kangana controversy: ਕੰਗਨਾ ਰਣੌਤ ਵੱਲੋਂ ਕਿਸਾਨਾਂ ਦੇ ਖ਼ਿਲਾਫ਼ ਦਿੱਤੇ ਗਏ ਬਿਆਨ ਦਾ ਹੁਣ ਪੰਜਾਬ ਤੋਂ ਇਲਾਵਾ ਦੇਸ਼ ਦੇ ਕਈ ਇਲਾਕਿਆਂ ਵਿੱਚ ਵਿਰੋਧ ਸ਼ੁਰੂ ਹੋ ਗਿਆ ਹੈ। ਇਹ ਮੁੱਦਾ ਹੁਣ ਹਿਮਾਚਲ ਪ੍ਰਦੇਸ਼ ਦਾ ਵਿਧਾਨ ਸਭਾ ਵਿੱਚ ਚੁੱਕਿਆ। ਹਿਮਾਚਲ ਵਿਧਾਨ ਸਭਾ ਵਿੱਚ ਸੱਤਾਧਾਰੀ ਪਾਰਟੀ ਨੇ ਬਿਆਨ ਦੀ ਨਿੰਦਾ ਦਾ ਮਤਾ ਲਿਆਂਦਾ ਹਾਲਾਂਕਿ ਵਿਧਾਨ ਸਭਾ ਸਪੀਕਰ ਨੇ ਲਿਖਤੀ ਰੂਪ 'ਚ ਨਾ ਹੋਣ ਕਾਰਨ ਪ੍ਰਸਤਾਵ ਸਵੀਕਾਰ ਨਹੀਂ ਕੀਤਾ। ਇਸ ਮੌਕੇ ਮੁੱਖ ਮੰਤਰੀ ਸੁਖਵਿੰਦਰ ਸੁੱਖੂ ਨੇ ਕਿਹਾ ਕਿ ਕੰਗਨਾ ਰਣੌਤ ਨੇ ਕਿਸਾਨਾਂ ਦਾ ਅਪਮਾਨ ਕੀਤਾ ਹੈ।
ਜ਼ਿਕਰ ਕਰ ਦਈਏ ਕਿ ਕਿਸਾਨ ਅੰਦੋਲਨ 'ਤੇ ਕੰਗਨਾ ਰਣੌਤ ਦੀ ਟਿੱਪਣੀ ਨੂੰ ਲੈ ਕੇ ਦੇਸ਼ ਭਰ 'ਚ ਵਿਰੋਧੀ ਧਿਰ ਭਾਜਪਾ ਨੂੰ ਘੇਰਨ 'ਚ ਲੱਗੀ ਹੋਈ ਹੈ। ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਪਹਿਲੇ ਦਿਨ ਕੰਗਨਾ ਰਣੌਤ ਦੇ ਬਿਆਨ ਨੂੰ ਲੈ ਕੇ ਕਾਫੀ ਹੰਗਾਮਾ ਹੋਇਆ। ਸੱਤਾਧਾਰੀ ਪਾਰਟੀ ਨੇ ਬਿਆਨ ਸਬੰਧੀ ਸਦਨ ਵਿੱਚ ਨਿੰਦਾ ਮਤਾ ਲਿਆਂਦਾ ਅਤੇ ਬਿਆਨ ਨੂੰ ਕਿਸਾਨਾਂ ਦਾ ਅਪਮਾਨ ਕਰਾਰ ਦਿੱਤਾ। ਹਾਲਾਂਕਿ ਲਿਖਤੀ ਤੌਰ 'ਤੇ ਪ੍ਰਸਤਾਵ ਨਾ ਮਿਲਣ ਕਾਰਨ ਵਿਧਾਨ ਸਭਾ ਸਪੀਕਰ ਨੇ ਇਸ ਨੂੰ ਸਵੀਕਾਰ ਨਹੀਂ ਕੀਤਾ ਪਰ ਇਸ ਬਿਆਨ ਨੂੰ ਲੈ ਕੇ ਸੱਤਾਧਾਰੀ ਤੇ ਵਿਰੋਧੀ ਧਿਰਾਂ ਨੇ ਇੱਕ-ਦੂਜੇ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ।
ਸੀਐਮ ਸੁਖਵਿੰਦਰ ਸਿੰਘ ਸੁੱਖੂ ਨੇ ਕੰਗਨਾ ਰਣੌਤ ਦੇ ਬਿਆਨ ਨੂੰ ਕਿਸਾਨਾਂ ਦਾ ਅਪਮਾਨ ਕਰਾਰ ਦਿੱਤਾ ਅਤੇ ਕਿਹਾ ਕਿ ਅੰਨਦਾਤਾ ਦਾ ਅਪਮਾਨ ਕਰਨ ਦਾ ਕਿਸੇ ਨੂੰ ਅਧਿਕਾਰ ਨਹੀਂ ਹੈ। ਕਾਂਗਰਸ ਪਾਰਟੀ ਇਸ ਬਿਆਨ ਦੀ ਨਿੰਦਾ ਕਰਦੀ ਹੈ ਤੇ ਸਦਨ ਦੇ ਅੰਦਰ ਵੀ ਸੰਸਦੀ ਮਾਮਲਿਆਂ ਬਾਰੇ ਮੰਤਰੀ ਨੇ ਨਿੰਦਾ ਮਤਾ ਲਿਆਂਦਾ ਸੀ। ਭਾਜਪਾ ਨੇ ਵੀ ਕੰਗਨਾ ਰਣੌਤ ਦੇ ਬਿਆਨ ਤੋਂ ਦੂਰੀ ਬਣਾ ਲਈ ਹੈ।
ਕਿਸਾਨ ਜਥੇਬੰਦੀਆਂ ਵੱਲੋਂ ਵਿਰੋਧ ਦਾ ਐਲਾਨ !
ਜ਼ਿਕਰ ਕਰ ਦਈਏ ਕਿ ਸੰਯੁਕਤ ਕਿਸਾਨ ਮੋਰਚਾ ਤੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਪਹਿਲਾਂ ਹੀ ਕੰਗਨਾ ਦੇ ਬਿਆਨ ਦਾ ਵਿਰੋਧ ਕਰ ਚੁੱਕੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਨੂੰ ਆਪਣੇ ਸੰਸਦ ਮੈਂਬਰ ਦੇ ਕਿਸਾਨ ਵਿਰੋਧੀ ਬਿਆਨ ਲਈ ਮੁਆਫ਼ੀ ਮੰਗਣੀ ਹੋਵੇਗੀ। ਜਦੋਂ ਤੱਕ ਕੰਗਨਾ ਰਣੌਤ ਵੀ ਮੁਆਫੀ ਨਹੀਂ ਮੰਗਦੀ, ਉਸ ਦਾ ਦੇਸ਼ ਭਰ ਵਿੱਚ ਵਿਰੋਧ ਕੀਤਾ ਜਾਵੇਗਾ। ਇਸ ਦੇ ਨਾਲ ਹੀ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕੰਗਨਾ ਰਣੌਤ ਦੀ ਮਾਨਸਿਕ ਸਥਿਤੀ 'ਤੇ ਸਵਾਲ ਖੜ੍ਹੇ ਕੀਤੇ ਹਨ।