ਨਵੀਂ ਦਿੱਲੀ: ਕਾਂਗਰਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਰਾਜ ਸਭਾ ਵਿੱਚ ਬਿਆਨ ਆਉਣ ਤੋਂ ਬਾਅਦ ਅੱਜ ਉਨ੍ਹਾਂ ਉੱਤੇ ਕਿਸਾਨਾਂ ਤੇ ਦੇਸ਼ ਦੇ ਲੋਕਾਂ ਨਾਲ ਵਿਸ਼ਵਾਸਘਾਤ ਕਰਨ ਦਾ ਦੋਸ਼ ਲਾਇਆ ਹੈ। ਵਿਰੋਧੀ ਧਿਰ ਨੇ ਕਿਹਾ ਕਿ ਉਨ੍ਹਾਂ ਸਿਰਫ਼ ਸਿਆਸੀ ਭਾਸ਼ਣ ਦਿੱਤਾ ਪਰ ਸਮੱਸਿਆ ਦੇ ਹੱਲ ਲਈ ਕੋਈ ਗੱਲ ਨਹੀਂ ਕੀਤੀ। ਕਾਂਗਰਸ ਨੇ ਪ੍ਰਧਾਨ ਮੰਤਰੀ ਨੂੰ ਸੁਆਲ ਕੀਤਾ ਕਿ ਉਹ ਐਮਐਸਪੀ ਦੀ ਲਿਖਤੀ ਗਰੰਟੀ ਕਿਉਂ ਨਹੀਂ ਦੇ ਰਹੇ।  ਪਾਰਟੀ ਦੇ ਸੀਨੀਅਰ ਆਗੂ ਮਲਿਕਾਰਜੁਨ ਖੜਗੇ ਨੇ ਇਹ ਦਾਅਵਾ ਵੀ ਕੀਤਾ ਕਿ ਪ੍ਰਧਾਨ ਮੰਤਰੀ ਨੇ ਤਿੰਨੇ ਨਵੇਂ ਖੇਤੀ ਕਾਨੂੰਨਾਂ ਬਾਰੇ ਉਠਾਏ ਗਏ ਮੁੱਦਿਆਂ ਉੱਤੇ ਕੋਈ ਗੱਲ ਕਰਨ ਦੀ ਥਾਂ ਤੱਥਹੀਣ ਗੱਲਾਂ ਕਰ ਕੇ ਸਦਨ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ। ਪ੍ਰਧਾਨ ਮੰਤਰੀ ਮੋਦੀ ਨੇ ਅੱਜ ਰਾਜ ਸਭਾ ’ਚ ਕਿਸਾਨਾਂ ਨੂੰ ਆਪਣਾ ਅੰਦੋਲਨ ਖ਼ਤਮ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਇਹ ਵੇਲਾ ਖੇਤੀ ਨੂੰ ‘ਖ਼ੁਸ਼ਹਾਲ’ ਬਣਾਉਣ ਦਾ ਹੈ ਤੇ ਦੇਸ਼ ਨੂੰ ਇਸ ਦਿਸ਼ਾ ਵਿੱਚ ਅੱਗੇ ਵਧਣਾ ਚਾਹੀਦਾ ਹੈ।   ਰਾਸ਼ਟਰਪਤੀ ਦੇ ਭਾਸ਼ਣ ਉੱਤੇ ਧੰਨਵਾਦ ਦੇ ਮਤੇ ਉੱਤੇ ਹੋਈ ਬਹਿਸ ਦਾ ਜੁਆਬ ਦਿੰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਜਦੋਂ ਦੇਸ਼ ਵਿੱਚ ਸੁਧਾਰ ਹੁੰਦੇ ਹਨ, ਤਾਂ ਉਸ ਦਾ ਵਿਰੋਧ ਹੁੰਦਾ ਹੈ। ਉਨ੍ਹਾਂ ਕਿਹਾ ਕਿ ਜਦੋਂ ਦੇਸ਼ ਵਿੱਚ ਹਰਾ ਇਨਕਲਾਬ ਆਇਆ ਸੀ, ਤਦ ਉਸ ਵੇਲੇ ਵੀ ਖੇਤੀ ਖੇਤਰ ਵਿੱਚ ਕੀਤੇ ਗਏ ਸੁਧਾਰਾਂ ਦਾ ਵਿਰੋਧ ਹੋਇਆ ਸੀ।  ਕਾਂਗਰਸੀ ਆਗੂ ਖੜਗੇ ਨੇ ਸੰਸਦ ਭਵਨ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਆਖਿਆ ਕਿ ਸਾਨੂੰ ਆਸ ਸੀ ਕਿ ਪ੍ਰਧਾਨ ਮੰਤਰੀ ਕਿਸਾਨ ਅੰਦੋਲਨ ਤੇ ਦੇਸ਼ ਵਿੱਚ ਮਚੇ ਹੰਗਾਮੇ ਨੂੰ ਵੇਖ ਕੇ ਤਿੰਨੇ ਕਾਨੂੰਨਾਂ ਨੂੰ ਵਾਪਸ ਲੈਣ ਦੀ ਗੱਲ ਕਰਨਗੇ ਪਰ ਉਨ੍ਹਾਂ ਅਜਿਹਾ ਕੁਝ ਵੀ ਨਹੀਂ ਕੀਤਾ।