ਚੰਡੀਗੜ੍ਹ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ 'ਤੇ ਕੇਂਦਰ ਸਰਕਾਰ ਵੱਲੋਂ 8 ਸਿੱਖ ਕੈਦੀਆਂ ਦੀ ਰਿਹਾਈ ਤੇ ਇੱਕ ਕੈਦੀ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰਨ ਦਾ ਫੈਸਲਾ ਸੁਣਾਇਆ ਹੈ। ਇਸ ਤੋਂ ਇਲਾਵਾ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਉਮਰ ਕੈਦ ਵਿੱਚ ਤਬਦੀਲ ਕੀਤੀ ਗਈ ਹੈ। ਹੁਣ ਲੁਧਿਆਣਾ ਤੋਂ ਕਾਂਗਰਸੀ ਸਾਂਸਦ ਰਵਨੀਤ ਸਿੰਘ ਬਿੱਟੂ ਨੇ ਇਸ ਗੱਲ 'ਤੇ ਸਖ਼ਤ ਵਿਰੋਧ ਜਤਾਇਆ ਹੈ। ਉਨ੍ਹਾਂ ਇਸ ਲਈ ਕੇਂਦਰ ਦੀ ਮੋਦੀ ਸਰਕਾਰ ਨੂੰ ਵੀ ਘੇਰਿਆ ਹੈ।
ਬਿੱਟੂ ਨੇ ਸਾਫ ਸ਼ਬਦਾਂ ਵਿੱਚ ਕਿਹਾ ਹੈ ਕਿ ਜੇ ਕੇਂਦਰ ਸਰਕਾਰ ਵੱਲੋਂ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਿਆ ਗਿਆ ਤਾਂ ਇਸ ਤੋਂ ਸਾਫ ਤੌਰ 'ਤੇ ਪੀਐਮ ਮੋਦੀ ਨੂੰ ਰਾਸ਼ਟਰਵਾਦ ਨੂੰ ਲੈ ਕੇ ਸੋਚ ਝੂਠੀ ਸਾਬਤ ਹੋ ਜਾਏਗੀ, ਜਿਨ੍ਹਾਂ ਸੰਯੁਕਤ ਰਾਸ਼ਟਰ ਵਿੱਚ ਅੱਤਵਾਦ ਖ਼ਿਲਾਫ਼ ਜ਼ਬਰਦਸਤ ਰੋਸ ਜਤਾਇਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਪਰਿਵਾਰ ਵੀ ਇਸ ਦਾ ਵਿਰੋਧ ਕਰਦਾ ਹੈ।
ਬਿੱਟੂ ਨੇ ਦੱਸਿਆ ਕਿ ਰਾਜੋਆਣਾ ਉਨ੍ਹਾਂ ਦੇ ਦਾਦਾ ਤੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦਾ ਕਾਤਲ ਹੈ। ਜੇ ਉਸ ਨੂੰ ਉਮਰ ਕੈਦ ਮਿਲੀ ਤਾਂ ਉਹ ਪੈਰੋਲ 'ਤੇ ਰਿਹਾਅ ਹੋ ਜਾਏਗਾ। ਇਸ ਨਾਲ ਸੂਬੇ ਦਾ ਮਾਹੌਲ ਖਰਾਬ ਹੋ ਸਕਦਾ ਹੈ। ਉਨ੍ਹਾਂ ਸਾਰੇ ਬੀਜੇਪੀ ਲੀਡਰਾਂ ਨੂੰ ਸਵਾਲ ਕੀਤਾ ਹੈ ਕਿ ਕੀ ਉਹ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਦੇ ਹੱਕ ਵਿੱਚ ਹਨ?