 'ਚ 'ਆਪ' ਦੇ ਤੇਜ਼ੀ ਨਾਲ ਵਧ ਰਹੇ ਵੋਟ ਸ਼ੇਅਰ ਨੂੰ ਭਾਜਪਾ ਹਜ਼ਮ ਨਹੀਂ ਕਰ ਪਾ ਰਹੀ ਹੈ। ਅਸੀਂ ਭਾਜਪਾ ਵੱਲੋਂ ਅਪਣਾਏ ਜਾ ਰਹੇ ਇਨ੍ਹਾਂ ਗੈਰ-ਸੰਵਿਧਾਨਕ ਅਤੇ ਗੈਰ-ਕਾਨੂੰਨੀ ਤਰੀਕਿਆਂ ਦੀ ਸਖ਼ਤ ਨਿਖੇਧੀ ਕਰਦੇ ਹਾਂ। ਵਿਜੇ ਨਾਇਰ ਅਤੇ 'ਆਪ' ਆਗੂਆਂ 'ਤੇ ਲੱਗੇ ਸਾਰੇ ਦੋਸ਼ ਝੂਠੇ ਅਤੇ ਪੂਰੀ ਤਰ੍ਹਾਂ ਬੇਬੁਨਿਆਦ ਹਨ।
ਮਨੀਸ਼ ਸਿਸੋਦੀਆ ਦੇ ਘਰ ਦੀ ਕੀਤੀ ਸੀ ਛਾਪੇਮਾਰੀ
ਧਿਆਨ ਯੋਗ ਹੈ ਕਿ ਦਿੱਲੀ ਦੇ ਉਪ ਰਾਜਪਾਲ ਵਿਨੇ ਕੁਮਾਰ ਸਕਸੈਨਾ ਨੇ ਦਿੱਲੀ ਆਬਕਾਰੀ ਨੀਤੀ 2021-22 ਦੀ ਸੀਬੀਆਈ ਜਾਂਚ ਦੀ ਸਿਫਾਰਿਸ਼ ਕੀਤੀ ਸੀ, ਜਿਸ ਤੋਂ ਬਾਅਦ ਐਫਆਈਆਰ ਦਰਜ ਕੀਤੀ ਗਈ ਸੀ। ਇਸ ਤੋਂ ਬਾਅਦ ਦਿੱਲੀ ਸਰਕਾਰ ਨੇ ਇਹ ਨੀਤੀ ਵਾਪਸ ਲੈਣ ਦਾ ਐਲਾਨ ਕੀਤਾ ਸੀ। ਇਸ ਮਾਮਲੇ ਦੇ ਸਬੰਧ 'ਚ ਪਿਛਲੇ ਮਹੀਨੇ ਅਗਸਤ 'ਚ ਸੀਬੀਆਈ ਨੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਦਿੱਲੀ ਸਥਿਤ ਘਰ ਅਤੇ ਕਈ ਸੂਬਿਆਂ 'ਚ 20 ਹੋਰ ਥਾਵਾਂ 'ਤੇ ਛਾਪੇਮਾਰੀ ਕੀਤੀ ਸੀ।
'ਆਪ' ਅਤੇ ਭਾਜਪਾ ਨੇ ਇਕ-ਦੂਜੇ 'ਤੇ ਲਗਾਏ ਸੀ ਆਰੋਪ
ਮਨੀਸ਼ ਸਿਸੋਦੀਆ ਦੇ ਘਰ 'ਤੇ ਛਾਪੇਮਾਰੀ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਭਾਜਪਾ 'ਤੇ ਸਿਆਸੀ ਨਫ਼ਰਤ ਦੀ ਭਾਵਨਾ ਨਾਲ ਕਾਰਵਾਈ ਕਰਨ ਦਾ ਆਰੋਪ ਲਗਾਇਆ ਸੀ। ਇਸ ਤੋਂ ਬਾਅਦ ਦੋਵੇਂ ਧਿਰਾਂ ਇੱਕ ਦੂਜੇ 'ਤੇ ਹਮਲਾਵਰ ਬਣ ਗਈਆਂ। ਮਨੀਸ਼ ਸਿਸੋਦੀਆ ਨੇ ਭਾਜਪਾ 'ਤੇ ਵੀ ਦੋਸ਼ ਲਗਾਇਆ ਸੀ ਕਿ ਭਾਜਪਾ ਨੇ ਉਨ੍ਹਾਂ ਨੂੰ ਪੇਸ਼ਕਸ਼ ਕੀਤੀ ਸੀ ਕਿ ਜੇਕਰ ਤੁਸੀਂ ਭਾਜਪਾ ਛੱਡ ਕੇ ਭਾਜਪਾ 'ਚ ਸ਼ਾਮਲ ਹੋਵੋ ਤਾਂ ਸਾਰੇ ਮਾਮਲੇ ਬੰਦ ਕਰ ਦਿੱਤੇ ਜਾਣਗੇ। ਇਸ ਦੇ ਨਾਲ ਹੀ ਭਾਜਪਾ ਨੇ ਇਨ੍ਹਾਂ ਦੋਸ਼ਾਂ ਤੋਂ ਇਨਕਾਰ ਕਰਦਿਆਂ 'ਆਪ' ਸਰਕਾਰ 'ਤੇ ਭ੍ਰਿਸ਼ਟਾਚਾਰ ਦੇ ਦੋਸ਼ ਲਾਏ ਸਨ।