ਨਵੀਂ ਦਿੱਲੀ: ਨਾਗਰਿਕਤਾ ਕਾਨੂੰਨ ਖਿਲਾਫ਼ ਕਾਂਗਰਸ ਪਾਰਟੀ ਅੱਜ ਰਾਜਘਾਟ 'ਤੇ ਸੱਤਿਆਗ੍ਰਹਿ ਕਰ ਰਹੀ ਹੈ। ਸੱਤਿਆਗ੍ਰਹਿ ਵਿੱਚ ਪਾਰਟੀ ਦੇ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ, ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਸਾਬਕਾ ਪ੍ਰਧਾਨ ਰਾਹੁਲ ਗਾਂਧੀ, ਜਨਰਲ ਸੈਕਟਰੀ ਪ੍ਰਿਯੰਕਾ ਗਾਂਧੀ ਤੇ ਵਰਕਿੰਗ ਕਮੇਟੀ ਦੇ ਮੈਂਬਰਾਂ ਸਮੇਤ ਪਾਰਟੀ ਦੇ ਸੀਨੀਅਰ ਲੀਡਰ ਸ਼ਾਮਲ ਹੋਏ ਹਨ। ਇਸ ਮੌਕੇ ਸੋਨੀਆ ਗਾਂਧੀ, ਮਨਮੋਹਨ ਸਿੰਘ ਤੇ ਰਾਹੁਲ ਗਾਂਧੀ ਨੇ ਸੰਵਿਧਾਨ ਦੀ ਪ੍ਰਸਤਾਵਨਾ ਪੜ੍ਹੀ।

ਕਾਂਗਰਸ ਨਾਗਰਿਕਤਾ ਕਾਨੂੰਨ ਨੂੰ ਗੈਰ ਸੰਵਿਧਾਨਕ ਕਰਾਰ ਦੇ ਕੇ ਇਸ ਦਾ ਖੁੱਲ੍ਹ ਕੇ ਵਿਰੋਧ ਕਰ ਰਹੀ ਹੈ। ਪ੍ਰਿਯੰਕਾ ਗਾਂਧੀ ਨੇ ਇੱਕ ਬਿਆਨ ਜਾਰੀ ਕਰਦਿਆਂ, ਨਵੇਂ ਨਾਗਰਿਕਤਾ ਕਾਨੂੰਨ ਤੇ ਐਨਆਰਸੀ ਨੂੰ ਸੰਵਿਧਾਨ ਦੀ ਬੁਨਿਆਦੀ ਭਾਵਨਾ ਵਿਰੁੱਧ ਕਰਾਰ ਦਿੰਦੇ ਹੋਏ, ਦਾਅਵਾ ਕੀਤਾ ਕਿ ਲੋਕਾਂ ਦੀ ਆਵਾਜ਼ ਨੂੰ ਦਬਾਉਣ ਲਈ ਸਰਕਾਰ ਵੱਲੋਂ ਤਾਨਾਸ਼ਾਹੀ ਦਾ ਤਾਂਡਵ ਹੋ ਰਿਹਾ ਹੈ। ਉਨ੍ਹਾਂ ਭਾਜਪਾ ਤੇ ਦੋਸ਼ ਲਾਉਂਦੇ ਹੋਏ ਕਿਹਾ ਕੇ ਇਨ੍ਹਾਂ ਕਾਨੂੰਨਾਂ ਦੇ ਨਾਮ 'ਤੇ ਗਰੀਬ ਲੋਕਾਂ ਨੂੰ ਤਸੀਹੇ ਦਿੱਤੇ ਜਾਣਗੇ।