ਹਰਿਆਣਾ 'ਚ ਵੀ ਬੀਜੇਪੀ ਨੂੰ ਵੱਡੇ ਝਟਕੇ, ਜਜਪਾ 'ਤੇ ਵੀ ਵਧਿਆ ਦਬਾਅ
ਕਿਸਾਨਾਂ ਤੇ ਮਜ਼ਦੂਰਾਂ ਵੱਲੋਂ ਬੀਜੇਪੀ ਤੇ ਜਨਨਾਇਕ ਜਨਤਾ ਪਾਰਟੀ (ਜਜਪਾ) ਦੇ ਸਮਾਗਮਾਂ ਦਾ ਵਿਰੋਧ ਕਰਦਿਆਂ ਧਰਨੇ ਦਿੱਤੇ ਜਾ ਰਹੇ ਹਨ
ਚੰਡੀਗੜ੍ਹ: ਪੰਜਾਬ ਤੋਂ ਬਾਅਦ ਹਰਿਆਣਾ ਵਿੱਚ ਬੀਜੇਪੀ ਨੂੰ ਝਟਕੇ ਲੱਗਣੇ ਸ਼ੁਰੂ ਹੋ ਗਏ ਹਨ। ਵਿਧਾਨ ਸਭਾ ਹਲਕਾ ਸਮਾਲਖਾ ਤੋਂ ਸਾਬਕਾ ਵਿਧਾਇਕ ਭਰਤ ਸਿੰਘ ਛੋਕਰ ਨੇ ਬੀਜੇਪੀ ਨੂੰ ਅਲਵਿਦਾ ਆਖ ਕੇ ਕਿਸਾਨਾਂ ਦੀ ਹਮਾਇਤ ਦਾ ਐਲਾਨ ਕਰ ਦਿੱਤਾ ਹੈ। ਇਸ ਦੇ ਨਾਲ ਹੀ ਕਿਸਾਨਾਂ ਤੇ ਮਜ਼ਦੂਰਾਂ ਵੱਲੋਂ ਬੀਜੇਪੀ ਤੇ ਜਨਨਾਇਕ ਜਨਤਾ ਪਾਰਟੀ (ਜਜਪਾ) ਦੇ ਸਮਾਗਮਾਂ ਦਾ ਵਿਰੋਧ ਕਰਦਿਆਂ ਧਰਨੇ ਦਿੱਤੇ ਜਾ ਰਹੇ ਹਨ।
ਛੋਕਰ ਨੇ ਬੀਜੇਪੀ ਛੱਡਦਿਆਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਿਆਂਦੇ ਤਿੰਨੇ ਕਾਨੂੰਨ ਕਿਸਾਨ ਵਿਰੋਧੀ ਹਨ। ਇਸ ਦੇ ਵਿਰੋਧ ਵਿੱਚ ਕਿਸਾਨ ਠੰਢ ਦੇ ਬਾਵਜੂਦ ਖੁੱਲ੍ਹੇ ਅਸਮਾਨ ਹੇਠ ਸੰਘਰਸ਼ ਕਰ ਰਹੇ ਹਨ, ਪਰ ਕੇਂਦਰ ਸਰਕਾਰ ਕਿਸਾਨਾਂ ਦੀ ਗੱਲ ਨੂੰ ਸੁਣਨ ਨੂੰ ਤਿਆਰ ਨਹੀਂ ਹੈ। ਭਰਤ ਸਿੰਘ ਛੋਕਰ ਸਾਲ 2004 ਵਿੱਚ ਕਾਂਗਰਸ ਵੱਲੋਂ ਵਿਧਾਇਕ ਚੁਣੇ ਗਏ ਸਨ, ਜਿਸ ਤੋਂ ਬਾਅਦ ਉਹ ਬੀਜੇਪੀ ਵਿੱਚ ਸ਼ਾਮਲ ਹੋ ਗਏ ਸਨ।
ਦਈਏ ਕਿ ਇਸ ਤੋਂ ਪਹਿਲਾਂ ਵਿਧਾਨ ਸਭਾ ਹਲਕਾ ਦਾਦਰੀ ਤੋਂ ਆਜ਼ਾਦ ਵਿਧਾਇਕ ਤੇ ਸਾਂਗਵਾਨ ਖਾਪ ਦੇ ਪ੍ਰਧਾਨ ਸੋਮਵੀਰ ਸਾਂਗਵਾਨ ਨੇ ਬੀਜੇਪੀ ਤੋਂ ਹਮਾਇਤ ਵਾਪਸ ਲੈਂਦਿਆਂ ਹਰਿਆਣਾ ਪਸ਼ੂਧਨ ਵਿਕਾਸ ਬੋਰਡ ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਇਸ ਦੇ ਨਾਲ ਹੀ ਸਾਬਕਾ ਕੇਂਦਰੀ ਮੰਤਰੀ ਬਰਿੰਦਰ ਸਿੰਘ ਨੇ ਵੀ ਕਿਸਾਨਾਂ ਦੀ ਹਮਾਇਤ ਦਾ ਐਲਾਨ ਕਰ ਦਿੱਤਾ ਹੈ।
ਉਧਰ, ਹਰਿਆਣਾ ਦੇ ਲੋਕਾਂ ਤੇ ਭਾਜਪਾ ਆਗੂਆਂ ਵਿੱਚ ਖੇਤੀ ਕਾਨੂੰਨਾਂ ਸਬੰਧੀ ਵਧ ਰਹੇ ਰੋਹ ਦੇ ਚੱਲਦਿਆਂ ਜੇਜੇਪੀ ’ਤੇ ਲਗਾਤਾਰ ਦਬਾਅ ਵਧਦਾ ਜਾ ਰਿਹਾ ਹੈ। ਜੇਜੇਪੀ ਦਾ ਵੋਟ ਬੈਂਕ ਕਿਸਾਨ ਹੀ ਹਨ। ਇਸ ਲਈ ਪਾਰਟੀ ਉੱਪਰ ਬੀਜੇਪੀ ਸਰਕਾਰ ਤੋਂ ਹਮਾਇਤ ਵਾਪਸ ਲੈਣ ਲਈ ਦਬਾਅ ਪੈ ਰਿਹਾ ਹੈ। ਹਰਿਆਣਾ ਦੇ ਲੋਕਾਂ ਨੇ ਪਿੰਡਾਂ ਵਿੱਚ ਬੀਜੇਪੀ ਤੇ ਜਜਪਾ ਦੇ ਆਗੂਆਂ ਦੇ ਦਾਖ਼ਲੇ ’ਤੇ ਪਾਬੰਦੀ ਲਾ ਦਿੱਤੀ ਹੈ। ਇਸ ਨਾਲ ਸਭ ਤੋਂ ਵੱਡਾ ਨੁਕਸਾਨ ਜੇਜੇਪੀ ਨੂੰ ਹੋ ਰਿਹਾ ਹੈ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ