ਚੰਡੀਗੜ੍ਹ: ਕੇਂਦਰੀ ਫੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਸੁਲਤਾਨਪੁਰ ਲੋਧੀ ਸਮਾਰਟ ਸਿਟੀ ਪ੍ਰੋਜੈਕਟ ਬਾਰੇ ਅੱਜ ਖੁਲਾਸਾ ਕੀਤਾ ਕਿ ਸਮਾਰਟ ਸਿਟੀ ਮਿਸ਼ਨ ਦੇ ਤਹਿਤ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਦੇ ਸਮਾਰਟ ਸਿਟੀ ਵਜੋਂ ਵਿਕਾਸ ਲਈ ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਨੂੰ 27.11 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਜਾਰੀ ਕਰ ਦਿੱਤੀ ਹੈ।


ਹਰਸਿਮਰਤ ਬਾਦਲ ਨੇ ਦੱਸਿਆ ਕਿ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਐਨਡੀਏ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਸ ਪ੍ਰੋਜੈਕਟ ਲਈ ਕੁੱਲ 135.5 ਕਰੋੜ ਰੁਪਏ ਮਨਜ਼ੂਰ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਕੇਂਦਰ ਸਰਕਾਰ ਵੱਲੋਂ ਦੱਸਿਆ ਗਿਆ ਸੀ ਕਿ 27.11 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਪੰਜਾਬ ਸਰਕਾਰ ਨੂੰ ਜਾਰੀ ਕਰ ਦਿੱਤੀ ਗਈ ਹੈ।


ਹਰਸਿਮਰਤ ਕੌਰ ਨੇ ਕਿਹਾ ਕਿ ਗੁਰੂ ਸਾਹਿਬ ਦੇ 550 ਵੇਂ ਪ੍ਰਕਾਸ਼ ਪੁਰਬ ਦੇ ਪਵਿੱਤਰ ਦਿਹਾੜੇ 'ਤੇ ਇਸ ਪਵਿੱਤਰ ਸ਼ਹਿਰ ਨੂੰ ਸਮਾਰਟ ਸਿਟੀ ਬਣਾਉਣਾ ਸਮੁੱਚੀ ਸਿੱਖ ਸੰਗਤ ਲਈ ਇੱਕ ਅਭੁੱਲ ਤੋਹਫ਼ਾ ਹੋਵੇਗਾ। ਹੋਰ ਜਾਣਕਾਰੀ ਦਿੰਦਿਆਂ ਕੇਂਦਰੀ ਮੰਤਰੀ ਨੇ ਦੱਸਿਆ ਕਿ ਪਵਿੱਤਰ ਸ਼ਹਿਰ ਦੇ ਵਿਕਾਸ ਲਈ ਕੁੱਲ 271 ਕਰੋੜ ਰੁਪਏ ਦੀ ਲਾਗਤ ਦਾ ਅਨੁਮਾਨ ਲਾਇਆ ਗਿਆ ਸੀ ਜੋ ਕੇਂਦਰ ਤੇ ਸੂਬਾ ਸਰਕਾਰਾਂ ਵਿੱਚ ਬਰਾਬਰ ਵੰਡੇ ਜਾਣੇ ਸੀ।


ਉਨ੍ਹਾਂ ਕਿਹਾ ਕਿ ਮਕਾਨ ਅਤੇ ਸ਼ਹਿਰੀ ਮਾਮਲਿਆਂ ਬਾਰੇ ਮੰਤਰਾਲੇ ਦਾ ਹਿੱਸਾ 20:40:40 ਦੇ ਅਨੁਪਾਤ ਵਿੱਚ ਤਿੰਨ ਕਿਸ਼ਤਾਂ ਵਿੱਚ ਜਾਰੀ ਕੀਤਾ ਜਾਵੇਗਾ। ਪ੍ਰੋਜੈਕਟ ਸ਼ੁਰੂ ਕਰਨ ਲਈ 20 ਫੀਸਦੀ (ਲਗਪਗ 27.11 ਕਰੋੜ ਰੁਪਏ) ਦੀ ਪਹਿਲੀ ਕਿਸ਼ਤ ਪਹਿਲਾਂ ਹੀ ਸੂਬਾ ਸਰਕਾਰ ਨੂੰ ਜਾਰੀ ਕੀਤੀ ਗਈ ਹੈ।