Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਦੁਪਹਿਰ  ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਦੇ ਘਰ ਉਨ੍ਹਾਂ ਦੇ ਪਰਿਵਾਰ ਨੂੰ ਮਿਲਣ ਜਾਣਗੇ। ਦੱਸ ਦਈਏ ਕਿ ਸੰਜੇ ਸਿੰਘ ਨੂੰ ਦਿੱਲੀ ਸ਼ਰਾਬ ਨੀਤੀ ਨੂੰ ਲਾਗੂ ਕਰਨ 'ਚ ਕਥਿਤ ਬੇਨਿਯਮੀਆਂ ਦੇ ਮਾਮਲੇ 'ਚ 4 ਅਕਤੂਬਰ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਗ੍ਰਿਫਤਾਰ ਕੀਤਾ ਸੀ। ਇਸ ਤੋਂ ਬਾਅਦ ਈਡੀ ਨੇ ਬੁੱਧਵਾਰ ਨੂੰ ਸੰਜੇ ਸਿੰਘ ਨੂੰ ਰਾਊਜ਼ ਐਵੇਨਿਊ ਕੋਰਟ 'ਚ ਪੇਸ਼ ਕੀਤਾ। ਰਾਊਜ਼ ਐਵੇਨਿਊ ਅਦਾਲਤ ਨੇ 5 ਅਕਤੂਬਰ ਨੂੰ ਸੰਜੇ ਸਿੰਘ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਸੀ। ਫਿਲਹਾਲ ਸੰਜੇ ਸਿੰਘ ਈਡੀ ਦੀ ਹਿਰਾਸਤ ਵਿੱਚ ਹੈ ਅਤੇ ਉਸ ਤੋਂ ਪੁੱਛਗਿੱਛ ਜਾਰੀ ਹੈ।


'ਆਪ' ਕਨਵੀਨਰ ਕੇਜਰੀਵਾਲ ਵੀ ਕਰ ਚੁੱਕੇ ਨੇ ਮੁਲਾਕਾਤ


ਦਿੱਲੀ ਦੇ ਮੁੱਖ ਮੰਤਰੀ ਅਤੇ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਆਪਣੀ ਪਤਨੀ ਸੁਨੀਤਾ ਕੇਜਰੀਵਾਲ ਨਾਲ ਪਹਿਲਾਂ ਹੀ ਸੰਜੇ ਸਿੰਘ ਦੇ ਪਰਿਵਾਰ ਨੂੰ ਮਿਲ ਚੁੱਕੇ ਹਨ। ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕੇਜਰੀਵਾਲ ਨੇ ਪੀਐਮ ਮੋਦੀ 'ਤੇ ਨਿਸ਼ਾਨਾ ਸਾਧਿਆ। ਇਸ ਦੌਰਾਨ ਉਨ੍ਹਾਂ ਕਿਹਾ ਕਿ ਉਹ ਸੰਜੇ ਸਿੰਘ ਦੀ ਗ੍ਰਿਫ਼ਤਾਰੀ ਖ਼ਿਲਾਫ਼ ਅਦਾਲਤ ਵਿੱਚ ਜਾਣਗੇ। ਉਨ੍ਹਾਂ ਕਿਹਾ ਕਿ ਈਡੀ ਨੇ ਸਵੇਰ ਤੋਂ ਸ਼ਾਮ ਤੱਕ ਸੰਜੇ ਸਿੰਘ ਦੇ ਪੂਰੇ ਘਰ ਦੀ ਤਲਾਸ਼ੀ ਲਈ, ਸਾਰੇ ਗੱਦੇ ਅਤੇ ਸਿਰਹਾਣੇ ਦੀ ਤਲਾਸ਼ੀ ਲਈ ਪਰ ਕੁਝ ਨਹੀਂ ਮਿਲਿਆ। ਇਸ ਤੋਂ ਬਾਅਦ ਵੀ ਈਡੀ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਕੇਜਰੀਵਾਲ ਨੇ ਕਿਹਾ ਸੀ ਕਿ ਜਦੋਂ ਤੋਂ ਇੰਡੀਆ ਗਠਜੋੜ ਬਣਿਆ ਹੈ, ਪ੍ਰਧਾਨ ਮੰਤਰੀ ਬਹੁਤ ਘਬਰਾ ਗਏ ਹਨ, ਉਨ੍ਹਾਂ ਨੂੰ ਲੱਗਦਾ ਹੈ ਕਿ ਜੇਕਰ ਇਹ ਗਠਜੋੜ ਸਫਲ ਰਿਹਾ ਤਾਂ ਮੋਦੀ ਦੀ ਹਾਰ ਹੋ ਜਾਵੇਗੀ। ਇਸੇ ਦਹਿਸ਼ਤ ਦਾ ਨਤੀਜਾ ਹੈ ਕਿ ਸੰਜੇ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।


'ਆਪ' ਨੇ ਪ੍ਰਦਰਸ਼ਨ ਕੀਤਾ 


ਦੱਸ ਦੇਈਏ ਕਿ ਰਾਜ ਸਭਾ ਮੈਂਬਰ ਸੰਜੇ ਸਿੰਘ ਦੀ ਗ੍ਰਿਫਤਾਰੀ ਦੇ ਖਿਲਾਫ ਆਮ ਆਦਮੀ ਪਾਰਟੀ ਨੇ ਪੰਜਾਬ ਭਰ ਵਿੱਚ ਜ਼ੋਰਦਾਰ ਪ੍ਰਦਰਸ਼ਨ ਕੀਤਾ ਸੀ। ਇਸ ਪ੍ਰਦਰਸ਼ਨ ਵਿੱਚ ਪੰਜਾਬ ਸਰਕਾਰ ਦੇ ਮੰਤਰੀਆਂ, ‘ਆਪ’ ਵਿਧਾਇਕਾਂ ਅਤੇ ਸੂਬਾਈ ਤੇ ਜ਼ਿਲ੍ਹਾ ਪੱਧਰੀ ਆਗੂਆਂ ਨੇ ਵੀ ਸ਼ਮੂਲੀਅਤ ਕੀਤੀ। ਜਦੋਂ ਕਿ ‘ਆਪ’ ਆਗੂਆਂ ਨੇ ਸੰਜੇ ਸਿੰਘ ਦੀ ਗ੍ਰਿਫ਼ਤਾਰੀ ਨੂੰ ਨਰਿੰਦਰ ਮੋਦੀ ਸਰਕਾਰ ਦਾ ਤਾਨਾਸ਼ਾਹੀ ਕਦਮ ਕਰਾਰ ਦਿੱਤਾ ਸੀ। ਤੁਹਾਨੂੰ ਦੱਸ ਦੇਈਏ ਕਿ ਮਨੀਸ਼ ਸਿਸੋਦੀਆ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਦੂਜੇ ਵੱਡੇ ਨੇਤਾ ਸੰਜੇ ਸਿੰਘ ਹਨ, ਜਿਨ੍ਹਾਂ ਨੂੰ ਰੱਦ ਕੀਤੀ ਆਬਕਾਰੀ ਨੀਤੀ ਨੂੰ ਲਾਗੂ ਕਰਨ 'ਚ ਕਥਿਤ ਬੇਨਿਯਮੀਆਂ ਦੇ ਮਾਮਲੇ 'ਚ ਗ੍ਰਿਫਤਾਰ ਕੀਤਾ ਗਿਆ ਹੈ।