ਨਵੀਂ ਦਿੱਲੀ: ਦੇਸ਼ ਵਿੱਚ ਓਮੀਕਰੋਨ ਦੇ ਖਤਰੇ ਵਿਚਕਾਰ ਕੋਰੋਨਾ ਦੇ ਨਵੇਂ ਮਾਮਲਿਆਂ ਵਿੱਚ ਉਤਰਾਅ-ਚੜ੍ਹਾਅ ਜਾਰੀ ਹੈ। ਸਿਹਤ ਵਿਭਾਗ ਵੱਲੋਂ ਜਾਰੀ ਕੀਤੇ ਅੰਕੜੇ ਕਦੇ ਲੋਕਾਂ ਨੂੰ ਡਰਾ ਰਹੇ ਹਨ ਤੇ ਕਦੇ ਮਾਮੂਲੀ ਰਾਹਤ ਵੀ ਦੇ ਰਹੇ ਹਨ। ਬੁੱਧਵਾਰ ਨੂੰ ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਦੇ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਦੇਸ਼ ਵਿੱਚ ਕੋਰੋਨਾ ਦੇ 6,317 ਨਵੇਂ ਮਾਮਲੇ ਸਾਹਮਣੇ ਆਏ ਹਨ ਤੇ 6,906 ਲੋਕਾਂ ਨੂੰ ਹਸਪਤਾਲ 'ਚੋਂ ਛੁੱਟੀ ਦਿੱਤੀ ਗਈ ਹੈ ਜਦੋਂਕਿ ਮੰਗਲਵਾਰ ਨੂੰ 5,326 ਤੇ ਸੋਮਵਾਰ ਨੂੰ 6,563 ਮਰੀਜ਼ ਸਾਹਮਣੇ ਆਏ ਸਨ।
24 ਘੰਟਿਆਂ ਵਿੱਚ 318 ਲੋਕਾਂ ਨੇ ਕੋਰੋਨਾ ਕਾਰਨ ਤੋੜਿਆ ਦਮ
ਸਿਹਤ ਮੰਤਰਾਲੇ ਦੇ ਅਨੁਸਾਰ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਕਾਰਨ 318 ਲੋਕਾਂ ਦੀ ਮੌਤ ਹੋ ਗਈ ਹੈ। ਉਥੇ ਹੀ ਮੰਗਲਵਾਰ ਨੂੰ ਕੋਰੋਨਾ ਇਨਫੈਕਸ਼ਨ ਕਾਰਨ ਮਰਨ ਵਾਲਿਆਂ ਦੀ ਗਿਣਤੀ 453 ਦਰਜ ਕੀਤੀ ਗਈ ਸੀ। ਇਸ ਦੇ ਨਾਲ ਹੀ 575 ਦਿਨਾਂ ਬਾਅਦ ਸਭ ਤੋਂ ਘੱਟ ਸਰਗਰਮ ਕੋਰੋਨਾ ਮਰੀਜ਼ ਰਹਿ ਗਏ ਹਨ। ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਦੇਸ਼ ਵਿੱਚ ਹੁਣ 78,190 ਸਰਗਰਮ ਕੋਰੋਨਾ ਮਰੀਜ਼ ਹਨ, ਜੋ ਕਿ 575 ਦਿਨਾਂ ਬਾਅਦ ਸਭ ਤੋਂ ਘੱਟ ਹੈ।
57 ਲੱਖ ਤੋਂ ਵੱਧ ਲੋਕਾਂ ਨੂੰ ਲੱਗੀ ਵੈਕਸੀਨ
ਦੇਸ਼ ਵਿੱਚ ਪਿਛਲੇ 24 ਘੰਟਿਆਂ ਦੌਰਾਨ 57 ਲੱਖ ਤੋਂ ਵੱਧ ਲੋਕਾਂ ਨੂੰ ਕੋਰੋਨਾ ਵੈਕਸੀਨ ਦੀ ਡੋਜ਼ ਦਿੱਤੀ ਗਈ ਹੈ। ਇਸ ਤੋਂ ਬਾਅਦ ਦੇਸ਼ ਵਿੱਚ ਟੀਕਾਕਰਣ ਦੀ ਕੁੱਲ ਗਿਣਤੀ 1,38,95,90,670 ਹੋ ਗਈ ਹੈ। ਇਸ ਦੇ ਨਾਲ ਹੀ ਦੇਸ਼ ਵਿੱਚ ਹੁਣ ਤੱਕ 34201966 ਲੋਕ ਕੋਰੋਨਾ ਤੋਂ ਠੀਕ ਹੋ ਚੁੱਕੇ ਹਨ। ਇਸ ਦੇ ਨਾਲ ਹੀ ਮੌਤਾਂ ਦੀ ਕੁੱਲ ਗਿਣਤੀ 478325 ਤੱਕ ਪਹੁੰਚ ਗਈ ਹੈ।
ਦੇਸ਼ ਵਿੱਚ ਹੁਣ ਤੱਕ ਓਮੀਕਰੋਨ ਦੇ 216 ਮਾਮਲੇ ਸਾਹਮਣੇ ਆ ਚੁੱਕੇ ਹਨ। ਕੇਂਦਰ ਸਰਕਾਰ ਨੇ ਓਮੀਕਰੋਨ ਦੇ ਵਧਦੇ ਮਾਮਲਿਆਂ 'ਤੇ ਚਿੰਤਾ ਜ਼ਾਹਰ ਕੀਤੀ ਹੈ। ਇਸ ਦੌਰਾਨ ਕੇਂਦਰੀ ਸਿਹਤ ਸਕੱਤਰ ਨੇ ਸੂਬਿਆਂ ਦੇ ਮੁੱਖ ਸਕੱਤਰਾਂ ਨੂੰ ਪੱਤਰ ਲਿਖ ਕੇ ਓਮੀਕਰੋਨ ਦੀ ਰੋਕਥਾਮ ਲਈ ਕਦਮ ਚੁੱਕਣ ਲਈ ਕਿਹਾ ਹੈ। ਪੱਤਰ ਵਿੱਚ ਕਿਹਾ ਗਿਆ ਹੈ ਕਿ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਕੋਰੋਨਾ ਦੇ ਮਾਮਲਿਆਂ ਵਿੱਚ ਵਾਧਾ ਹੋਇਆ ਹੈ। ਨਾਲ ਹੀ ਕੋਰੋਨਾ ਦੇ ਨਵੇਂ ਵੈਰੀਐਂਟ ਯਾਨੀ ਓਮੀਕਰੋਨ ਦੇ ਮਾਮਲਿਆਂ ਦੇ ਮੱਦੇਨਜ਼ਰ ਠੋਸ ਕਦਮ ਚੁੱਕਣ ਦੀ ਲੋੜ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id81111490