ਅੰਮ੍ਰਿਤਸਰ: ਪੰਜਾਬ 'ਚ 19 ਸਤੰਬਰ ਯਾਨੀ ਭਲਕੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾਂ ਹੋਣ ਜਾ ਰਹੀਆਂ ਹਨ। ਇਸ ਤੋਂ ਪਹਿਲਾਂ ਹੀ ਕਾਂਗਰਸ ਦੇ ਉਮੀਦਵਾਰ ਵੱਡੀ ਗਿਣਤੀ 'ਚ ਬਿਨਾਂ ਮੁਕਾਬਲਾ ਚੋਣ ਜਿੱਤ ਗਏ ਹਨ। ਮਾਝੇ ਦੇ ਜ਼ਿਲ੍ਹੇ ਅੰਮ੍ਰਿਤਸਰ, ਗੁਰਦਾਸਪੁਰ ਤੇ ਤਰਨ ਤਾਰਨ 'ਚ ਕਈ ਜ਼ੋਨਾਂ ਤੋਂ ਕਾਂਗਰਸ ਦੇ ਉਮੀਦਵਾਰ ਬਿਨਾ ਮੁਕਾਬਲਾ ਚੋਣ ਜਿੱਤ ਗਏ ਹਨ ਜਦਕਿ ਬਾਕੀਆਂ ਵਿੱਚ ਕਾਂਗਰਸ ਤੇ ਅਕਾਲੀ-ਭਾਜਪਾ ਦੇ ਉਮੀਦਵਾਰਾਂ ਦਾ ਸਿੱਧਾ ਮੁਕਾਬਲਾ ਹੈ।


ਅੰਮ੍ਰਿਤਸਰ ਜ਼ਿਲ੍ਹੇ ਦੇ ਬਲਾਕ ਸੰਗਤ ਦੇ 44 ਜ਼ੋਨਾਂ ਤੋਂ ਕਾਂਗਰਸ ਦੇ ਉਮੀਦਵਾਰ ਬਿਨਾਂ ਮੁਕਾਬਲਾ ਜਿੱਤੇ ਹਨ। ਗੁਰਦਾਸਪੁਰ ਜ਼ਿਲ੍ਹੇ 'ਚ ਕਾਂਗਰਸ ਨਾਲ ਸਬੰਧਤ 50 ਫੀਸਦੀ ਉਮੀਦਵਾਰ ਬਿਨਾਂ ਮੁਕਾਬਲਾ ਹੀ ਚੋਣ ਜਿੱਤ ਗਏ। ਅਕਾਲੀ ਦਲ ਨੇ ਗੁਰਦਾਸਪੁਰ ਜ਼ਿਲ੍ਹੇ ਵਿੱਚ ਪਹਿਲਾਂ ਹੀ ਚੋਣਾਂ ਦੇ ਬਾਈਕਾਟ ਦਾ ਐਲਾਨ ਕਰ ਦਿੱਤਾ ਸੀ ਤੇ ਕਾਂਗਰਸ 'ਤੇ ਧੱਕੇਸ਼ਾਹੀ ਦੇ ਦੋਸ਼ ਲਾਏ ਸਨ।


ਗੁਰਦਾਸਪੁਰ ਜ਼ਿਲ੍ਹੇ ਦੇ ਬਲਾਕ ਸੰਮਤੀ ਦੇ 217 ਜ਼ੋਨਾਂ ਵਿੱਚੋਂ 143 ਉਮੀਦਵਾਰ ਬਿਨਾਂ ਮੁਕਾਬਲਾ ਜੇਤੂ ਰਹੇ ਹਨ ਤੇ ਬਾਕੀ 74 ਬਲਾਕ ਸੰਮਤੀ ਜ਼ੋਨਾਂ ਲਈ ਕਾਂਗਰਸੀ ਤੇ ਅਕਾਲੀ ਉਮੀਦਵਾਰਾਂ ਵਿਚ ਸਿੱਧਾ ਮੁਕਾਬਲਾ ਹੈ। ਪਠਾਨਕੋਟ ਜ਼ਿਲ੍ਹੇ ਦੇ 10 ਜ਼ੋਨਾਂ ਵਿੱਚ ਅਕਾਲੀ ਦਲ ਬੀਜੇਪੀ ਤੇ ਕਾਂਗਰਸ ਦੇ ਉਮੀਦਵਾਰਾਂ ਦਰਮਿਆਨ ਮੁਕਾਬਲਾ ਹੈ।


ਪਠਾਨਕੋਟ ਜ਼ਿਲ੍ਹੇ ਦੇ 91 ਬਲਾਕ ਸੰਮਤੀ ਜ਼ੋਨਾਂ ਵਿੱਚੋਂ ਸਿਰਫ਼ ਤਿੰਨ ਜ਼ੋਨਾਂ ਤੋਂ ਬਿਨਾਂ ਮੁਕਾਬਲਾ ਕਾਂਗਰਸ ਦੇ ਉਮੀਦਵਾਰ ਚੋਣ ਜਿੱਤੇ ਹਨ ਜਦਕਿ 88 ਤੇ ਕਾਂਗਰਸ ਤੇ ਅਕਾਲੀ ਦਲ ਭਾਜਪਾ ਗੱਠਜੋੜ ਦਾ ਸਿੱਧਾ ਮੁਕਾਬਲਾ ਹੋਵੇਗਾ। ਤਰਨ ਤਾਰਨ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਵਿੱਚੋਂ ਨੌਂ ਜ਼ੋਨਾਂ ਦੇ ਉਮੀਦਵਾਰ ਬਿਨਾਂ ਮੁਕਾਬਲਾ ਚੋਣ ਜਿੱਤ ਚੁੱਕੇ ਹਨ।


ਜ਼ਿਕਰਯੋਗ ਹੈ ਕਿ ਮਾਝੇ ਦੇ ਅੰਮ੍ਰਿਤਸਰ ਤਰਨ ਤਾਰਨ ਗੁਰਦਾਸਪੁਰ ਤੇ ਪਠਾਨਕੋਟ ਜ਼ਿਲ੍ਹਿਆਂ ਵਿੱਚ ਚੋਣਾਂ ਕਰਾਉਣ ਲਈ ਕਰੀਬ 15 ਹਜ਼ਾਰ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਇਨ੍ਹਾਂ ਦੇ ਵਿੱਚੋਂ ਪੰਜਾਬ ਪੁਲਿਸ ਤੋਂ ਇਲਾਵਾ ਪੀਏਪੀ ਦੀਆਂ ਕੰਪਨੀਆਂ ਦੇ ਮੁਲਾਜ਼ਮ ਵੀ ਵੱਖ ਵੱਖ ਜ਼ੋਨਾਂ 'ਚ ਤਾਇਨਾਤ ਰਹਿਣਗੇ।