ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੇਂਦਰੀ ਰੇਲਵੇ ਮੰਤਰੀ ਪੀਯੂਸ਼ ਗੋਇਲ ਕੋਲ ਨਵੀਂ ਦਿੱਲੀ ਤੋਂ ਅੰਮ੍ਰਿਤਸਰ ਵਾਇਆ ਸੁਲਤਾਨਪੁਰ ਲੋਧੀ ਤਕ ‘ਪ੍ਰਕਾਸ਼ ਪੁਰਬ ਐਕਸਪ੍ਰੈਸ’ ਨਾਂ ਦੀ ਐਕਸਪ੍ਰੈਸ ਰੇਲ ਸੇਵਾ ਸ਼ੁਰੂ ਕਰਨ ਬਾਰੇ ਮੰਗ ਦੀ ਪੈਰਵੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਸਹੂਲਤ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੌਰਾਨ ਆਉਣ ਵਾਲੀਆਂ ਸੰਗਤਾਂ ਨੂੰ ਸਹੂਲਤ ਮੁਹੱਈਆ ਹੋਏਗੀ।
ਇਸ ਦੌਰਾਨ ਮੁੱਖ ਮੰਤਰੀ ਨੇ ਪਹਿਲੀ ਅਕਤੂਬਰ ਤੋਂ 30 ਨਵੰਬਰ, 2019 ਦੇ ਸਮੇਂ ਦੌਰਾਨ ਸੰਗਤਾਂ ਦੇ ਸੁਖਾਲੇ ਸਫਰ ਤੇ ਸਿੱਧੇ ਸੰਪਰਕ ਨੂੰ ਯਕੀਨੀ ਬਣਾਉਣ ਲਈ ਸੁਲਤਾਨਪੁਰ ਲੋਧੀ ਤੋਂ ਨਵੀਂ ਦਿੱਲੀ ਵਿਚਾਲੇ ਹਫ਼ਤੇ ਵਿੱਚ ਤਿੰਨ ਦਿਨ ਵਿਸ਼ੇਸ਼ ਰੇਲ ਸੇਵਾ ਸ਼ੁਰੂ ਕਰਨ 'ਤੇ ਵੀ ਜ਼ੋਰ ਦਿੱਤਾ। ਇਸ ਤੋਂ ਇਲਾਵਾ ਉਨ੍ਹਾਂ ਇਤਿਹਾਸਕ ਸਮਾਗਮਾਂ ਦੇ ਮੱਦੇਨਜ਼ਰ ਪਵਿੱਤਰ ਨਗਰ ਦੀ ਅਹਿਮੀਅਤ ਨੂੰ ਮੁੱਖ ਰੱਖਦਿਆਂ ਸੁਲਤਾਨਪੁਰ ਲੋਧੀ ਦੇ ਮੌਜੂਦਾ ਰੇਲਵੇ ਸਟੇਸ਼ਨ ਨੂੰ ਅਪਗ੍ਰੇਡ ਕਰਨ ਦੀ ਵੀ ਮੰਗ ਕੀਤੀ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਇਸ ਇਤਿਹਾਸਕ ਮੌਕੇ ਨੂੰ ਯਾਦਗਾਰੀ ਬਣਾਉਣ ਲਈ ਵੱਖ-ਵੱਖ ਪ੍ਰੋਗਰਾਮਾਂ ਅਤੇ ਪ੍ਰਾਜੈਕਟਾਂ ਦੀ ਰੂਪ-ਰੇਖਾ ਉਲੀਕਣ ਤੇ ਉਨ੍ਹਾਂ ਨੂੰ ਲਾਗੂ ਕਰਨ ਲਈ ਸੂਬਾ ਪੱਧਰੀ ਕਮੇਟੀ ਦਾ ਗਠਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਨੇ ਵੀ ਇਸ ਲਈ ਕੌਮੀ ਪੱਧਰ 'ਤੇ ਕਮੇਟੀ ਕਾਇਮ ਕੀਤੀ ਹੈ।