ਚੰਡੀਗੜ੍ਹ: ਪੰਜਾਬ ਨਾਲ ਵਿਤਕਰਾ ਕਰਨ ਦੇ ਇਲਜ਼ਾਮ ਲੱਗਣ ਤੋਂ ਬਾਅਦ ਹੁਣ ਕੇਂਦਰ ਸਰਕਾਰ ਨੇ ਪੰਜਾਬੀਆਂ ਦੀ ਪੁਕਾਰ ਸੁਣ ਲਈ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਪੀਲ ’ਤੇ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਵਾਲੀ ਕੇਂਦਰੀ ਟੀਮ ਨੂੰ ਪੰਜਾਬ ਵਿੱਚ ਭੇਜਣ ਦਾ ਫੈਸਲਾ ਕੀਤਾ ਹੈ।


ਕੇਂਦਰੀ ਗ੍ਰਹਿ ਸਕੱਤਰ ਅਜੈ ਭੱਲਾ ਨੇ ਸੂਬਾ ਸਰਕਾਰ ਨੂੰ ਦਿੱਤੀ ਜਾਣਕਾਰੀ ਵਿੱਚ ਕਿਹਾ ਕਿ ਹੜ੍ਹ ਪ੍ਰਭਾਵਿਤ 11 ਸੂਬਿਆਂ ਤੋਂ ਇਲਾਵਾ ਕੇਂਦਰੀ ਟੀਮ ਪੰਜਾਬ ਵਿੱਚ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਵੀ ਮੁਲਾਂਕਣ ਕਰੇਗੀ। ਪੰਜਾਬ ਦੇ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਵੀ ਇਸ ਦੀ ਪੁਸ਼ਟੀ ਕੀਤੀ ਹੈ। ਮੁੱਖ ਮੰਤਰੀ ਨੇ ਇੱਕ ਦਿਨ ਪਹਿਲਾਂ ਹੀ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਸੀ ਕਿ ਪੰਜਾਬ ਨੂੰ ਹੜ੍ਹ ਪੀੜਤ ਸੂਬਿਆਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਜਾਣਾ ਚਾਹੀਦਾ ਹੈ ਕਿਉਂਕਿ ਪੰਜਾਬ ਵਿਚ ਹੜ੍ਹਾਂ ਨਾਲ ਬਹੁਤ ਨੁਕਸਾਨ ਹੋਇਆ ਹੈ।

ਇਸ ਤੋਂ ਪਹਿਲਾਂ ਸਿਆਸੀ ਧਿਰਾਂ ਤੋਂ ਲੈ ਕੇ ਆਮ ਲੋਕਾਂ ਵਿੱਚ ਵੀ ਇਸ ਗੱਲ ਦੀ ਚਰਚਾ ਸੀ ਕਿ ਕੇਂਦਰ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਿਹਾ ਹੈ। ਬੀਤੇ ਦਿਨੀਂ ਹੋਈ ਗ੍ਰਹਿ ਮੰਤਰਾਲੇ ਦੀ ਮੀਟਿੰਗ ਵਿੱਚ ਪੰਜਾਬ ਨੂੰ ਛੱਡ ਆਸਾਮ, ਮੇਘਾਲਿਆ, ਤ੍ਰਿਪੁਰਾ, ਉੱਤਰਾਖੰਡ, ਬਿਹਾਰ, ਹਿਮਾਚਲ, ਗੁਜਰਾਤ, ਰਾਜਸਥਾਨ, ਮਹਾਰਾਸ਼ਟਰ, ਕਾਰਨਾਟਕਾ ਤੇ ਕੇਰਲਾ ਵਿੱਚ ਹੜ੍ਹਾਂ ਦਾ ਜਾਇਜ਼ਾ ਲੈਣ ਲਈ ਟੀਮਾਂ ਭੇਜਣ ਦੀ ਐਲਾਨ ਕੀਤਾ ਗਿਆ ਸੀ। ਪਰ ਕੇਂਦਰੀ ਟੀਮ ਪੰਜਾਬ ਦਾ ਵੀ ਦੌਰਾ ਕਰੇਗੀ।