Delhi Liquor Policy Case: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇੱਕ ਵਾਰ ਫਿਰ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਕੇਜਰੀਵਾਲ ਨੇ ਦਿੱਲੀ ਆਬਕਾਰੀ ਨੀਤੀ ਮਾਮਲੇ 'ਚ ਅਦਾਲਤ 'ਚ ਪਟੀਸ਼ਨ ਦਾਇਰ ਕਰਕੇ ਅੰਤਰਿਮ ਜ਼ਮਾਨਤ 7 ਦਿਨ ਵਧਾਉਣ ਦੀ ਮੰਗ ਕੀਤੀ ਹੈ। ਇਸ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਕੇਜਰੀਵਾਲ ਨੂੰ ਚੋਣ ਪ੍ਰਚਾਰ ਲਈ 1 ਜੂਨ ਤੱਕ ਸ਼ਰਤੀਆ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਉਨ੍ਹਾਂ ਨੇ 2 ਜੂਨ ਨੂੰ ਆਤਮ ਸਮਰਪਣ ਕਰਨਾ ਹੈ।


ਕੇਜਰੀਵਾਲ ਨੇ ਆਪਣੀ ਪਟੀਸ਼ਨ 'ਚ ਦਾਅਵਾ ਕੀਤਾ ਹੈ ਕਿ ਗ੍ਰਿਫਤਾਰੀ ਤੋਂ ਬਾਅਦ ਉਨ੍ਹਾਂ ਦਾ 7 ਕਿਲੋ ਭਾਰ ਘੱਟ ਗਿਆ ਹੈ। ਇੰਨਾ ਹੀ ਨਹੀਂ ਉਨ੍ਹਾਂ ਦਾ ਕੀਟੋਨ ਲੈਵਲ ਵੀ ਵੱਧ ਗਿਆ ਹੈ। ਅਜਿਹੇ 'ਚ ਇਹ ਲੱਛਣ ਗੰਭੀਰ ਹੋ ਸਕਦੇ ਹਨ। ਮੈਕਸ ਦੇ ਡਾਕਟਰਾਂ ਨੇ ਉਨ੍ਹਾਂ ਦੀ ਜਾਂਚ ਕੀਤੀ ਹੈ। ਹੁਣ ਪੀਈਟੀ-ਸੀਟੀ ਸਕੈਨ ਅਤੇ ਕਈ ਟੈਸਟ ਕਰਨ ਦੀ ਲੋੜ ਹੈ। ਅਜਿਹੇ ਵਿੱਚ ਸੀਐਮ ਕੇਜਰੀਵਾਲ ਨੇ ਇਨ੍ਹਾਂ ਜਾਂਚਾਂ ਲਈ 7 ਦਿਨਾਂ ਦਾ ਸਮਾਂ ਮੰਗਿਆ ਹੈ।


ਇਹ ਵੀ ਪੜ੍ਹੋ: Cyclone Remal: ਏਅਰਪੋਰਟ ਬੰਦ, ਜੰਜੀਰ ਨਾਲ ਬੰਨ੍ਹੀਆਂ ਰੇਲਾਂ, ਹਾਈ ਅਲਰਟ ਜਾਰੀ...ਸਾਰੇ ਪਾਸੇ ਤਬਾਹੀ ਦਾ ਮੰਜਰ


21 ਮਾਰਚ ਨੂੰ ਗ੍ਰਿਫਤਾਰ ਹੋਏ ਸਨ ਕੇਜਰੀਵਾਲ 
ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੂੰ ED ਨੇ 21 ਮਾਰਚ ਨੂੰ ਕਥਿਤ ਦਿੱਲੀ ਸ਼ਰਾਬ ਨੀਤੀ ਘੁਟਾਲੇ ਵਿੱਚ ਮਨੀ ਲਾਂਡਰਿੰਗ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਸੀ। ਕੇਜਰੀਵਾਲ ਨੇ ਆਪਣੀ ਗ੍ਰਿਫਤਾਰੀ ਨੂੰ ਸੁਪਰੀਮ ਕੋਰਟ 'ਚ ਚੁਣੌਤੀ ਦਿੱਤੀ ਹੈ। ਹਾਲ ਹੀ ਵਿੱਚ ਸੁਪਰੀਮ ਕੋਰਟ ਨੇ ਕੇਜਰੀਵਾਲ ਨੂੰ ਲੋਕ ਸਭਾ ਚੋਣਾਂ ਵਿੱਚ ਪ੍ਰਚਾਰ ਕਰਨ ਲਈ 10 ਮਈ ਤੋਂ 1 ਜੂਨ ਤੱਕ ਅੰਤਰਿਮ ਜ਼ਮਾਨਤ ਦਿੱਤੀ ਹੈ। ਉਸ ਨੇ 2 ਜੂਨ ਨੂੰ ਆਤਮ ਸਮਰਪਣ ਕਰਨਾ ਹੈ।


ਸੁਪਰੀਮ ਕੋਰਟ ਨੇ 17 ਮਈ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੁਆਰਾ ਕੇਜਰੀਵਾਲ ਦੀ ਗ੍ਰਿਫਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਇਸ ਦੌਰਾਨ ਅਦਾਲਤ ਨੇ ਉਸ ਨੂੰ ਨਿਯਮਤ ਜ਼ਮਾਨਤ ਲਈ ਹੇਠਲੀ ਅਦਾਲਤ ਵਿਚ ਜਾਣ ਦੀ ਇਜਾਜ਼ਤ ਦੇ ਦਿੱਤੀ ਸੀ। ਦਿੱਲੀ ਆਬਕਾਰੀ ਨੀਤੀ ਮਾਮਲੇ 'ਚ ਜਾਂਚ ਏਜੰਸੀ ਨੇ ਕੇਜਰੀਵਾਲ ਤੋਂ ਇਲਾਵਾ ਮਨੀਸ਼ ਸਿਸੋਦੀਆ ਨੂੰ ਵੀ ਗ੍ਰਿਫਤਾਰ ਕੀਤਾ ਹੈ। ਉਹ ਹਾਲੇ ਜੇਲ੍ਹ ਵਿੱਚ ਹਨ। ਇਸ ਮਾਮਲੇ 'ਚ 'ਆਪ' ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਸੀ। ਹਾਲਾਂਕਿ ਉਨ੍ਹਾਂ ਨੂੰ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ।


ਇਹ ਵੀ ਪੜ੍ਹੋ: Cyclone Remal: ਤੂਫਾਨ ਰੇਮਲ ਨੇ ਕਿੱਥੇ ਕਿੱਥੇ ਮਚਾਈ ਤਬਾਹੀ, ਹੁਣ ਅਗਲਾ ਕਿਹੜੇ ਸ਼ਹਿਰਾਂ ਦਾ ਲੱਗਣ ਜਾ ਰਿਹਾ ਨੰਬਰ ?