ਕਾਂਗਰਸ ਨੇਤਾ ਅਧੀਰ ਰੰਜਨ ਚੌਧਰੀ ਨੇ ਦਰੋਪਦੀ ਮੁਰਮੂ ਨੂੰ ਕਹਿ ਦਿੱਤਾ ‘ਰਾਸ਼ਟਰੀ ਪਤਨੀ’, ਬੀਜੇਪੀ ਵੱਲੋਂ ਹੰਗਾਮਾ, ਰੰਜਨ ਬੋਲੇ, ਜ਼ੁਬਾਨ ਫਿਸਲੀ
ਲੋਕ ਸਭਾ 'ਚ ਕਾਂਗਰਸ ਨੇਤਾ ਅਧੀਰ ਰੰਜਨ ਚੌਧਰੀ ਵੱਲੋਂ ਦਰੋਪਦੀ ਮੁਰਮੂ ਨੂੰ ‘ਰਾਸ਼ਟਰੀ ਪਤਨੀ’ ਕਹਿਮ 'ਤੇ ਵਿਵਾਦ ਖੜ੍ਹਾ ਹੋ ਗਿਆ ਹੈ। ਇਸ ਮਗਰੋਂ ਭਾਰਤੀ ਜਨਤਾ ਪਾਰਟੀ ਨੇ ਕਾਂਗਰਸ ਨੂੰ ਘੇਰਿਆ ਹੈ।
ਨਵੀਂ ਦਿੱਲੀ: ਲੋਕ ਸਭਾ 'ਚ ਕਾਂਗਰਸ ਨੇਤਾ ਅਧੀਰ ਰੰਜਨ ਚੌਧਰੀ ਵੱਲੋਂ ਦਰੋਪਦੀ ਮੁਰਮੂ ਨੂੰ ‘ਰਾਸ਼ਟਰੀ ਪਤਨੀ’ ਕਹਿਮ 'ਤੇ ਵਿਵਾਦ ਖੜ੍ਹਾ ਹੋ ਗਿਆ ਹੈ। ਇਸ ਮਗਰੋਂ ਭਾਰਤੀ ਜਨਤਾ ਪਾਰਟੀ ਨੇ ਕਾਂਗਰਸ ਨੂੰ ਘੇਰਿਆ ਹੈ। ਬੀਜੇਪੀ ਨੇ ਅਧੀਰ ਰੰਜਨ ਚੌਧਰੀ ਵੱਲੋਂ ਸਦਨ ਦੇ ਬਾਹਰ ਰਾਸ਼ਟਰਪਤੀ ਦਰੋਪਦੀ ਮੁਰਮੂ ਬਾਰੇ ਕੀਤੀ ਟਿੱਪਣੀ ਨੂੰ ਕਬਾਇਲੀ ਤੇ ਗਰੀਬ ਵਿਰੋਧੀ ਕਰਾਰ ਦਿੱਤਾ ਤੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਤੋਂ ਮੁਆਫੀ ਮੰਗਣ ਦੀ ਮੰਗ ਕੀਤੀ।
ਸੱਤਾਧਾਰੀ ਤੇ ਵਿਰੋਧੀ ਧਿਰਾਂ ਵਿਚਾਲੇ ਬੋਲ-ਬੁਲਾਰੇ ਕਾਰਨ ਲੋਕ ਸਭਾ ਦੀ ਕਾਰਵਾਈ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ। ਸਵੇਰੇ 11 ਵਜੇ ਜਦੋਂ ਹੇਠਲੇ ਸਦਨ ਦੀ ਕਾਰਵਾਈ ਸ਼ੁਰੂ ਹੋਈ ਤਾਂ ਮਹਿਲਾ ਤੇ ਬਾਲ ਵਿਕਾਸ ਮੰਤਰੀ ਸਮ੍ਰਿਤੀ ਇਰਾਨੀ ਨੇ ਮੁੱਦਾ ਉਠਾਉਂਦਿਆਂ ਕਿਹਾ ਕਿ ਸਦਨ ਵਿੱਚ ਕਾਂਗਰਸੀ ਆਗੂ ਅਧੀਰ ਰੰਜਨ ਚੌਧਰੀ ਨੇ ਦੇਸ਼ ਦੀ ਪਹਿਲੀ ਮਹਿਲਾ ਕਬਾਇਲੀ ਪ੍ਰਧਾਨ ਦਰੋਪਦੀ ਮੁਰਮੂ ਨੂੰ ‘ਰਾਸ਼ਟਰੀ ਪਤਨੀ’ ਕਹਿ ਕੇ ਅਪਮਾਨਿਤ ਕੀਤਾ ਹੈ। ਇਰਾਨੀ ਨੇ ਕਿਹਾ ਕਿ ਚੌਧਰੀ ਨੇ ਮੁਰਮੂ ਦਾ ਸੜਕ ’ਤੇ ਜਾ ਕੇ ਅਪਮਾਨ ਕੀਤਾ, ਜੋ ਦੇਸ਼ ਦੇ ਸਭ ਤੋਂ ਉੱਚੇ ਸੰਵਿਧਾਨਕ ਅਹੁਦੇ 'ਤੇ ਹਨ।
ਉਧਰ, ਲੋਕ ਸਭਾ ਵਿਚ ਕਾਂਗਰਸ ਨੇਤਾ ਅਧੀਰ ਰੰਜਨ ਚੌਧਰੀ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਬਾਰੇ ਆਪਣੀ ਟਿੱਪਣੀ ਨੂੰ ਸਪੱਸ਼ਟ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੇ ਮੂੰਹੋਂ ਗਲਤੀ ਨਾਲ ਸ਼ਬਦ ਨਿਕਲ ਗਿਆ ਤੇ ਭਾਜਪਾ ਕੋਲ ਕੋਈ ਮੁੱਦਾ ਨਹੀਂ। ਇਸ ਲਈ ਉਹ ਇਸ ਨੂੰ ਚੁੱਕ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਰਾਸ਼ਟਰਪਤੀ ਅਹੁਦੇ ’ਤੇ ਚਾਹੇ ਕਿਸੇ ਵੀ ਭਾਈਚਾਰੇ ਦਾ ਵਿਅਕਤੀ ਬੈਠੇ ਉਹ ਉਸ ਦਾ ਪੂਰਾ ਸਤਿਕਾਰ ਕਰਦੇ ਹਨ।