ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫ਼ਿਰੋਜ਼ਪੁਰ ਫੇਰੀ ਰੱਦ ਹੋਣ ਮਗਰੋਂ ਬੀਜੇਪੀ ਤੇ ਕਾਂਗਰਸ ਵਿਚਾਲੇ ਬਿਆਨਬਾਜ਼ੀ ਦੀ ਜੰਗ ਛਿੜ ਗਈ ਹੈ। ਜਿੱਥੇ ਬੀਜੇਪੀ ਪ੍ਰਧਾਨ ਮੰਤਰੀ ਮੋਦੀ ਦੀ ਸੁਰੱਖਿਆ ਵਿੱਚ ਕੁਤਾਹੀ ਦਾ ਹਵਾਲਾ ਦੇ ਕਿ ਪੰਜਾਬ ਸਰਕਾਰ ਨੂੰ ਘੇਰ ਰਹੀ ਹੈ, ਉੱਥੇ ਹੀ ਕਾਂਗਰਸ ਦਾਅਵਾ ਕੀਤਾ ਹੈ ਕਿ ਰੈਲੀ ਵਿੱਚ ‘ਮੋਦੀ ਜੀ’ ਨੂੰ ਸੁਣਨ ਲਈ ਕੋਈ ਭੀੜ ਨਹੀਂ ਸੀ। ਇਸ ਲਈ ਸਾਰਾ ਡਰਾਮਾ ਕੀਤਾ ਗਿਆ। ਕਾਂਗਰਸ ਦੇ ਮੁੱਖ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਕਿਹਾ ਹੈ ਕਿ ਭਾਜਪਾ ਪ੍ਰਧਾਨ ਜੇਪੀ ਨੱਢਾ ਦੂਜੇ ਸਿਰ ਦੋਸ਼ ਮੜ੍ਹਨਾ ਬੰਦ ਕਰਨ ਤੇ ਇਸ ਦੀ ਥਾਂ ਬੀਜੇਪੀ ਆਪਣੇ ‘ਕਿਸਾਨ ਵਿਰੋਧੀ’ ਰਵੱਈਏ ਨੂੰ ਲੈ ਕੇ ਅੰਤਰਝਾਤ ਮਾਰੇ।


ਦਰਅਸਲ ਨੱਢਾ ਨੇ ਦੋਸ਼ ਲਾਇਆ ਹੈ ਕਿ ਪੰਜਾਬ ਦੀ ਕਾਂਗਰਸ ਸਰਕਾਰ ਅਗਾਮੀ ਚੋਣਾਂ ਵਿੱਚ ਆਪਣੀ ਹਾਰ ਦੇ ਡਰੋਂ ਸੂਬੇ ਵਿੱਚ ਮੋਦੀ ਦੇ ਪ੍ਰੋਗਰਾਮਾਂ ਨੂੰ ਨਾਕਾਮ ਬਣਾਉਣ ਲਈ ਹਰ ਸੰਭਵ ਹਰਬਾ ਵਰਤ ਰਹੀ ਹੈ। ਇਸ ਦਾ ਜਵਾਬ ਦਿੰਦਿਆਂ ਸੁਰਜੇਵਾਲਾ ਨੇ ਪੰਜਾਬ ਦੀ ਕਾਂਗਰਸ ਸਰਕਾਰ ਦਾ ਬਚਾਅ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਦੀ ਫੇਰੀ ਨੂੰ ਲੈ ਕੇ ਸਾਰੇ ਸੁਰੱਖਿਆ ਪ੍ਰਬੰਧ ਐੈਸਪੀਜੀ ਤੇ ਹੋਰਨਾਂ ਏਜੰਸੀਆਂ ਦੇ ਤਾਲਮੇਲ ਨਾਲ ਕੀਤੇ ਗਏ ਸਨ।


ਸੁਰਜੇਵਾਲਾ ਨੇ ਟਵੀਟ ਕੀਤਾ, ‘‘ਨੱਢਾ ਜੀ ਆਪਾ ਨਾ ਗੁਆਓ ਤੇ ਮਰਿਆਦਾ ਵਿੱਚ ਰਹੋ। ਯਾਦ ਰਹੇ ਕਿ ਪ੍ਰਧਾਨ ਮੰਤਰੀ ਦੀ ਰੈਲੀ ਲਈ 10,000 ਸੁਰੱਖਿਆ ਕਰਮੀ ਤਾਇਨਾਤ ਕੀਤੇ ਗਏ ਸਨ। ਸਾਰੇ ਪ੍ਰਬੰਧ ਐਸਪੀਜੀ ਤੇ ਹੋਰਨਾਂ ਏਜੰਸੀਆਂ ਨਾਲ ਮਿਲ ਕੇ ਕੀਤੇ ਗਏ ਸਨ।’’ ਉਨ੍ਹਾਂ ਦਾਅਵਾ ਕੀਤਾ ਕਿ ਹਰਿਆਣਾ ਤੇ ਰਾਜਸਥਾਨ ਤੋਂ ਭਾਜਪਾ ਵਰਕਰਾਂ ਦੀਆਂ ਬੱਸਾਂ ਲਈ ਵਿਸ਼ੇਸ਼ ਤੌਰ ’ਤੇ ਰੂਟ ਤਿਆਰ ਕੀਤੇ ਗਏ ਸਨ ਤੇ ਪ੍ਰਧਾਨ ਮੰਤਰੀ ਨੇ ਹੁਸੈਨੀਵਾਲਾ ਜਾਣ ਲਈ ਸੜਕੀ ਰਸਤੇ ਨੂੰ ਚੁਣਿਆ।






ਸੁਰਜੇਵਾਲਾ ਨੇ ਕਿਹਾ, ‘‘ਸੜਕੀ ਰਸਤੇ ਸਫ਼ਰ ਕਰਨਾ ਪ੍ਰਧਾਨ ਮੰਤਰੀ ਦੇ ਅਸਲ ਪ੍ਰੋਗਰਾਮ ਵਿੱਚ ਸ਼ਾਮਲ ਨਹੀਂ ਸੀ। ਅਖੀਰ ਨੂੰ ਰੈਲੀ ਰੱਦ ਕਰਨ ਦਾ ਮੁੱਖ ਕਾਰਨ ਇਹ ਸੀ ਕਿ ਮੋਦੀ ਜੀ ਨੂੰ ਸੁਣਨ ਲਈ ਕੋਈ ਭੀੜ ਨਹੀਂ ਸੀ। ਦੋਸ਼ ਮੜ੍ਹਨੇ ਬੰਦ ਕਰੋ ਤੇ ਭਾਜਪਾ ਦੇ ਕਿਸਾਨ ਵਿਰੋਧੀ ਰਵੱਈਏ ਨੂੰ ਲੈ ਕੇ ਅੰਤਰਝਾਤ ਮਾਰੀ ਜਾਵੇ। ਰੈਲੀਆਂ ਕਰੋ, ਪਰ ਪਹਿਲਾਂ ਕਿਸਾਨਾਂ ਦੀ ਸੁਣੋ!’’



ਇਹ ਵੀ ਪੜ੍ਹੋ: PM's security breach: ਮੋਦੀ ਦੀ ਸੁੱਰਖਿਆ 'ਚ ਕੁਤਾਹੀ 'ਤੇ ਹੁਣ ਬੀਕੇਯੂ ਕ੍ਰਾਂਤੀਕਾਰੀ ਵੱਲੋਂ ਵੱਡਾ ਖੁਲਾਸਾ, ਕਿਹਾ ਪੰਜਾਬ ਪੁਲਿਸ ਨੇ ਕੀਤੀ ਰੂਟ ਦੀ ਜਾਣਕਾਰੀ ਲੀਕ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904