Manish Sisodia: ਦਿੱਲੀ ਦੇ ਕਥਿਤ ਆਬਕਾਰੀ ਘੁਟਾਲੇ ਦੇ ਮਾਮਲੇ 'ਚ ਉਪ ਮੁੱਖ ਮੰਤਰੀ ਅਤੇ 'ਆਪ' ਨੇਤਾ ਮਨੀਸ਼ ਸਿਸੋਦੀਆ ਦੀਆਂ ਮੁਸ਼ਕਿਲਾਂ ਵਧ ਸਕਦੀਆਂ ਹਨ। ਸੀਬੀਆਈ ਨੇ ਮਨੀਸ਼ ਸਿਸੋਦੀਓ ਨੂੰ ਪੁੱਛਗਿੱਛ ਲਈ ਤਲਬ ਕੀਤਾ ਹੈ। ਪੁੱਛਗਿੱਛ ਸੋਮਵਾਰ (17 ਅਕਤੂਬਰ) ਨੂੰ ਹੋਵੇਗੀ। ਇਸ ਦੇ ਨਾਲ ਹੀ ਇਸ ਪੁੱਛਗਿੱਛ ਨੂੰ ਲੈ ਕੇ ਮਨੀਸ਼ ਸਿਸੋਦੀਆ ਦੀ ਪ੍ਰਤੀਕਿਰਿਆ ਵੀ ਸਾਹਮਣੇ ਆਈ ਹੈ।
ਮਨੀਸ਼ ਸਿਸੋਦੀਆ ਨੇ ਟਵਿੱਟਰ 'ਤੇ ਲਿਖਿਆ, "ਮੇਰੇ ਘਰ 'ਤੇ 14 ਘੰਟੇ CBI ਦਾ ਛਾਪਾ, ਕੁਝ ਵੀ ਸਾਹਮਣੇ ਨਹੀਂ ਆਇਆ। ਮੇਰੇ ਬੈਂਕ ਲਾਕਰ ਦੀ ਤਲਾਸ਼ੀ ਲਈ ਤਾਂ ਉਸ 'ਚ ਕੁਝ ਵੀ ਸਾਹਮਣੇ ਨਹੀਂ ਆਇਆ। ਉਨ੍ਹਾਂ ਨੂੰ ਮੇਰੇ ਪਿੰਡ 'ਚ ਕੁਝ ਨਹੀਂ ਮਿਲਿਆ। ਹੁਣ ਉਨ੍ਹਾਂ ਨੇ ਮੈਨੂੰ ਕੱਲ੍ਹ 11 ਵਜੇ CBI ਹੈੱਡਕੁਆਰਟਰ 'ਤੇ ਬੁਲਾਇਆ ਹੈ। ਮੈਂ ਜਾਵਾਂਗਾ ਅਤੇ ਆਪਣਾ ਪੂਰਾ ਸਹਿਯੋਗ ਦੇਵਾਂਗਾ।
ਈਡੀ ਨੇ ਸ਼ੁੱਕਰਵਾਰ ਨੂੰ ਕੀਤੀ ਛਾਪੇਮਾਰੀ
ਇਸ ਤੋਂ ਪਹਿਲਾਂ ਸ਼ੁੱਕਰਵਾਰ (14 ਅਕਤੂਬਰ) ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਦਿੱਲੀ ਆਬਕਾਰੀ ਘੁਟਾਲੇ ਦੇ ਮਾਮਲੇ 'ਚ ਛਾਪੇਮਾਰੀ ਕੀਤੀ ਸੀ। ਪੀਟੀਆਈ ਮੁਤਾਬਕ, ਮਨੀ ਲਾਂਡਰਿੰਗ ਦੀ ਜਾਂਚ ਦੇ ਹਿੱਸੇ ਵਜੋਂ, ਈਡੀ ਦੇ ਅਧਿਕਾਰੀਆਂ ਨੇ ਰਾਜਧਾਨੀ ਦਿੱਲੀ ਵਿੱਚ ਘੱਟੋ-ਘੱਟ 25 ਥਾਵਾਂ 'ਤੇ ਤਲਾਸ਼ੀ ਮੁਹਿੰਮ ਚਲਾਈ। ਇਹ ਤਲਾਸ਼ੀ ਮੁਹਿੰਮ ਦਿੱਲੀ ਦੇ ਕਈ ਵੱਡੇ ਸ਼ਰਾਬ ਕਾਰੋਬਾਰੀਆਂ ਦੀਆਂ ਰਿਹਾਇਸ਼ਾਂ ਅਤੇ ਹੋਰ ਟਿਕਾਣਿਆਂ 'ਤੇ ਚਲਾਈ ਗਈ।
ਅਧਿਕਾਰੀਆਂ ਮੁਤਾਬਕ ਜਿਨ੍ਹਾਂ ਅਹਾਤਿਆਂ ਦੀ ਤਲਾਸ਼ੀ ਲਈ ਗਈ ਹੈ, ਉਹ ਨਿੱਜੀ ਅਦਾਰੇ ਹਨ ਜੋ ਸ਼ਰਾਬ ਦੇ ਵਪਾਰ ਅਤੇ ਵੰਡ ਵਿੱਚ ਲੱਗੇ ਹੋਏ ਹਨ। ਈਡੀ ਨੇ ਇਸ ਮਾਮਲੇ 'ਚ ਹੁਣ ਤੱਕ ਕਈ ਥਾਵਾਂ 'ਤੇ ਛਾਪੇਮਾਰੀ ਕੀਤੀ ਹੈ ਅਤੇ ਪਿਛਲੇ ਮਹੀਨੇ ਸ਼ਰਾਬ ਕਾਰੋਬਾਰੀ ਅਤੇ ਸ਼ਰਾਬ ਬਣਾਉਣ ਵਾਲੀ ਕੰਪਨੀ 'ਇੰਡੋਸਪ੍ਰਿਟ' ਦੇ ਮੈਨੇਜਿੰਗ ਡਾਇਰੈਕਟਰ ਸਮੀਰ ਮਹਿੰਦਰੂ ਨੂੰ ਗ੍ਰਿਫਤਾਰ ਕੀਤਾ ਹੈ।
ਮਨੀਸ਼ ਸਿਸੋਦੀਆ ਵੀ ਦੋਸ਼ੀ ਹਨ
ਮਹੱਤਵਪੂਰਨ ਗੱਲ ਇਹ ਹੈ ਕਿ ਇਹ ਮਨੀ ਲਾਂਡਰਿੰਗ ਕੇਸ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੁਆਰਾ ਦਰਜ ਕੀਤੀ ਗਈ ਐਫਆਈਆਰ ਨਾਲ ਸਬੰਧਤ ਹੈ, ਜਿਸ ਵਿੱਚ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਹੋਰਾਂ ਨੂੰ ਦੋਸ਼ੀ ਬਣਾਇਆ ਗਿਆ ਹੈ। ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਨੇ ਦਿੱਲੀ ਆਬਕਾਰੀ ਨੀਤੀ 2021-22 ਨੂੰ ਲਾਗੂ ਕਰਨ ਵਿੱਚ ਕਥਿਤ ਬੇਨਿਯਮੀਆਂ ਦੀ ਸੀਬੀਆਈ ਜਾਂਚ ਦੀ ਸਿਫਾਰਸ਼ ਕੀਤੀ ਸੀ। ਉਪ ਰਾਜਪਾਲ ਨੇ ਇਸ ਮਾਮਲੇ ਵਿੱਚ 11 ਆਬਕਾਰੀ ਅਧਿਕਾਰੀਆਂ ਨੂੰ ਵੀ ਮੁਅੱਤਲ ਕਰ ਦਿੱਤਾ ਸੀ। ਉਦੋਂ ਤੋਂ ਇਹ ਸਕੀਮ ਜਾਂਚ ਅਧੀਨ ਹੈ।