ਚੰਡੀਗੜ੍ਹ: ਪਿਛਲੇ ਕੁਝ ਦਿਨਾਂ ਤੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਦੇ ਪ੍ਰਬੰਧਾਂ ਸਬੰਧੀ ਵਿਵਾਦ ਭਖਿਆ ਹੋਇਆ ਹੈ। ਅਕਾਲੀ ਦਲ ਅਤੇ ਬੀਜੇਪੀ ਲੀਡਰਾਂ ਵਿਚਕਾਰ ਤਿੱਖੀ ਬਿਆਨਬਾਜ਼ੀ ਵੇਖਣ ਨੂੰ ਮਿਲੀ। ਇਸ ਮੁੱਦੇ ਸਬੰਧੀ ਦੋਵਾਂ ਪਾਰਟੀਆਂ ਵਿਚਾਲੇ ਤਤਰਾਰ ਵੀ ਵੇਖੀ ਗਈ। ਹੁਣ ਇਸ ਮਸਲੇ ਬਾਰੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਦਾ ਨਵਾਂ ਸਪਸ਼ਟੀਕਰਨ ਸਾਹਮਣੇ ਆਇਆ ਹੈ।

ਇਸ ਮਾਮਲੇ ਸਬੰਧੀ ਫੜਨਵੀਸ ਨੇ ਸਪਸ਼ਟ ਐਲਾਨ ਕੀਤਾ ਹੈ ਕਿ ਮਹਾਰਾਸ਼ਟਰ ਦੇ ਗੁਰਦਵਾਰਾ ਐਕਟ ਦੀ ਧਾਰਾ 11 ਵਿੱਚ ਸੋਧ ਕਰਨ ਦੀ ਤਜਵੀਜ਼ ਪੱਕੇ ਤੌਰ ’ਤੇ ਰੱਦ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਹੈ ਕਿ ਗੁਰਦੁਆਰਾ ਪ੍ਰਬੰਧ ਦੇ ਮਾਮਲੇ ਵਿੱਚ ਪਹਿਲਾਂ ਵਾਲੀ ਸਥਿਤੀਬਰਕਰਾਰ ਰਹੇਗੀ। ਇਸ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਜਾਵੇਗੀ।


ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲੇ ਇਸ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦਾ ਬਿਆਨ ਸਾਹਮਣੇ ਆਇਆ ਸੀ। ਉਨ੍ਹਾਂ ਮਹਾਰਸ਼ਟਰ ਸਰਕਾਰ ਵੱਲੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧਾਂ ਵਿੱਚ ਦਖ਼ਲ ਤੇ ਰਾਸ਼ਟਰੀ ਸਿੱਖ ਸੰਗਤ ਦੇ ਜਨਰਲ ਸਕੱਤਰ ਅਵਤਾਰ ਸਿੰਘ ਸ਼ਾਸਤਰੀ ਦੇ ਬਿਆਨ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਸੀ। ਉਨ੍ਹਾਂ ਤਲਖ਼ ਪ੍ਰਤੀਕਿਆ ਦਿੰਦਿਆਂ ਕਿਹਾ ਸੀ ਕਿ ਗੁਰਦੁਆਰਾ ਪ੍ਰਬੰਧਾਂ ਵਿੱਚ ਕਿਸੇ ਦਾ ਦਖ਼ਲ ਬਿਲਕੁਲ ਸਹਿਣ ਨਹੀਂ ਕੀਤਾ ਜਾਏਗਾ।

ਸਬੰਧਿਤ ਖ਼ਬਰ- ਆਰਐਸਐਸ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪੰਥਕ ਰੁਤਬੇ ਨੂੰ ਵੰਗਾਰ