Vice President Candidate: ਕਾਂਗਰਸ ਨੇਤਾ ਮਾਰਗਰੇਟ ਅਲਵਾ ਬਣੀ ਉਪ ਰਾਸ਼ਟਰਪਤੀ ਅਹੁਦੇ ਲਈ ਵਿਰੋਧੀ ਧਿਰ ਉਮੀਦਵਾਰ , ਸ਼ਰਦ ਪਵਾਰ ਨੇ ਕੀਤਾ ਐਲਾਨ
Vice President Election 2022: ਭਾਰਤ ਦੇ ਉਪ ਰਾਸ਼ਟਰਪਤੀ ਦੇ ਅਹੁਦੇ ਲਈ ਵਿਰੋਧੀ ਧਿਰ ਦੇ ਉਮੀਦਵਾਰ ਵਜੋਂ ਕਾਂਗਰਸ ਨੇਤਾ ਮਾਰਗਰੇਟ ਅਲਵਾ ਦੇ ਨਾਂ ਦਾ ਐਲਾਨ ਕੀਤਾ ਗਿਆ ਹੈ।
Vice President Election 2022: ਭਾਰਤ ਦੇ ਉਪ ਰਾਸ਼ਟਰਪਤੀ ਦੇ ਅਹੁਦੇ ਲਈ ਵਿਰੋਧੀ ਧਿਰ ਦੇ ਉਮੀਦਵਾਰ ਵਜੋਂ ਕਾਂਗਰਸ ਨੇਤਾ ਮਾਰਗਰੇਟ ਅਲਵਾ ਦੇ ਨਾਂ ਦਾ ਐਲਾਨ ਕੀਤਾ ਗਿਆ ਹੈ। ਐਨਸੀਪੀ ਮੁਖੀ ਸ਼ਰਦ ਪਵਾਰ ਨੇ ਉਨ੍ਹਾਂ ਦੇ ਨਾਂ ਦਾ ਐਲਾਨ ਕੀਤਾ। ਇਸ ਤੋਂ ਪਹਿਲਾਂ ਦਿੱਲੀ ਵਿੱਚ ਐਨਸੀਪੀ ਮੁਖੀ ਸ਼ਰਦ ਪਵਾਰ ਦੀ ਰਿਹਾਇਸ਼ ’ਤੇ ਵਿਰੋਧੀ ਪਾਰਟੀਆਂ ਦੀ ਮੀਟਿੰਗ ਹੋਈ। ਬੈਠਕ 'ਚ ਕਾਂਗਰਸ ਨੇਤਾ ਮਲਿਕਾਰਜੁਨ ਖੜਗੇ, ਸੀਪੀਆਈ (ਐੱਮ) ਨੇਤਾ ਸੀਤਾਰਾਮ ਯੇਚੁਰੀ, ਸ਼ਿਵ ਸੈਨਾ ਨੇਤਾ ਸੰਜੇ ਰਾਉਤ ਅਤੇ ਹੋਰ ਮੌਜੂਦ ਸਨ।
ਇਸ ਬੈਠਕ 'ਚ ਉਪ ਰਾਸ਼ਟਰਪਤੀ ਦੀ ਚੋਣ ਅਤੇ ਸੰਸਦ ਦੇ ਆਗਾਮੀ ਸੈਸ਼ਨ 'ਤੇ ਚਰਚਾ ਕੀਤੀ ਗਈ। ਮੀਟਿੰਗ ਵਿੱਚ ਐਨਸੀਪੀ ਮੁਖੀ ਸ਼ਰਦ ਪਵਾਰ ਨੇ ਉਪ ਰਾਸ਼ਟਰਪਤੀ ਦੇ ਅਹੁਦੇ ਲਈ ਵਿਰੋਧੀ ਉਮੀਦਵਾਰ ਵਜੋਂ ਮਾਰਗਰੇਟ ਅਲਵਾ ਦੇ ਨਾਂ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਸਰਬਸੰਮਤੀ ਨਾਲ ਹੋਏ ਇਸ ਫੈਸਲੇ ਲਈ 17 ਪਾਰਟੀਆਂ ਸ਼ਾਮਲ ਹਨ।
19 ਨੂੰ ਨਾਮਜ਼ਦਗੀ ਕਰਨਗੇ ਦਾਖਲ
ਵਿਰੋਧੀ ਪਾਰਟੀਆਂ ਦੀ ਬੈਠਕ ਤੋਂ ਬਾਅਦ ਸ਼ਰਦ ਪਵਾਰ ਨੇ ਕਿਹਾ ਕਿ ਕਾਂਗਰਸ ਨੇਤਾ ਮਾਰਗਰੇਟ ਅਲਵਾ ਵਿਰੋਧੀ ਪੱਖ ਤੋਂ ਉਪ ਰਾਸ਼ਟਰਪਤੀ ਦੇ ਅਹੁਦੇ ਲਈ ਉਮੀਦਵਾਰ ਹੋਵੇਗੀ। ਉਹ 19 ਨੂੰ ਨਾਮਜ਼ਦਗੀ ਪੱਤਰ ਦਾਖਲ ਕਰੇਗੀ। ਦੱਸਿਆ ਜਾ ਰਿਹਾ ਹੈ ਕਿ ਬੈਠਕ ਦੌਰਾਨ ਟੀਐਮਸੀ ਮੁਖੀ ਅਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨਾਲ ਸੰਪਰਕ ਨਹੀਂ ਹੋ ਸਕਿਆ। ਵਿਰੋਧੀ ਉਮੀਦਵਾਰ ਨੂੰ ਹੁਣ ਤੱਕ 17 ਪਾਰਟੀਆਂ ਦਾ ਸਮਰਥਨ ਹਾਸਲ ਹੈ।
ਮਮਤਾ ਬੈਨਰਜੀ ਨਾਲ ਨਹੀਂ ਹੋ ਸਕਿਆ ਸੰਪਰਕ
ਸ਼ਰਦ ਪਵਾਰ ਨੇ ਕਿਹਾ, "ਅਸੀਂ ਮਮਤਾ ਬੈਨਰਜੀ ਅਤੇ ਅਰਵਿੰਦ ਕੇਜਰੀਵਾਲ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ। ਪਿਛਲੀ ਵਾਰ ਉਨ੍ਹਾਂ ਨੇ ਸਾਡੇ ਸਾਂਝੇ ਰਾਸ਼ਟਰਪਤੀ ਉਮੀਦਵਾਰ ਦਾ ਸਮਰਥਨ ਕੀਤਾ ਸੀ।" ਦੂਜੇ ਪਾਸੇ ਸ਼ਿਵ ਸੈਨਾ ਨੇ ਉਪ ਰਾਸ਼ਟਰਪਤੀ ਚੋਣ ਵਿੱਚ ਵਿਰੋਧੀ ਧਿਰ ਦੇ ਨਾਲ ਰਹਿਣ ਦਾ ਫੈਸਲਾ ਕੀਤਾ ਹੈ। ਸ਼ਿਵ ਸੈਨਾ ਦੇ ਸੰਸਦ ਮੈਂਬਰ ਸੰਜੇ ਰਾਉਤ ਨੇ ਕਿਹਾ ਕਿ ਇਸ ਚੋਣ ਵਿੱਚ ਵਿਰੋਧੀ ਧਿਰ ਇੱਕਜੁੱਟ ਹੈ।
ਕਦੋਂ ਹੋਵੇਗੀ ਉਪ ਰਾਸ਼ਟਰਪਤੀ ਦੀ ਚੋਣ ?
ਦੱਸ ਦੇਈਏ ਕਿ ਬੀਤੇ ਦਿਨ ਭਾਜਪਾ ਨੇ ਐਨਡੀਏ ਉਪ ਰਾਸ਼ਟਰਪਤੀ ਵਜੋਂ ਬੰਗਾਲ ਦੇ ਰਾਜਪਾਲ ਜਗਦੀਪ ਧਨਖੜ ਦੇ ਨਾਮ ਦਾ ਐਲਾਨ ਕੀਤਾ ਸੀ। ਪਾਰਟੀ ਦੇ ਸੰਸਦੀ ਬੋਰਡ ਦੀ ਮੀਟਿੰਗ ਤੋਂ ਬਾਅਦ ਭਾਜਪਾ ਪ੍ਰਧਾਨ ਜੇਪੀ ਨੱਡਾ ਨੇ ਜਗਦੀਪ ਧਨਖੜ ਦੇ ਨਾਂ ਦਾ ਐਲਾਨ ਕੀਤਾ। ਉਪ ਰਾਸ਼ਟਰਪਤੀ ਦੀ ਚੋਣ 6 ਅਗਸਤ ਨੂੰ ਹੋਵੇਗੀ ਅਤੇ ਨਾਮਜ਼ਦਗੀ ਦਾਖਲ ਕਰਨ ਦੀ ਆਖਰੀ ਮਿਤੀ 19 ਜੁਲਾਈ ਹੈ। ਮੌਜੂਦਾ ਉਪ ਰਾਸ਼ਟਰਪਤੀ ਐਮ. ਵੈਂਕਈਆ ਨਾਇਡੂ ਦਾ ਕਾਰਜਕਾਲ 10 ਅਗਸਤ ਨੂੰ ਖਤਮ ਹੋ ਰਿਹਾ ਹੈ।