Dibrugarh Express Derailed: ਉੱਤਰ ਪ੍ਰਦੇਸ਼ ਦੇ ਗੋਂਡਾ ਵਿੱਚ ਵੀਰਵਾਰ (18 ਜੁਲਾਈ) ਨੂੰ ਇੱਕ ਵੱਡਾ ਰੇਲ ਹਾਦਸਾ ਵਾਪਰ ਗਿਆ। ਡਿਬਰੂਗੜ੍ਹ ਐਕਸਪ੍ਰੈਸ ਦੇ ਕਈ ਡੱਬੇ ਪਟੜੀ ਤੋਂ ਉਤਰ ਗਏ, ਜਿਸ ਵਿੱਚ 4 ਲੋਕਾਂ ਦੀ ਮੌਤ ਦੀ ਪੁਸ਼ਟੀ ਯੂਪੀ ਦੇ ਸਿਹਤ ਮੰਤਰੀ ਬ੍ਰਿਜੇਸ਼ ਪਾਠਕ ਨੇ ਕੀਤੀ। ਹਾਲਾਂਕਿ ਜ਼ਖਮੀਆਂ ਦੀ ਗਿਣਤੀ ਦੀ ਅਜੇ ਪੁਸ਼ਟੀ ਨਹੀਂ ਹੋਈ ਹੈ। ਇਸ ਮਾਮਲੇ 'ਤੇ ਉੱਤਰ ਪ੍ਰਦੇਸ਼ ਦੇ ਸੀਐਮ ਯੋਗੀ ਆਦਿਤਿਆਨਾਥ ਨੇ ਅਧਿਕਾਰੀਆਂ ਨੂੰ ਹਾਦਸੇ ਵਾਲੀ ਥਾਂ 'ਤੇ ਪਹੁੰਚਣ ਦੇ ਨਿਰਦੇਸ਼ ਜਾਰੀ ਕੀਤੇ ਹਨ। ਭਾਰਤੀ ਰੇਲਵੇ ਨੇ ਇਹ ਜਾਣਕਾਰੀ ਦਿੱਤੀ ਹੈ।


ਇੱਕ ਬਿਆਨ ਜਾਰੀ ਕਰਦੇ ਹੋਏ ਰੇਲਵੇ ਨੇ ਕਿਹਾ ਕਿ ਚੰਡੀਗੜ੍ਹ-ਡਿਬਰੂਗੜ੍ਹ ਐਕਸਪ੍ਰੈਸ ਉੱਤਰ ਪ੍ਰਦੇਸ਼ ਦੇ ਗੋਂਡਾ ਨੇੜੇ ਦੁਪਹਿਰ 2:35 ਵਜੇ ਦੇ ਕਰੀਬ ਪਟੜੀ ਤੋਂ ਉੱਤਰ ਗਈ। ਇਸ ਦੇ ਨਾਲ ਹੀ ਸੀਐਮ ਯੋਗੀ ਆਦਿਤਿਆਨਾਥ ਨੇ ਰੇਲ ਹਾਦਸੇ ਦੀ ਜਾਣਕਾਰੀ ਲਈ ਅਤੇ ਅਧਿਕਾਰੀਆਂ ਨੂੰ ਹਾਦਸੇ ਵਾਲੀ ਥਾਂ 'ਤੇ ਪਹੁੰਚਣ ਦੇ ਨਿਰਦੇਸ਼ ਜਾਰੀ ਕੀਤੇ।  ਦੱਸਿਆ ਜਾ ਰਿਹਾ ਹੈ ਕਿ ਰੇਲਗੱਡੀ ਨੰਬਰ 15904 ਚੰਡੀਗੜ੍ਹ-ਡਿਬਰੂਗੜ੍ਹ ਐਕਸਪ੍ਰੈਸ ਦੇ ਕੁਝ ਡੱਬੇ ਗੋਂਡਾ ਵਿੱਚ ਪਲਟ ਗਏ। ਇਹ ਹਾਦਸਾ ਗੋਂਡਾ-ਝਿਲਾਹੀ ਵਿਚਕਾਰ ਪਿਕੋਰਾ ਨੇੜੇ ਵਾਪਰਿਆ।






ਰੇਲ ਹਾਦਸੇ 'ਤੇ ਸੀਐਮ ਯੋਗੀ ਨੇ ਆਪਣੇ ਮੁੱਖ ਸਕੱਤਰ ਅਤੇ ਡੀਜੀਪੀ ਨਾਲ ਗੱਲ ਕੀਤੀ ਹੈ। ਨਾਲ ਹੀ, ਸੀਐਮ ਯੋਗੀ ਨੇ ਅਧਿਕਾਰੀਆਂ ਨੂੰ ਤੁਰੰਤ ਮੌਕੇ 'ਤੇ ਪਹੁੰਚਣ ਅਤੇ ਰਾਹਤ ਕਾਰਜਾਂ ਨੂੰ ਤੇਜ਼ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ। ਮੁੱਖ ਮੰਤਰੀ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਆਸ-ਪਾਸ ਦੇ ਜ਼ਿਲ੍ਹਿਆਂ ਦੇ ਸਾਰੇ ਹਸਪਤਾਲ, ਸੀਐਚਸੀ, ਪੀਐਚਸੀ ਨੂੰ ਅਲਰਟ ਮੋਡ ’ਤੇ ਰੱਖਿਆ ਗਿਆ ਹੈ। ਐਸਡੀਆਰਐਫ ਦੀ ਟੀਮ ਨੂੰ ਵੀ ਮੌਕੇ ’ਤੇ ਪੁੱਜ ਕੇ ਰਾਹਤ ਕਾਰਜ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।


ਇਸ ਦੇ ਨਾਲ ਹੀ ਅਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਨੂੰ ਉੱਤਰ ਪ੍ਰਦੇਸ਼ ਵਿੱਚ ਡਿਬਰੂਗੜ੍ਹ-ਚੰਡੀਗੜ੍ਹ ਐਕਸਪ੍ਰੈਸ ਦੇ ਪਟੜੀ ਤੋਂ ਉਤਰਨ ਦੀ ਸੂਚਨਾ ਦਿੱਤੀ ਗਈ ਹੈ। ਮੁੱਖ ਮੰਤਰੀ ਦਫ਼ਤਰ ਸਥਿਤੀ 'ਤੇ ਨਜ਼ਰ ਰੱਖ ਰਿਹਾ ਹੈ ਅਤੇ ਅਸਾਮ ਸਰਕਾਰ ਸਬੰਧਤ ਅਧਿਕਾਰੀਆਂ ਦੇ ਸੰਪਰਕ ਵਿੱਚ ਹੈ।