Corona in India: ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਕਿਹਾ ਹੈ ਕਿ ਕੋਰੋਨਾ ਦਾ ਸੰਕਟ ਅਜੇ ਖਤਮ ਨਹੀਂ ਹੋਇਆ। ਅੱਜ ਉਨ੍ਹਾਂ ਨੇ ਉੱਚ ਪੱਧਰੀ ਬੈਠਕ ਤੋਂ ਬਾਅਦ ਕਿਹਾ ਹੈ ਕਿ ''ਦੁਨੀਆ ਦੇ ਕਈ ਦੇਸ਼ਾਂ 'ਚ ਤੇਜ਼ੀ ਨਾਲ ਵਧ ਰਹੇ ਕੋਰੋਨਾ ਮਾਮਲਿਆਂ ਦੇ ਮੱਦੇਨਜ਼ਰ ਅਧਿਕਾਰੀਆਂ ਤੇ ਮਾਹਿਰਾਂ ਨਾਲ ਸਮੀਖਿਆ ਬੈਠਕ ਕੀਤੀ ਗਈ। ਕੋਰੋਨਾ ਅਜੇ ਖਤਮ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਸਾਰਿਆਂ ਨੂੰ ਚੌਕਸ ਰਹਿਣ ਤੇ ਨਿਗਰਾਨੀ ਵਧਾਉਣ ਲਈ ਲਗਾਤਾਰ ਕੰਮ ਕਰਨ ਲਈ ਕਿਹਾ ਹੈ। ਅਸੀਂ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹਾਂ।"



ਦੱਸ ਦਈਏ ਕਿ ਅੱਜ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਕਰੋਨਾ ਵਾਇਰਸ ਦੇ ਫੈਲਣ ਬਾਰੇ ਭਾਜਪਾ ਦੇ ਤਿੰਨ ਸੰਸਦ ਮੈਂਬਰਾਂ ਵੱਲੋਂ ਪ੍ਰਗਟਾਈ ਚਿੰਤਾ ਦਾ ਹਵਾਲਾ ਦਿੰਦੇ ਹੋਏ ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਅਪੀਲ ਕੀਤੀ ਕਿ ਜੇ ਕੋਵਿਡ ਪ੍ਰੋਟੋਕੋਲ ਦੀ ਪਾਲਣਾ ਨਹੀਂ ਕੀਤੀ ਜਾ ਸਕਦੀ ਹੈ ਤਾਂ ਉਹ 'ਭਾਰਤ ਛੱਡੋ' 'ਜੋੜੋ ਯਾਤਰਾ' ਨੂੰ ਮੁਅੱਤਲ ਕਰਨ 'ਤੇ ਵਿਚਾਰ ਕਰਨ। ਇਸ ਮਗਰੋਂ ਬੀਜੇਪੀ ਤੇ ਕਾਂਗਰਸ ਵਿਚਾਲੇ ਸ਼ਬਦੀ ਜੰਗ ਛਿੜ ਗਈ।



ਦਰਅਸਲ ਮੰਗਲਵਾਰ ਨੂੰ ਗਾਂਧੀ ਤੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੂੰ ਲਿਖੇ ਪੱਤਰ ਵਿੱਚ ਮਾਂਡਵੀਆ ਨੇ ਕਿਹਾ ਸੀ ਕਿ ਰਾਜਸਥਾਨ ਦੇ ਤਿੰਨ ਸੰਸਦ ਮੈਂਬਰਾਂ ਪੀਪੀ ਚੌਧਰੀ, ਨਿਹਾਲ ਚੰਦ ਤੇ ਦੇਵਜੀ ਪਟੇਲ ਨੇ ਚਿੰਤਾ ਪ੍ਰਗਟ ਕੀਤੀ ਹੈ ਤੇ ਉਨ੍ਹਾਂ ਨੇ ਮਾਰਚ ਦੌਰਾਨ ਮਾਸਕ ਤੇ ਸੈਨੀਟਾਈਜ਼ਰ ਦੀ ਵਰਤੋਂ ਨੂੰ ਯਕੀਨੀ ਬਣਾਉਣ ਸਣੇ ਕੋਵਿਡ ਪ੍ਰੋਟੋਕੋਲ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਬੇਨਤੀ ਕੀਤੀ ਹੈ ਤੇ ਸਿਰਫ ਉਨ੍ਹਾਂ ਨੂੰ ਹੀ ਮਾਰਚ ਵਿੱਚ ਹਿੱਸਾ ਲੈਣ ਦੀ ਆਗਿਆ ਦਿੱਤੀ ਜਾਣੀ ਚਾਹੀਦੀ ਹੈ ਜਿਨ੍ਹਾਂ ਨੇ ਵੈਕਸੀਨ ਦੀ ਖੁਰਾਕ ਲਈ ਹੈ।