ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 5-6 ਮੈਂਬਰਾਂ ਦੇ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋਣ ’ਤੇ ਤਿੱਖਾ ਪ੍ਰਤੀਕਰਮ ਦਿੱਤਾ ਹੈ।
ਇੱਥੇ ਜਾਰੀ ਇੱਕ ਬਿਆਨ ਵਿੱਚ ਸਰਨਾ ਨੇ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ ਇਹ ਚਰਚਾ ਚੱਲ ਰਹੀ ਸੀ ਕਿ ਦਿੱਲੀ ਕਮੇਟੀ ਦੇ ਸਭ ਤੋਂ ਭ੍ਰਿਸ਼ਟ ਮੈਂਬਰਾਂ ਨੂੰ ਭਾਜਪਾ ਵਿੱਚ ਸ਼ਾਮਲ ਕਰਨ ਦੀ ਯੋਜਨਾ ਬਣਾਈ ਜਾ ਰਹੀ ਹੈ ਅਤੇ ਰਸਮੀ ਤੌਰ ’ਤੇ ਇਹ ਲੋਕ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ’ਤੇ ਚੁਣੇ ਗਏ ਇਨ੍ਹਾਂ ਮੈਂਬਰਾਂ ਨੇ ਪਹਿਲਾਂ ਪਾਰਟੀ ਨਾਲ ਧੋਖਾ ਕੀਤਾ ਅਤੇ ਹੁਣ ਭਾਜਪਾ ’ਚ ਸ਼ਾਮਲ ਹੋ ਗਏ ਹਨ। ਇਨ੍ਹਾਂ ਮੌਕਾਪ੍ਰਸਤਾਂ ਦੀ ਦੁਰਦਸ਼ਾ ਇਸ ਗੱਲ ਤੋਂ ਜ਼ਾਹਰ ਹੁੰਦੀ ਹੈ ਕਿ ਦਿੱਲੀ ਦੀ ਸਿੱਖ ਸੰਗਤ ਇਨ੍ਹਾਂ ਦੇ ਨਾਲ ਬਿਲਕੁਲ ਨਹੀਂ ਹੈ, ਇਸ ਲਈ ਮੀਟਿੰਗ ਵਿੱਚ ਭੀੜ ਇਕੱਠੀ ਕਰਨ ਲਈ ਦਿੱਲੀ ਗੁਰਦੁਆਰਾ ਕਮੇਟੀ ਅਧੀਨ ਚੱਲ ਰਹੇ ਕਾਲਜਾਂ ਅਤੇ ਹੋਰ ਅਦਾਰਿਆਂ ਦੇ ਮੁਲਾਜ਼ਮਾਂ ਅਤੇ ਕਰਮਚਾਰੀਆਂ ਨੂੰ ਜਬਰੀ ਲਿਆਂਦਾ ਗਿਆ।
ਉਨ੍ਹਾਂ ਕਿਹਾ ਕਿ ਅੱਜਕਲ ਇਹ ਪਰੰਪਰਾ ਚੱਲ ਰਹੀ ਹੈ ਕਿ ਭਾਜਪਾ ਦੀ ਵਾਸ਼ਿੰਗ ਮਸ਼ੀਨ ਵਿੱਚ ਕਈ ਭ੍ਰਿਸ਼ਟ ਲੋਕ ਆਪਣੇ ਦਾਗ ਧੋ ਰਹੇ ਹਨ। ਇਸੇ ਤਰ੍ਹਾਂ ਹੁਣ ਦਿੱਲੀ ਕਮੇਟੀ ਦੇ ਭ੍ਰਿਸ਼ਟ ਮੈਂਬਰ ਵੀ ਭਾਜਪਾ ਵਿਚ ਸ਼ਾਮਲ ਹੋ ਗਏ ਹਨ। ਭਾਜਪਾ ਜਿਸ ਤਰ੍ਹਾਂ ਗੁਰੂ ਘਰਾਂ ’ਤੇ ਕਬਜ਼ਾ ਕਰਨ ਦੀ ਲਗਾਤਾਰ ਕੋਸ਼ਿਸ਼ ਕਰ ਰਹੀ ਹੈ, ਉਹ ਠੀਕ ਨਹੀਂ, ਪਹਿਲਾਂ ਪਟਨਾ ਸਾਹਿਬ ਅਤੇ ਹਜ਼ੂਰ ਸਾਹਿਬ ਕਮੇਟੀ ’ਚ ਦਖਲ ਦੇਣ ਦੀ ਕੋਸ਼ਿਸ਼ ਕੀਤੀ ਗਈ ਅਤੇ ਹੁਣ ਦਿੱਲੀ ਕਮੇਟੀ ਵੀ ਭਾਜਪਾ ਦੇ ਅਸਿੱਧੇ ਪ੍ਰਭਾਵ ਹੇਠ ਹੈ। ਭਾਜਪਾ ਨੂੰ ਇਹ ਸਮਝ ਲੈਣਾ ਚਾਹੀਦਾ ਹੈ ਕਿ ਅਜਿਹਾ ਕਰਕੇ ਸਿੱਖ ਕੌਮ ਵਿਚ ਉਸ ਦਾ ਅਕਸ ਹੋਰ ਖਰਾਬ ਹੋਇਆ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।