ਨਵੀਂ ਦਿੱਲੀ: ਦੇਸ਼ 'ਚ ਕੋਰੋਨਾ ਦੇ ਮਾਮਲੇ ਘੱਟ ਹੋਣ ਦਾ ਨਾਂ ਨਹੀਂ ਲੈ ਰਹੇ ਹਨ। ਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 11,578 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ 25 ਮਰੀਜ਼ਾਂ ਦੀ ਮੌਤ ਹੋ ਗਈ ਹੈ। ਸਿਰਫ ਪੰਜ ਦਿਨਾਂ ਵਿੱਚ ਨਵੇਂ ਮਾਮਲਿਆਂ ਵਿੱਚ 70,265 ਦਾ ਵਾਧਾ ਹੋਇਆ ਹੈ। ਇਨ੍ਹਾਂ ਨਵੇਂ ਮਾਮਲਿਆਂ ਦੇ ਨਾਲ ਦੇਸ਼ ਵਿੱਚ ਕੋਰੋਨਾ ਦੇ ਐਕਟਿਵ ਕੇਸ ਵਧ ਕੇ 91,061 ਹੋ ਗਏ ਹਨ।



ਇਸ ਤੋਂ ਇੱਕ ਦਿਨ ਪਹਿਲਾਂ ਦੇਸ਼ ਵਿੱਚ 15,940 ਨਵੇਂ ਮਾਮਲੇ ਸਾਹਮਣੇ ਆਏ ਸਨ ਅਤੇ 20 ਮਰੀਜ਼ਾਂ ਦੀ ਮੌਤ ਹੋ ਗਈ ਸੀ। ਇਸ ਦੇ ਨਾਲ ਹੀ ਦੇਸ਼ ਵਿੱਚ ਕੋਰੋਨਾ ਸਕਾਰਾਤਮਕਤਾ ਦਰ 4.39% ਦਰਜ ਕੀਤੀ ਗਈ ਸੀ। ਵੀਰਵਾਰ ਨੂੰ, 17,336 ਨਵੇਂ ਮਾਮਲੇ ਸਾਹਮਣੇ ਆਏ ਅਤੇ 13 ਲੋਕਾਂ ਦੀ ਮੌਤ ਹੋ ਗਈ ਸੀ।

ਰੋਹਿਤ ਸ਼ਰਮਾ ਆਏ ਕੋਰੋਨਾ ਪਾਜ਼ੀਟਿਵ
ਇਸ ਦੌਰਾਨ ਟੀਮ ਇੰਡੀਆ ਦੇ ਕਪਤਾਨ ਰੋਹਿਤ ਸ਼ਰਮਾ ਵੀ ਕੋਰੋਨਾ ਸੰਕਰਮਿਤ ਹੋ ਗਏ ਹਨ। ਭਾਰਤੀ ਕ੍ਰਿਕਟ ਕੰਟਰੋਲ ਬੋਰਡ ਨੇ ਇਕ ਬਿਆਨ ਜਾਰੀ ਕਰਕੇ ਇਸ ਦੀ ਪੁਸ਼ਟੀ ਕੀਤੀ ਹੈ। ਬਿਆਨ ਵਿੱਚ ਕਿਹਾ ਗਿਆ ਹੈ ਕਿ ਰੋਹਿਤ ਸ਼ਰਮਾ ਦਾ ਰੈਪਿਡ ਐਂਟੀਜੇਨ ਟੈਸਟ ਸ਼ਨੀਵਾਰ ਨੂੰ ਕੀਤਾ ਗਿਆ ਸੀ। ਫਿਲਹਾਲ ਉਹ ਟੀਮ ਹੋਟਲ 'ਚ ਆਈਸੋਲੇਸ਼ਨ 'ਚ ਹੈ ਅਤੇ ਬੀਸੀਸੀਆਈ ਦੀ ਮੈਡੀਕਲ ਟੀਮ ਦੇਖ-ਰੇਖ ਕਰ ਰਹੀ ਹੈ।

ਕੇਰਲ ਵਿੱਚ ਸਕਾਰਾਤਮਕਤਾ ਦਰ 17% ਤੋਂ ਪਾਰ
ਜੇਕਰ ਰਾਜਾਂ ਵਿਚ ਕੋਰੋਨਾ ਦੀ ਸਥਿਤੀ 'ਤੇ ਨਜ਼ਰ ਮਾਰੀਏ ਤਾਂ ਕੇਰਲ ਵਿਚ ਸਥਿਤੀ ਵਿਗੜਦੀ ਜਾ ਰਹੀ ਹੈ। ਪਿਛਲੇ 24 ਘੰਟਿਆਂ ਵਿੱਚ ਇੱਥੇ ਕੋਰੋਨਾ ਦੇ 4,098 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 10 ਮਰੀਜ਼ਾਂ ਦੀ ਮੌਤ ਹੋ ਗਈ ਹੈ। ਕੇਰਲ ਵਿੱਚ ਕੋਰੋਨਾ ਸਕਾਰਾਤਮਕਤਾ ਦਰ ਵਧ ਕੇ 17.39% ਹੋ ਗਈ ਹੈ। ਮਹਾਰਾਸ਼ਟਰ ਵਿੱਚ ਪਿਛਲੇ ਦਿਨ 1,728 ਨਵੇਂ ਕੇਸ ਸਾਹਮਣੇ ਆਏ ਅਤੇ 4 ਮਰੀਜ਼ਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਰਾਜਧਾਨੀ ਦਿੱਲੀ ਵਿੱਚ 666 ਅਤੇ ਯੂਪੀ ਵਿੱਚ 579 ਨਵੇਂ ਮਰੀਜ਼ ਮਿਲੇ ਹਨ।