ਚੰਡੀਗੜ੍ਹ: ਕੌਮੀ ਰਾਜਧਾਨੀ ਦਿੱਲੀ ਸਮੇਤ ਉੱਤਰੀ ਭਾਰਤ ਦੇ ਮੈਦਾਨੀ ਇਲਾਕਿਆਂ ਵਿੱਚ ਉੱਤਰ-ਪੱਛਮੀ ਹਵਾਵਾਂ ਦੀ ਗਤੀ ਤੇਜ਼ ਹੋਣ ਕਾਰਨ ਅਤੇ ਨੇੜਲੇ ਪਹਾੜੀ ਖੇਤਰਾਂ ਵਿੱਚ ਬਰਫ਼ਬਾਰੀ ਕਰਕੇ ਅਗਲੇ 24 ਘੰਟਿਆਂ ਦੌਰਾਨ ਠੰਡ ਵਧਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਤਾਪਮਾਨ ਵਿੱਚ ਗਿਰਾਵਟ ਆਉਣ ਦੇ ਨਾਲ-ਨਾਲ ਹਵਾ ਦੀ ਗਤੀ ਵਿੱਚ ਵੀ ਕਮੀ ਆ ਸਕਦੀ ਹੈ। ਇਸ ਨੂੰ ਵੇਖਦਿਆਂ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਦਿੱਲੀ ਵਿੱਚ ਪ੍ਰਦੂਸ਼ਣ ਦਾ ਪੱਧਰ ਹੋਰ ਵਧ ਸਕਦਾ ਹੈ। ਇਸ ਦੇ ਨਾਲ ਹੀ ਅਗਲੇ ਦੋ ਦਿਨਾਂ ਤਕ ਸਵੇਰੇ ਕੋਰਾ ਪੈਣ ਦੀ ਵੀ ਸੰਭਾਵਨਾ ਜਤਾਈ ਗਈ ਹੈ।
ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਦਿੱਲੀ ਤੇ ਪੰਜਾਬ ਸਮੇਤ ਉੱਤਰ ਖੇਤਰੀ ਇਲਾਕਿਆਂ ਵਿੱਚ ਇਸ ਹਫ਼ਤੇ ਘੱਟੋ-ਘੱਟ ਤਾਪਮਾਨ 12 ਡਿਗਰੀ ਸੈਲਸੀਅਸ ਤਕ ਰਹਿਣ ਦਾ ਅਨੁਮਾਨ ਹੈ। ਸ਼ਨੀਵਾਰ ਤੇ ਐਤਵਾਰ ਨੂੰ ਹਵਾ ਦੀ ਮੌਜੂਦਾ ਗਤੀ 20 ਤੋਂ 25 ਕਿਲੋਮੀਟਰ ਪ੍ਰਤੀ ਘੰਟਾ ਵਿੱਚ ਗਿਰਾਵਟ ਆਉਣ ਦੀ ਸੰਭਾਵਨਾ ਹੈ। ਇਸ ਦੇ ਬਾਅਦ ਹਵਾ ਦੀ ਗਤੀ ਪੰਜ ਤੋਂ ਸੱਤ ਕਿਲੋਮੀਟਰ ਪ੍ਰਤੀ ਘੰਟਾ ਤਕ ਆ ਸਕਦੀ ਹੈ।
ਪਿਛਲੇ ਦੋ ਦਿਨਾਂ ਵਿੱਚ ਉੱਤਰ ਪੱਛਮ ਹਵਾਵਾਂ ਦੀ ਰਫ਼ਤਾਰ ਵਧਣ ਕਰਕੇ ਦਿੱਲੀ ਤੇ ਆਸਪਾਸ ਦੇ ਇਲਾਕਿਆਂ ਵਿੱਚ ਹਵਾ ਪ੍ਰਦੂਸ਼ਣ ਵਿੱਚ ਥੋੜੀ ਸੁਧਾਰ ਵੇਖਿਆ ਗਿਆ ਹੈ। ਸ਼ੁੱਕਰਵਾਰ ਨੂੰ ਦਿੱਲੀ ਵਿੱਚ ਏਕਿਊਆਈ ਦਾ ਪੱਧਰ 315 ਦਰਜ ਕੀਤਾ ਗਿਆ ਸੀ। ਮਾਹਰਾਂ ਮੁਤਾਬਕ ਇਹ ਖਰਾਬ ਸ਼੍ਰੇਣੀ ਵਿੱਚ ਆਉਂਦਾ ਹੈ।