ਚੇਤਨ ਸਿੰਘ ਜੌੜਾਮਾਜਰਾ ਨੇ ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਤੇ ਖੋਜ ਅਤੇ ਚੋਣਾਂ ਬਾਰੇ ਮੰਤਰੀ ਦਾ ਅਹੁਦਾ ਸੰਭਾਲਿਆ
ਪੰਜਾਬ ਦੇ ਕੈਬਨਿਟ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਤੇ ਖੋਜ ਅਤੇ ਚੋਣਾਂ ਬਾਰੇ ਵਿਭਾਗ ਦੀ ਕਮਾਂਡ ਮਿਲਣ ਤੋਂ ਬਾਅਦ ਅੱਜ ਪੰਜਾਬ ਸਿਵਲ ਸਕੱਤਰੇਤ-1 ਵਿਖੇ ਆਪਣਾ ਅਹੁਦਾ ਸੰਭਾਲ ਲਿਆ।
ਚੰਡੀਗੜ੍ਹ: ਪੰਜਾਬ ਦੇ ਕੈਬਨਿਟ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਤੇ ਖੋਜ ਅਤੇ ਚੋਣਾਂ ਬਾਰੇ ਵਿਭਾਗ ਦੀ ਕਮਾਂਡ ਮਿਲਣ ਤੋਂ ਬਾਅਦ ਅੱਜ ਪੰਜਾਬ ਸਿਵਲ ਸਕੱਤਰੇਤ-1 ਵਿਖੇ ਆਪਣਾ ਅਹੁਦਾ ਸੰਭਾਲ ਲਿਆ।
ਆਪਣੇ 'ਤੇ ਭਰੋਸਾ ਜਤਾਉਣ ਲਈ ਪਾਰਟੀ ਹਾਈ ਕਮਾਂਡ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਸ. ਜੌੜਾਮਾਜਰਾ ਨੇ ਕਿਹਾ ਕਿ ਉਹ ਲੋਕਾਂ ਦੀ ਸੇਵਾ ਲਈ ਆਪਣੀਆਂ ਸਮੁੱਚੀਆਂ ਜ਼ਿੰਮੇਵਾਰੀਆਂ ਸਮਰਪਣ ਭਾਵਨਾ ਅਤੇ ਲਗਨ ਨਾਲ ਨਿਭਾਉਣਗੇ।
ਕੈਬਨਿਟ ਮੰਤਰੀ ਨੇ ਦੁਹਰਾਇਆ ਕਿ ਸੂਬਾ ਸਰਕਾਰ ਲੋਕਾਂ ਨੂੰ ਉਚ-ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਤਤਪਰ ਹੈ ਅਤੇ ਲੋਕਾਂ ਦੇ ਘਰਾਂ ਤੱਕ ਸਿਹਤ ਸੇਵਾਵਾਂ ਪਹੰਚਾਉਣ ਲਈ ਹਰ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਆਪਣੇ ਚੋਣ ਮੈਨੀਫ਼ੈਸਟੋ ਵਿੱਚ ਕੀਤਾ ਗਿਆ ਇੱਕ-ਇੱਕ ਵਾਅਦਾ ਪੂਰਾ ਕਰੇਗੀ।
ਅਹੁਦੇ ਸੰਭਾਲਣ ਮੌਕੇ ਕੈਬਨਿਟ ਮੰਤਰੀ ਨਾਲ ਉਨ੍ਹਾਂ ਦੇ ਪਰਿਵਾਰਕ ਮੈਂਬਰ ਅਤੇ ਪ੍ਰਸ਼ੰਸਕ ਮੌਜੂਦ ਸਨ।
ਦੱਸ ਦੇਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵਂਤ ਮਾਨ ਨੇ ਸੋਮਵਾਰ ਨੂੰ ਆਪਣੀ ਕੈਬਨਿਟ ਦਾ ਵਿਸਥਾਰ ਕਰਦਿਆਂ ‘ਆਪ’ ਦੇ ਪੰਜ ਵਿਧਾਇਕਾਂ ਨੂੰ ਸੂਬਾ ਸਰਕਾਰ ਵਿੱਚ ਮੰਤਰੀ ਵਜੋਂ ਸ਼ਾਮਲ ਕੀਤਾ ਸੀ। ਇਸ ਸਾਲ ਦੇ ਸ਼ੁਰੂ ਵਿੱਚ ਵਿਧਾਨ ਸਭਾ ਚੋਣਾਂ ਦੌਰਾਨ 'ਆਪ' ਦੇ ਸੱਤਾ ਵਿੱਚ ਆਉਣ ਤੋਂ ਬਾਅਦ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਇਹ ਪਹਿਲਾ ਮੰਤਰੀ ਮੰਡਲ ਵਿਸਥਾਰ ਸੀ। ਵਿਧਾਇਕਾਂ ਨੂੰ ਪੰਜਾਬ ਰਾਜ ਭਵਨ ਦੇ ਗੁਰੂ ਨਾਨਕ ਦੇਵ ਆਡੀਟੋਰੀਅਮ ਵਿਖੇ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਅਹੁਦੇ ਅਤੇ ਭੇਦ ਗੁਪਤ ਰੱਖਣ ਦੀ ਸਹੁੰ ਚੁਕਾਈ। ਉਨ੍ਹਾਂ ਪੰਜਾਬੀ ਵਿੱਚ ਸਹੁੰ ਚੁੱਕੀ।
ਪੰਜ ਹੋਰ ਮੰਤਰੀਆਂ ਨੂੰ ਸ਼ਾਮਲ ਕਰਨ ਤੋਂ ਬਾਅਦ, ਮਾਨ ਦੀ ਅਗਵਾਈ ਵਾਲੀ ਮੰਤਰੀ ਮੰਡਲ ਦੀ ਗਿਣਤੀ ਮੁੱਖ ਮੰਤਰੀ ਸਮੇਤ 15 ਹੋ ਗਈ ਹੈ। ਪੰਜਾਬ ਮੰਤਰੀ ਮੰਡਲ ਵਿੱਚ ਮੁੱਖ ਮੰਤਰੀ ਸਮੇਤ 18 ਅਹੁਦੇ ਹਨ।
ਮਾਰਚ ਵਿੱਚ, ਪਹਿਲੀ ਵਾਰ ਚੁਣੇ ਗਏ ਅੱਠ ਵਿਧਾਇਕਾਂ ਸਮੇਤ 10 ਵਿਧਾਇਕਾਂ ਨੇ ਵਿਧਾਨ ਸਭਾ ਚੋਣਾਂ ਵਿੱਚ 'ਆਪ' ਦੀ ਸ਼ਾਨਦਾਰ ਜਿੱਤ ਦਰਜ ਕਰਨ ਤੋਂ ਬਾਅਦ ਮੰਤਰੀ ਵਜੋਂ ਸਹੁੰ ਚੁੱਕੀ। ਹਾਲਾਂਕਿ, ਮਈ ਵਿੱਚ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਹਟਾ ਦਿੱਤਾ ਗਿਆ ਸੀ।