ਵਾਸ਼ਿੰਗਟਨ: ਬੀਜੇਪੀ ਦੇ ਜਨਰਲ ਸਕੱਤਰ ਰਾਮ ਮਾਧਵ ਨੇ ਵਾਸ਼ਿੰਗਟਨ ਵਿੱਚ ਆਪਣੇ ਦੌਰੇ ਦੌਰਾਨ ਕਿਹਾ ਕਿ ਬੀਜੇਪੀ ਦੀ ਅਗਵਾਈ ਵਾਲੀ ਐਨਡੀਏ ਸਰਕਾਰ ਨੇ 1984 ਦੇ ਸਿੱਖ ਕਤਲੇਆਮ ਦੇ ਹਰੇਕ ਪੀੜਤ ਪਰਿਵਾਰ ਨੂੰ ਨਿਆਂ ਦਿਵਾਉਣ ਲਈ ਕਦਮ ਚੁੱਕੇ ਹਨ। ਇਸ ਲਈ ਉਹ ਅੱਗੇ ਵੀ ਹਰ ਸੰਭਵ ਯਤਨ ਕਰਨਗੇ। ਉਹ ਵਾਸ਼ਿੰਗਟਨ ਡੀਸੀ ਦੇ ਮੈਰੀਲੈਂਡ ਸਬਅਰਬ ਵਿੱਚ ਵਿਸਾਖੀ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਨੇ 1984 ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਹਰ ਹਾਲਤ ਵਿੱਚ ਸਜ਼ਾ ਦਿਵਾਉਣ ਦਾ ਵੀ ਫ਼ੈਸਲਾ ਕੀਤਾ ਹੈ।
ਰਾਮ ਮਾਧਵ ਨੇ ਦੱਸਿਆ ਕਿ ਜਸਟਿਸ ਢੀਂਗਰਾ ਕਮਿਸ਼ਨ ਇਸ ਮਾਮਲੇ ਨਾਲ ਸਬੰਧਤ 186 ਗੰਭੀਰ ਕੇਸਾਂ ਦੀ ਦੇਖ-ਰੇਖ ਕਰ ਰਿਹਾ ਹੈ। ਇਸ ਸਬੰਧੀ ਕਈ ਐਫਆਈਆਰ ਵੀ ਦਾਖ਼ਲ ਹੋ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਸਿੱਖ ਭਾਈਚਾਰੇ ’ਤੇ ਜ਼ੁਲਮ ਢਾਹੁਣ ਵਾਲੇ ਮੋਹਰੀ ਲੀਡਰਾਂ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਵੀ ਜਾਰੀ ਕੀਤੇ ਗਏ ਹਨ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇੱਕ ਵਿਸ਼ੇਸ਼ ਸੰਦੇਸ਼ ਵਿੱਚ ਕਿਹਾ ਕਿ ਵਿਦੇਸ਼ਾਂ ਵਿੱਚ ਮਨਾਏ ਜਾ ਰਹੇ ਵਿਸਾਖੀ ਦੇ ਤਿਉਹਾਰ ਤੋਂ ਪਤਾ ਚੱਲਦਾ ਹੈ ਕਿ ਸਿੱਖ ਭਾਈਚਾਰੇ ਨੇ ਆਪਣੀਆਂ ਰਵਾਇਤਾਂ ਤੇ ਕਦਰਾਂ-ਕੀਮਤਾਂ ਨੂੰ ਬਰਕਰਾਰ ਰੱਖਿਆ ਹੈ। ਉਨ੍ਹਾਂ ਉੱਤਰੀ ਅਮਰੀਕਾ ਵਿੱਚ ਸਿੱਖਾਂ ਦੀਆਂ ਪ੍ਰਾਪਤੀਆਂ ’ਤੇ ਆਪਣੀ ਖ਼ੁਸ਼ੀ ਜ਼ਾਹਰ ਕੀਤੀ ਤੇ ਸ਼ਲਾਘਾ ਕੀਤੀ ਕਿ ਸਿੱਖਾਂ ਨੇ ਇੱਥੇ ਦੇ ਵਿਕਾਸ ਤੇ ਖ਼ੁਸ਼ਹਾਲੀ ਵਿੱਚ ਆਪਣਾ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਭਾਰਤੀ-ਅਮਰੀਕੀ ਭਾਰਤ ਦੇ ਅਮਰੀਕਾ ਨਾਲ ਰਣਨੀਤਕ ਸਬੰਧਾਂ ਨੂੰ ਮਜ਼ਬੂਤ ਕਰਨ ’ਚ ਵੀ ਆਪਣੀ ਅਹਿਮ ਭੂਮਿਕਾ ਨਿਭਾਅ ਰਹੇ ਹਨ।