ਦਿੱਲੀ ਆਫ਼ਤ ਪ੍ਰਬੰਧਨ ਅਥਾਰਟੀ (DDMA ) ਨੇ ਵੀਰਵਾਰ ਨੂੰ ਕੋਰੋਨਾ ਵਾਇਰਸ ਮਾਮਲਿਆਂ ਦੀ ਗਿਣਤੀ ਵਿੱਚ ਗਿਰਾਵਟ ਦੇ ਵਿਚਕਾਰ ਜਨਤਕ ਥਾਵਾਂ 'ਤੇ ਫੇਸ ਮਾਸਕ ਨਾ ਪਹਿਨਣ ਲਈ ਜੁਰਮਾਨਾ ਮੁਆਫ਼ ਕਰਨ ਦਾ ਫੈਸਲਾ ਕੀਤਾ ਹੈ। ਹੁਣ ਤੱਕ ਰਾਜਧਾਨੀ 'ਚ ਜਨਤਕ ਥਾਵਾਂ 'ਤੇ ਮਾਸਕ ਨਾ ਪਾਉਣ 'ਤੇ 500 ਰੁਪਏ ਦਾ ਜ਼ੁਰਮਾਨਾ ਲਗਾਇਆ ਜਾਂਦਾ ਸੀ। ਪਿਛਲੇ ਸਾਲ ਨਵੰਬਰ 'ਚ ਜਦੋਂ ਦਿੱਲੀ 'ਚ ਕੋਰੋਨਾ ਦੇ ਮਾਮਲਿਆਂ 'ਚ ਤੇਜ਼ੀ ਆਈ ਸੀ ਤਾਂ ਇਸ ਨੂੰ ਵਧਾ ਕੇ 2,000 ਰੁਪਏ ਕਰ ਦਿੱਤਾ ਗਿਆ ਸੀ। 

 

ਹਾਲਾਂਕਿ ਲੋਕਾਂ ਨੂੰ ਅਜੇ ਵੀ ਚਿਹਰੇ ਦੇ ਮਾਸਕ ਪਹਿਨਣ ਦੀ ਸਲਾਹ ਦਿੱਤੀ ਗਈ ਹੈ। ਇਹ ਜੁਰਮਾਨਾ ਹਟਾਉਣ ਦਾ ਫੈਸਲਾ ਡੀਡੀਐਮਏ ਦੀ ਪ੍ਰਧਾਨਗੀ ਐਲਜੀ ਅਨਿਲ ਬੈਜਲ ਦੀ ਮੀਟਿੰਗ ਵਿੱਚ ਲਿਆ ਗਿਆ। ਦੱਸ ਦੇਈਏ ਕਿ ਪਿਛਲੇ ਕੁਝ ਦਿਨਾਂ ਵਿੱਚ ਦਿੱਲੀ ਵਿੱਚ ਤਾਜ਼ੇ ਕੋਰੋਨਾ ਮਾਮਲਿਆਂ ਦੀ ਗਿਣਤੀ ਵਿੱਚ ਭਾਰੀ ਗਿਰਾਵਟ ਆਈ ਹੈ। ਦਿੱਲੀ ਵਿੱਚ ਬੁੱਧਵਾਰ ਨੂੰ 123 ਨਵੇਂ ਮਾਮਲੇ ਸਾਹਮਣੇ ਆਏ ਹਨ। ਜਦਕਿ ਇਸ ਦੌਰਾਨ ਕਿਸੇ ਮਰੀਜ਼ ਦੀ ਮੌਤ ਨਹੀਂ ਹੋਈ ਹੈ। ਸਰਕਾਰੀ ਸੂਤਰਾਂ ਨੂੰ ਡਰ ਸੀ ਕਿ ਡੀਡੀਐਮਏ ਇੱਕ ਐਡਵਾਈਜ਼ਰੀ ਜਾਰੀ ਕਰ ਸਕਦਾ ਹੈ ,ਜਿਸ ਵਿੱਚ ਲੋਕਾਂ ਨੂੰ ਭੀੜ ਵਾਲੀਆਂ ਥਾਵਾਂ 'ਤੇ ਮਾਸਕ ਪਹਿਨਣ ਲਈ ਕਿਹਾ ਜਾ ਸਕਦਾ ਹੈ।

 

ਦਿੱਲੀ ਵਿੱਚ ਕੋਰੋਨਾ ਦੀ ਸਥਿਤੀ


ਉਪ ਰਾਜਪਾਲ ਅਨਿਲ ਬੈਜਲ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਸਿਹਤ ਮੰਤਰੀ ਸਤੇਂਦਰ ਜੈਨ, ਏਮਜ਼ ਦੇ ਡਾਇਰੈਕਟਰ ਡਾ. ਰਣਦੀਪ ਗੁਲੇਰੀਆ, ਨੀਤੀ ਆਯੋਗ ਦੇ ਮੈਂਬਰ ਡਾ. ਵੀ.ਕੇ. ਪਾਲ ਅਤੇ ਸਿਹਤ ਵਿਭਾਗ ਦੇ ਕਈ ਸੀਨੀਅਰ ਅਧਿਕਾਰੀ ਮੌਜੂਦ ਸਨ। ਮੀਟਿੰਗ ਸ਼ੁਰੂ ਹੋਣ ਤੋਂ ਬਾਅਦ ਦਿੱਲੀ ਦੇ ਮੌਜੂਦਾ ਹਾਲਾਤ ਬਾਰੇ ਚਰਚਾ ਹੋਈ। ਦੱਸਿਆ ਗਿਆ ਕਿ ਇਕ ਪਾਸੇ ਰੋਜ਼ਾਨਾ ਇਨਫੈਕਸ਼ਨ ਦੀ ਦਰ ਇਕ ਫੀਸਦੀ ਤੋਂ ਹੇਠਾਂ ਚੱਲ ਰਹੀ ਹੈ। ਇਸ ਦੇ ਨਾਲ ਹੀ ਦੋ ਮਹੀਨੇ ਪਹਿਲਾਂ ਦਿੱਲੀ ਨੇ ਪਹਿਲੀ ਡੋਜ਼ ਦਾ 100% ਟੀਕਾਕਰਨ ਪੂਰਾ ਕਰ ਲਿਆ ਹੈ। ਇਸ ਤੋਂ ਇਲਾਵਾ ਦੂਜੀ ਡੋਜ਼ ਦਾ ਟੀਕਾਕਰਨ ਵੀ 90 ਫੀਸਦੀ ਤੱਕ ਮੁਕੰਮਲ ਹੋ ਚੁੱਕਾ ਹੈ।

 

BMC ਨੇ ਮਾਸਕ ਤੋਂ ਹਟਾਇਆ ਜੁਰਮਾਨਾ 


ਦੂਜੇ ਪਾਸੇ ਬ੍ਰਿਹਨਮੁੰਬਈ ਮਿਊਂਸੀਪਲ ਕਾਰਪੋਰੇਸ਼ਨ (BMC) ਨੇ ਵੀਰਵਾਰ ਨੂੰ ਕਿਹਾ ਕਿ 1 ਅਪ੍ਰੈਲ ਤੋਂ ਜਨਤਕ ਥਾਵਾਂ 'ਤੇ ਮਾਸਕ ਨਾ ਪਾਉਣ 'ਤੇ ਕੋਈ ਜੁਰਮਾਨਾ ਨਹੀਂ ਲੱਗੇਗਾ। ਹਾਲਾਂਕਿ, ਬੀਐਮਸੀ ਨੇ ਲੋਕਾਂ ਨੂੰ ਆਪਣੀ ਮਰਜ਼ੀ ਨਾਲ ਮਾਸਕ ਪਹਿਨਣ ਦੀ ਅਪੀਲ ਕੀਤੀ ਕਿਉਂਕਿ ਕੋਵਿਡ-19 ਮਹਾਂਮਾਰੀ ਅਜੇ ਖ਼ਤਮ ਨਹੀਂ ਹੋਈ ਹੈ। ਬੀਐਮਸੀ ਨੇ ਇੱਕ ਰਿਲੀਜ਼ ਵਿੱਚ ਕਿਹਾ ਕਿ ਵੱਡੇ ਮੁੰਬਈ ਖੇਤਰ ਵਿੱਚ (1 ਅਪ੍ਰੈਲ ਤੋਂ) ਜੇਕਰ ਲੋਕ ਮਾਸਕ ਨਹੀਂ ਪਹਿਨਦੇ ਹਨ ਤਾਂ 200 ਰੁਪਏ ਦਾ ਕੋਈ ਜੁਰਮਾਨਾ ਨਹੀਂ ਹੋਵੇਗਾ।