ਨਵੀਂ ਦਿੱਲੀ: ਕਾਂਗਰਸ ‘ਚ ਸ਼ੁਰੂ ‘ਚ ਹੋਏ ਅਸਤੀਫਿਆਂ ਦੇ ਦੌਰ ‘ਚ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅੱਜ ਕਾਂਗਰਸੀ ਸਰਕਾਰਾਂ ਵਾਲੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਮੁਲਾਕਾਤ ਕਰਨਗੇ। ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ, ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲਨਾਥ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਤੇ ਪੁਡੂਚੇਰੀ ਦੇ ਮੁੱਖ ਮੰਤਰੀ ਨਰਾਇਣ ਸਾਮੀ ਰਾਹੁਲ ਗਾਂਧੀ ਨਾਲ ਹੋਣ ਵਾਲੀ ਬੈਠਕ ‘ਚ ਸ਼ਾਮਲ ਹੋਣਗੇ।
ਇਨ੍ਹਾਂ ਨੇਤਾਵਾਂ ਨੇ ਰਾਹੁਲ ਵੱਲੋਂ ਅਸਤੀਫੇ ਦੀ ਪੇਸ਼ਕਸ਼ ਤੋਂ ਬਾਅਦ ਉਨ੍ਹਾਂ ਨਾਲ ਮੁਲਾਕਾਤ ਦਾ ਸਮਾਂ ਮੰਗਿਆ ਸੀ, ਜਿਸ ਲਈ ਰਾਹੁਲ ਗਾਂਧੀ ਹੁਣ ਤਿਆਰ ਹੋਏ ਹਨ। ਮੰਨਿਆ ਜਾ ਰਿਹਾ ਹੈ ਕਿ ਇਸ ਬੈਠਕ ‘ਚ ਰਾਹੁਲ ਨੂੰ ਮਨਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਜਦਕਿ ਰਾਹੁਲ ਸਾਫ਼ ਕਹਿ ਚੁੱਕੇ ਹਨ ਕਿ ਉਹ ਕਾਂਗਰਸ ਪ੍ਰਧਾਨ ਦਾ ਅਹੁਦਾ ਛੱਡਣ ਦੇ ਫੈਸਲੇ ‘ਤੇ ਕਾਇਮ ਰਹਿਣਗੇ।
ਉਧਰ, ਦੂਜੇ ਪਾਸੇ ਪੰਜਾਬ ਦੇ ਸੀਨੀਅਰ ਨੇਤਾ ਤੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਆਪਣੀ ਪਾਰਟੀ ਦੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਉਹ ਅਸਤੀਫਾ ਲੈ ਕੇ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨ। ਬਾਜਵਾ ਨੇ ਕਿਹਾ ਕਿ ਪਾਰਟੀ ਦੀ ਨੁਮਾਇੰਦਗੀ ‘ਤੇ ਭਰੋਸਾ ਜ਼ਾਹਿਰ ਕਰਦੇ ਹੋਏ ਸਾਰੇ ਸੀਨੀਅਰ ਨੇਤਾਵਾਂ ਨੂੰ ਅਹੁਦੇ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ ਤਾਂ ਜੋ ਰਾਹੁਲ ਖੁੱਲ੍ਹ ਕੇ ਪਾਰਟੀ ‘ਚ ਬਦਲਾਅ ਕਰ ਸਕਣ।
ਰਾਹੁਲ ਨੂੰ ਮਨਾਉਣ ਤੇ ਅਸਤੀਫਾ ਵਾਪਸ ਲੈਣ ਦੀ ਮੰਗ ਨੂੰ ਲੈ ਕੇ ਕਾਂਗਰਸ ਦਲਿਤ ਜਾਤੀ ਵਿਭਾਗ ਦੇ ਵਰਕਰਾਂ ਨੇ ਅੱਜ ਸਵੇਰੇ 10 ਵਜੇ ਰਾਹੁਲ ਦੇ ਘਰ ਦੇ ਬਾਹਰ ਪ੍ਰਦਰਸ਼ਨ ਕੀਤਾ।